ਰਜਨੀਸ਼ ਸਰੀਨ
- ਕੋਰੋਨਾ ਪੀੜਤ ਆਏ ਸ਼ਰਧਾਲੂਆਂ ਨੂੰ ਬੇਗਾਨਗੀ ਦਾ ਅਹਿਸਾਸ ਨਾ ਕਰਵਾਇਆ ਜਾਵੇ
- ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਦੇਖ-ਰੇਖ ਹੇਠ ਗੁਰੂ ਘਰਾਂ ’ਚ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਅੰਮ੍ਰਿਤਸਰ, 30 ਅਪ੍ਰੈਲ 2020 - ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਿਆਂ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ। ਰਿਹਾਇਸ਼ ਲਈ ਸਰਾਂਵਾਂ ਤਿਆਰ ਹਨ ਅਤੇ ਲੰਗਰ ਵਿਵਸਥਾ ਵੀ ਕੀਤੀ ਗਈ ਹੈ। ਇਸ ਸਬੰਧ ਵਿਚ ਸਾਰੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ।
ਉਨ੍ਹਾਂ ਆਖਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਤੇ ਪ੍ਰਸ਼ਾਸਨ ਦੇ ਨਾਲ ਹੈ ਅਤੇ ਇਸ ਬਿਮਾਰੀ ਨਾਲ ਨਜਿੱਠਣ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਸ੍ਰੀ ਹਜ਼ੂਰ ਸਾਹਿਬ ਤੋਂ ਪੁੱਜੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼, ਲੰਗਰ ਤੇ ਹੋਰ ਜ਼ਰੂਰੀ ਲੋੜਾਂ ਅਨੁਸਾਰ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਸਮੇਤ ਜਿਹੜੇ ਵੀ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ਵਿਚ ਇਕਾਂਤਵਾਸ ਕਰੇਗੀ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਭਾਈ ਲੌਂਗੋਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੁਝ ਲੋਕ ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਤੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬਾਨ ਵਿਚ ਰੱਖੇ ਗਏ ਹਨ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਜਿਥੇ ਵੀ ਗੁਰੂ ਘਰ ਹਨ, ਹਰ ਥਾਂ ਬਿਹਤਰ ਪ੍ਰਬੰਧ ਹਨ। ਭਾਈ ਲੌਂਗੋਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਰਧਾਲਅੂਾਂ ਨੂੰ ਨਿੱਜੀ ਡੇਰਿਆਂ ਵਿਚ ਭੇਜਣ ਦੀ ਥਾਂ ਗੁਰੂ ਘਰਾਂ ਵਿਚ ਰੱਖਿਆ ਜਾਵੇ। ਉਨ੍ਹਾਂ ਕਿਹਾ ਸਰਾਂਵਾਂ ਨੂੰ ਬਿਲਕੁਲ ਆਵਾਜਾਈ ਮੁਕਤ ਰੱਖਿਆ ਜਾਵੇਗਾ ਅਤੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਨਿਗਰਾਨੀ ਵਿਚ ਲੋੜੀਂਦੀਆਂ ਸੇਵਾਵਾਂ ਸ਼੍ਰੋਮਣੀ ਕਮੇਟੀ ਦੇਵੇਗੀ। ਗੁਰੂ ਘਰਾਂ ਅੰਦਰ ਰੱਖੇ ਜਾਣ ਵਾਲੇ ਲੋਕਾਂ ਦੇ ਇਲਾਜ ਲਈ ਮੌਜੂਦ ਰਹਿਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਸਭ ਦੇ ਯਤਨ ਸਵਾਗਤਯੋਗ ਹਨ ਅਤੇ ਇਨ੍ਹਾਂ ਆਪਣੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਵੀ ਸਾਂਝੇ ਯਤਨਾ ਦੀ ਲੋੜ ਹੈ। ਕੁਝ ਸ਼ਰਧਾਲੂਆਂ ਦੇ ਕੋਰੋਨਾ ਪੀੜਤ ਪਾਏ ਜਾਣ ’ਤੇ ਨਕਾਰਾਤਮਿਕ ਟਿੱਪਣੀਆਂ ਨੂੰ ਵੀ ਭਾਈ ਲੌਂਗੋਵਾਲ ਨੇ ਮੰਗਭਾਗਾ ਆਖਿਆ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਬੇਗਾਨਗੀ ਵਾਲਾ ਅਹਿਸਾਸ ਨਾ ਕਰਵਾਇਆ ਜਾਵੇ ਸਗੋਂ ਬੀਮਾਰੀ ਦੀ ਲਪੇਟ ਵਿਚ ਆਏ ਹਰ ਵਿਅਕਤੀ ਦਾ ਹੌਸਲਾ ਵਧਾਇਆ ਜਾਵੇ।