ਅਸ਼ੋਕ ਵਰਮਾ
ਮਾਨਸਾ, 7 ਮਈ 2020 - ਮਾਨਸਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਦੀ ਪਹਿਲਕਦਮੀ ਤੇ ਮਾਨਸਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਵਾਲਾ ਜਿਲਾ ਬਣਨ ਜਾ ਰਿਹਾ ਹੈ। ਐਸਐਸਪੀ ਵੱਲੋਂ ਜਿਲੇ ਦੇ ਕਿਸਾਨਾਂ, ਕਿਸਾਨ ਯੂਨੀਅਨਾਂ, ਪਿੰਡਾਂ ਦੇ ਸਰਪੰਚਾਂ ਅਤੇ ਮਾਨਸਾ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਸੀ। ਮੀਟਿੰਗ ’ਚ ਸ਼ਾਮਲ ਧਿਰਾਂ ਨੇ ਇਸ ਵਾਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਮਾਨਸਾ ਜਿਲ੍ਹੇ ਵਿੱਚ ਕਿਸੇ ਵੀ ਕਿਸਾਨ ਵੱਲੋਂ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦਾ ਫੈਸਲਾ ਕੀਤਾ ਸੀ। ਇਸਤੋਂ ਬਾਅਦ ਮਾਨਸਾ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਆਪਣੇ ਪਿੰਡਾਂ ਵਿੱਚ ਮਤੇ ਪਾਏ ਗਏ ਅਤੇ ਪਿੰਡਾਂ ਨੇ ਸਰਵਸੰਮਤੀ ਨਾਲ ਪਿੰਡ ਪੱਧਰ ਉਪਰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦਾ ਫੈਸਲਾ ਕਰ ਲਿਆ।
ਮਾਨਸਾ ਜਿਲਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਵੱਲੋਂ ਮਾਨਸਾ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਜਾ ਕੇ ਕਿਸਾਨਾਂ ਨੂੰ ਇਸ ਵਾਰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਪ੍ਰਤੀ ਪ੍ਰੇਰਣਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਅਤੇ ਗੋਰਾ ਸਿੰਘ ਭੈਣੀ ਬਾਘਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਮਹਿੰਦਰ ਸਿੰਘ ਭੈਣੀ ਬਾਘਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਰਾਮ ਸਿੰਘ ਭੈਣੀ ਬਾਘਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬੋਘ ਸਿੰਘ ਆਪਣੇ ਪੱਧਰ ਉੱਪਰ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਇਸਤੋਂ ਇਲਾਵਾ ਇਲਾਵਾ ਅਕਾਲੀ ਦਲ ਬਾਦਲ, ਆਮ ਆਦਮੀ ਪਾਰਟੀ, ਸੀ.ਪੀ.ਆਈ. ਅਤੇ ਹੋਰ ਰਾਜਨੀਤਿਕ ਧਿਰਾਂ ਵੱਲੋਂ ਆਪਣੇ ਪੱਧਰ 'ਤੇ ਮਾਨਸਾ ਜਿਲ੍ਹੇ ਵਿੱਚ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਸ਼ੁਰੂ ਕੀਤੀ ਮੁਹਿੰਮ ਮਾਨਸਾ ਜਿਲੇ ਵਿੱਚ ਇੱਕ ਲੋਕ ਲਹਿਰ ਬਣ ਚੁੱਕੀ ਹੈ। ਸਮਾਜ ਸੇਵੀ ਗੁਰਲਾਭ ਸਿੰਘ ਮਾਹਲ ਐਡਵੋਕੇਟ ਨੇ ਦੱਸਿਆ ਕਿ ਮਾਨਸਾ ਜਿਲੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਥਿਤੀ ਨੇ ਮੋੜਾ ਕੱਟਿਆ ਹੈ। ਉਨਾਂ ਕਿਹਾ ਕਿ ਸਮਾਜ ਸੇਵੀ ਜਥੇਬੰਦੀਆਂ ਅਤੇ ਸਰਪੰਚਾਂ ਦੇ ਸਹਿਯੋਗ ਨਾਲ ਪਿੰਡ ਪੱਧਰ ਉਪਰ ਵੀ ਮੁਹਿੰਮ ਚਲਾ ਕੇ ਕਿਸਾਨ ਨਾੜ ਨੂੰ ਅੱਗ ਨਾ ਲਾਉਣ ਦਾ ਅਹਿਦ ਲੈ ਰਹੇ ਹਨ ਜੋਕਿ ਚੰਗਾ ਸ਼ਗਨ ਹੈ।