- ਪੀ.ਆਰ.ਟੀ.ਸੀ. ਦੀਆਂ ਬੱਸਾਂ ਨਾਲ ਜਾ ਰਹੇ ਮੁਲਾਜ਼ਮਾਂ ਦੀ ਸਹੂਲਤਾਂ ਦਾ ਰੱਖਿਆ ਜਾ ਰਿਹਾ ਹੈ ਧਿਆਨ : ਚੇਅਰਮੈਨ
ਪਟਿਆਲਾ, 28 ਅਪ੍ਰੈਲ 2020 - ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਲੈਣ ਲਈ ਪਟਿਆਲਾ ਤੋਂ 32 ਬੱਸਾਂ ਦਾ ਕਾਫ਼ਲਾ ਰਵਾਨਾ ਹੋਇਆ ਸੀ ਜਿਸ ਵਿਚੋਂ ਇਕ ਡਰਾਈਵਰ ਮਨਜੀਤ ਸਿੰਘ ਦੀ ਰਸਤੇ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘਾ ਦੁੱਖ ਜ਼ਾਹਰ ਕਰਦਿਆ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ।
ਪੀ.ਆਰ.ਟੀ.ਸੀ. ਦੇ ਚੇਅਰਮੈਨ ਨੇ ਕਿਹਾ ਕਿ ਡਰਾਈਵਰ ਮਨਜੀਤ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਜਿਥੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਪੀ.ਆਰ.ਟੀ.ਸੀ. ਨੂੰ ਵੀ ਇਕ ਮਿਹਨਤੀ ਮੁਲਾਜ਼ਮ ਦੀ ਬੇਵਕਤ ਮੌਤ ਦਾ ਦੁੱਖ ਹੈ। ਉਨ੍ਹਾਂ ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਕਰਫਿਊ ਦੌਰਾਨ ਵੱਖ-ਵੱਖ ਸੂਬਿਆਂ 'ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਜਿਥੇ ਵੀ ਪੀ.ਆਰ.ਟੀ.ਸੀ. ਦੀਆਂ ਬੱਸਾਂ ਜਾ ਰਹੀਆਂ ਹਨ ਉਥੇ ਨਾਲ ਜਾ ਰਹੇ ਸਟਾਫ਼ ਦੇ ਰਹਿਣ, ਖਾਣ, ਦਵਾਈਆਂ ਅਤੇ ਮੈਡੀਕਲ ਚੈਕਅੱਪ ਕਰਵਾਉਣ ਲਈ ਸਰਕਾਰ ਵੱਲੋਂ ਖਾਸ ਪ੍ਰਬੰਧ ਕੀਤੇ ਗਏ ਹਨ।