ਹਰਿੰਦਰ ਨਿੱਕਾ
- ਸਮਾਜਿਕ ਦੂਰੀ, ਮਾਸਕ ਤੇ ਸੈਨੇਟਾਈਜ਼ਰ ਦੇ ਨਿਯਮਾਂ ਦੀ ਵਰਤੋਂ ’ਤੇ ਦਿੱਤਾ ਜ਼ੋਰ
ਸੰਗਰੂਰ, 24 ਅਪ੍ਰੈਲ 2020 - ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਵੀ ਭਗਤ ਵੱਲੋਂ ਅੱਜ ਜ਼ਿਲ੍ਹਾ ਸੰਗਰੂਰ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸੰਗਰੂਰ, ਲੁਧਿਆਣਾ ਤੇ ਮੋਗਾ ਵਿੱਚ ਕਣਕ ਦੀ ਖਰੀਦ ਦੀ ਨਿਗਰਾਨੀ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਕਣਕ ਦੀ ਆਮਦ ਤੇ ਖਰੀਦ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਨੇ ਮੰਡੀ ਬੋਰਡ ਜ਼ਰੀਏ 27000 ਲੀਟਰ ਸੈਨੇਟਾਈਜ਼ਰ ਦੀ ਵੰਡ ਮੰਡੀਆਂ ’ਚ ਕੀਤੀ ਹੈ ਅਤੇ ਇਸ ਨਾਲ ਮਾਸਕ ਵੀ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਮਾਜਿਕ ਦੂਰੀ ਨੂੰ ਵੀ ਬਰਕਰਾਰ ਰੱਖਣ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਗਏ ਹਨ।
ਸ਼੍ਰੀ ਰਵੀ ਭਗਤ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਫੈਲੇ ਨੋਵੇਲ ਕੋਰੋਨਾ ਵਾਇਰਸ ਦੇ ਕਹਿਰ ਦੀ ਔਖੀ ਘੜੀ ਵਿੱਚ ਪੰਜਾਬ ਸਰਕਾਰ ਆਮ ਜਨਤਾ ਦੇ ਨਾਲ ਨਾਲ ਕਿਸਾਨਾਂ ਨਾਲ ਵੀ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਕਣਕ ਦੀ ਖਰੀਦ ਨਿਰਵਿਘਨ ਚਾਲੁ ਰੱਖਣ ਅਤੇ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 4000 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਸ਼੍ਰੀ ਰਵੀ ਭਗਤ ਨੇ ਕਿਹਾ ਕਿ ਆੜ੍ਹਤੀਆਂ ਨੂੰ ਪਿਛਲੇ ਸਾਲ ਉਨ੍ਹਾਂ ਦੇ ਖਾਤਿਆਂ ਵਿੱਚ ਰਜਿਸਟਰਡ ਕਿਸਾਨਾਂ ਦੇ ਡਾਟੇ ’ਤੇ ਅਧਾਰਿਤ ਪਾਸ ਜਾਰੀ ਕੀਤੇ ਗਏ ਹਨ। ਕਿਸਾਨਾਂ ਨੂੰ ਇਨ੍ਹਾਂ ਪਾਸਾਂ ’ਤੇ ਹੀ, ਜੋ ਕਿ ਪ੍ਰਤੀ ਟਰਾਲੀ ਜਾਰੀ ਕੀਤੇ ਜਾਂਦੇ ਹਨ, ਮੰਡੀਆਂ ਵਿਚ ਦਾਖਲ ਹੋਣ ਦੀ ਆਗਿਆ ਹੈ। ਹੁਣ ਤੱਕ ਮੰਡੀ ਬੋਰਡ ਵੱਲੋਂ 4.5 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪਾਸ ਜਾਰੀ ਕਰਨ ਦੀ ਵਿਧੀ ਨੂੰ ਤਰਕਸੰਗਤ ਕੀਤਾ ਗਿਆ ਹੈ । ਇਸ ਸਮੇਂ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਕੇ ਇਸ ਇਨਫੇੈਕਸ਼ਨ ਨੂੰ ਰੋਕਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।
ਇਸ ਦੌਰਾਨ ਸਕੱਤਰ ਵੱਲੋਂ ਅਨਾਜ ਮੰਡੀ ਧੂਰੀ, ਸੰਗਰੂਰ, ਭਵਾਨੀਗੜ੍ਹ ਆਦਿ ਮੰਡੀਆਂ ਦਾ ਦੌਰਾ ਕਰਕੇ ਸਮਾਜਿਕ ਦੂਰੀ ਨੂੰ ਕਾਇਮ ਰੱਖਣ ਲਈ ਜ਼ੋਰ ਦਿੱਤਾ ਗਿਆ। ਇਸ ਮੌਕੇ ਵੱਖ ਵੱਖ ਅਧਿਕਾਰੀ ਵੀ ਮੌਜੂਦ ਸਨ।