ਦਿਨੇਸ਼
ਗੁਰਦਾਸਪੁਰ, 7 ਮਈ 2020- ਪੰਜਾਬ ਸਰਕਾਰ ਵੱਲੋਂ ਭਾਵੇਂ ਵੀਰਵਾਰ ਤੋਂ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਵਿੱਕਰੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਸਨ। ਪਰ ਇਸ ਦੇ ਬਾਵਜੂਦ ਗੁਰਦਾਸਪੁਰ ਵਿਖੇ ਸਰਕਾਰ ਤੋਂ ਨਾਰਾਜ਼ ਠੇਕੇਦਾਰਾਂ ਨੇ ਆਪਣੀਆਂ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਠੇਕਿਆਂ ਸਬੰਧੀ ਆਪਣੀ ਨੀਤੀ ਸਾਫ਼ ਕਰੇ ਤਾਂ ਜੋ ਠੇਕੇਦਾਰ ਆਪਣੇ ਫ਼ਾਇਦੇ ਨੁਕਸਾਨ ਬਾਰੇ ਵਿਚਾਰ ਕਰ ਸਕਣ।
ਸ਼ਰਾਬ ਠੇਕੇਦਾਰਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਜ਼ਿਆਦਾਤਰ ਠੇਕੇ ਰੀਨਿਊ ਹਨ। ਇਸ ਲਈ ਸ਼ਰਾਬ ਦੇ ਠੇਕੇਦਾਰਾਂ ਨੂੰ ਹੁਣ ਤੱਕ ਫ਼ੀਸ ਵਸੂਲੀ ਸਬੰਧੀ ਪੂਰੀ ਜਾਣਕਾਰੀ ਨਹੀਂ। ਇਸ ਦੇ ਨਾਲ ਹੀ ਸਾਲ 2019-20 ਦੇ ਕਰਫ਼ਿਊ ਦੌਰਾਨ ਸ਼ਰਾਬ ਠੇਕੇਦਾਰਾਂ ਨੂੰ ਹੋਏ ਮਾਲੀ ਨੁਕਸਾਨ ਦਾ ਮਸਲਾ ਵੀ ਸਰਕਾਰ ਕੋਲ ਵਿਚਾਰ ਅਧੀਨ ਹੈ। ਦੂਜੇ ਪਾਸੇ ਸਰਕਾਰ ਵੱਲੋਂ ਠੇਕੇ ਖੋਲ੍ਹਣ ਦੇ ਸਮੇਂ 'ਚ ਭਾਰੀ ਕਟੌਤੀ ਕਰ ਦਿੱਤੀ ਗਈ ਹੈ। ਪਰ ਠੇਕੇਦਾਰਾਂ ਵੱਲੋਂ ਸਰਕਾਰ ਨੂੰ ਕੀਤੀ ਜਾਣ ਵਾਲੀ ਅਦਾਇਗੀ 'ਚ ਕੋਈ ਕਟੌਤੀ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਜੇਕਰ ਉਹ ਸੂਬਾ ਸਰਕਾਰ ਦੇ ਕਹਿਣ ਮੁਤਾਬਿਕ ਠੇਕੇ ਖੋਲ੍ਹ ਦੇਣ ਤਾਂ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਬੀਤੇ ਸਮੇਂ ਦੌਰਾਨ ਸਬੰਧਿਤ ਵਿਭਾਗ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਵੀ ਕੀਤੀ ਗਈ। ਪਰ ਉਸ ਦਾ ਕੋਈ ਸਿੱਟਾ ਨਿਕਲ ਕੇ ਸਾਹਮਣੇ ਨਹੀਂ ਆ ਸਕਿਆ। ਜਿਸ ਕਾਰਨ ਉਨ੍ਹਾਂ ਨੇ ਆਪਣੇ ਸ਼ਰਾਬ ਦੇ ਠੇਕੇ ਬੰਦ ਰੱਖਣਾ ਹੀ ਬਿਹਤਰ ਸਮਝਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਠੇਕਿਆਂ ਸਬੰਧੀ ਤਿਆਰ ਕੀਤੀ ਗਈ ਨੀਤੀ ਨੂੰ ਸਾਫ਼ ਕਰੇ।