ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਰਾਂ ਵਿਖੇ ਇਕਾਂਤਵਾਸ ਲਈ ਮੁਹੱਈਆ ਕਰਵਾਈ ਕਮਰਿਆਂ ਦਾ ਦ੍ਰਿ਼ਸ਼
ਤਿੰਨ ਟਾਈਮ ਮੁਹੱਈਆ ਕਰਵਾਇਆ ਜਾ ਰਿਹਾ ਹੈ ਖਾਣਾ ਤੇ ਚਾਹ
ਰਾਤ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ ਦੁੱਧ
ਫ਼ਤਹਿਗੜ੍ਹ ਸਾਹਿਬ, 03 ਅਪ੍ਰੈਲ 2020 - ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਰਾਂ ਵਿਖੇ ਇਕਾਂਤਵਾਸ ਵਿੱਚ ਰਹਿ ਰਹੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੇ ਇਕਾਂਤਵਾਸ ਵਿੱਚ ਉਨ੍ਹਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਹਜ਼ੂਰ ਸਾਹਿਬ ਤੋਂ ਲੈ ਕੇ ਆਉਣ ਅਤੇ ਇਥੇ ਸੁਚੱਜੇ ਢੰਗ ਨਾਲ ਇਕਾਂਤਵਾਸ ਵਿੱਚ ਰੱਖਣ ਲਈ ਧੰਨਵਾਦ ਕੀਤਾ ਹੈ।
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਰਾਂ ਵਿਖੇ ਇਕਾਂਤਵਾਸ ਵਿੱਚ ਰਹਿ ਰਹੇ ਸ਼ਰਧਾਲੂਆਂ ਵਿੱਚੋਂ ਇਕ ਪਿੰਡ ਬਰਕਤਪੁਰ ਦੇ ਪਰਮਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਤਿੰਨ ਟਾਈਮ ਖਾਣਾ ਤੇ ਤਿੰਨ ਟਾਈਮ ਚਾਹ ਦਿੱਤੀ ਜਾਂਦੀ ਹੈ। ਇਸ ਦੇ ਨਾਲ ਨਾਲ ਰਾਤ ਨੂੰ ਦੁੱਧ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਜਿਸ ਦਿਨ ਉਹ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਨ, ਉਸੇ ਦਿਨ ਹੀ ਉਨ੍ਹਾਂ ਨੂੰ ਮਾਸਕ, ਸਾਬਣ, ਟੁੱਥ ਬਰਸ਼, ਪੇਸਟ ਆਦਿ ਨਾਲ ਲੈਸ ਇੱਕ ਕਿੱਟ ਮੁਹੱਈਆ ਕਰਵਾ ਦਿੱਤੀ ਗਈ ਸੀ।ਇਨ੍ਹਾਂ ਪ੍ਰਬੰਧਾਂ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਧੰਨਵਾਦੀ ਹਨ।
ਇਸੇ ਤਰ੍ਹਾਂ ਪਿੰਡ ਰਿਉਣਾ ਨੀਵਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਨੇ ਪ੍ਰਬੰਧਾਂ ਉਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਬਹੁਤ ਹੀ ਸਾਫ਼ ਸੁਥਰੇ ਮਾਹੌਲ ਵਿੱਚ ਇਕਾਂਤਵਾਸ ਕੀਤਾ ਗਿਆ ਹੈ ਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਨੂੰ ਇਕਾਂਤਵਾਸ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਜਿਹੜੀਆਂ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ, ਉਹ ਉਨ੍ਹਾਂ ਦੀ ਇਨ ਬਿਨ ਪਾਲਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਤੱਕ ਵਾਰ ਵਾਰ ਪਹੁੰਚ ਕਰ ਕੇ ਇਹ ਪਤਾ ਕੀਤਾ ਜਾਂਦਾ ਹੈ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਹੋਰ ਲੋੜ ਤਾਂ ਨਹੀਂ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਅੰਮ੍ਰਿਤ ਕੌਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸਰਾਂ ਸਮੇਤ ਜਿੰਨੀਆਂ ਵੀ ਥਾਵਾਂ ਉਤੇ ਇਕਾਂਤਵਾਸ ਕੇਂਦਰ ਬਣਾਏ ਗਏ ਹਨ, ਉਨ੍ਹਾਂ ਸਾਰਿਆਂ ਵਿੱਚ ਹੀ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਇਕਾਂਤਵਾਸ ਵਿੱਚ ਰਹਿਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।