- ਜ਼ਿਲ੍ਹੇ ਵਿਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੋਈ 52
ਮੋਹਾਲੀ, 8 ਮਈ 2020 - 'ਕੋਰੋਨਾ ਵਾਇਰਸ ਦੀ ਲਾਗ ਨਾਲ ਜੂਝ ਰਹੇ ਤਿੰਨ ਹੋਰ ਮਰੀਜ਼ ਠੀਕ ਹੋ ਗਏ ਹਨ। ਜ਼ਿਲ੍ਹੇ ਵਿਚ ਇਸ ਮਾਰੂ ਬੀਮਾਰੀ ਨੂੰ ਮਾਤ ਦੇਣ ਵਾਲੇ ਵਿਅਕਤੀਆਂ ਦੀ ਗਿਣਤੀ 52 ਹੋ ਗਈ ਹੈ। ਸ਼ੁੱਕਰਵਾਰ ਨੂੰ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਵਿਚ 80 ਸਾਲਾ ਬਜ਼ੁਰਗ ਔਰਤ ਤੇਜ ਕੌਰ, 32 ਸਾਲਾ ਹਰਵਿੰਦਰ ਕੌਰ ਅਤੇ 67 ਸਾਲਾ ਭਾਗ ਸਿੰਘ ਸ਼ਾਮਲ ਹਨ। ਇਹ ਸਾਰੇ ਪਿੰਡ ਜਵਾਹਰਪੁਰ ਨਾਲ ਸਬੰਧਤ ਹਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿਚ ਕੁਲ ਪਾਜ਼ੇਟਿਵ ਕੇਸਾਂ ਦੀ ਗਿਣਤੀ 98 ਅਤੇ ਐਕਟਿਵ ਕੇਸਾਂ ਦੀ ਗਿਣਤੀ 43 ਹੈ। ਇਕੱਲੇ ਜਵਾਹਰਪੁਰ ਨਾਲ ਸਬੰਧਤ ਕੁਲ 34 ਮਰੀਜ਼ ਅੱਜ ਤੱਕ ਠੀਕ ਹੋ ਚੁਕੇ ਹਨ। ਠੀਕ ਹੋਏ ਤਿੰਨਾਂ ਜਣਿਆਂ ਨੂੰ ਫ਼ਿਲਹਾਲ ਘਰ ਨਹੀਂ ਭੇਜਿਆ ਜਾਵੇਗਾ ਅਤੇ ਡੇਰਾਬੱਸੀ ਦੇ ਨਿਰੰਕਾਰੀ ਭਵਨ ਵਿਚ ਬਣਾਏ ਗਏ ਇਕਾਂਤਵਾਸ ਕੇਂਦਰ ਵਿਚ ਰੱਖਿਆ ਜਾਵੇਗਾ। 14 ਦਿਨਾਂ ਦਾ ਇਕਾਂਤਵਾਸ ਸਮਾਂ ਪੂਰਾ ਹੋਣ ਮਗਰੋਂ ਹੀ ਉਨ੍ਹਾਂ ਨੂੰ ਘਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਇਕਾਂਤਵਾਸ ਕੇਂਦਰ ਵਿਚ ਅਹਿਤਿਆਤ ਵਜੋਂ ਰਖਿਆ ਜਾ ਰਿਹਾ ਹੈ ਤਾਕਿ ਉਨ੍ਹਾਂ ਨੂੰ ਮੁੜ ਕਿਸੇ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ।
ਡਾ . ਮਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿਚ ਇਲਾਜ ਅਧੀਨ ਬਾਕੀ ਮਰੀਜ਼ਾਂ ਦੀ ਹਾਲਤ ਪੂਰੀ ਤਰ੍ਹਾਂ ਠੀਕ ਹੈ ਅਤੇ ਕੋਈ ਵੀ ਮਰੀਜ਼ ਗੰਭੀਰ ਹਾਲਤ ਵਿਚ ਨਹੀਂ। ਜ਼ਿਲ੍ਹਾ ਮੋਹਾਲੀ ਦੇ ਸਾਰੇ ਪੀੜਤਾਂ ਦਾ ਇਲਾਜ ਬਨੂੜ ਲਾਗਲੇ ਗਿਆਨ ਸਾਗਰ ਹਸਪਤਾਲ ਦੇ 'ਕੋਵਿਡ ਕੇਅਰ ਸੈਂਟਰ' ਵਿਚ ਇਲਾਜ ਚੱਲ ਰਿਹਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਵਿਚੋਂ ਨਾ ਨਿਕਲਣ ਅਤੇ ਬਹੁਤ ਜ਼ਿਆਦਾ ਜ਼ਰੂਰੀ ਕੰਮ ਪੈਣ 'ਤੇ ਹੀ ਬਾਹਰ ਜਾਣ। ਉਨ੍ਹਾਂ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ 'ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 'ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਮਾਰੀ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਲੋਕਾਂ ਨੂੰ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਅਤੇ ਡਾ. ਹਰਮਨਦੀਪ ਕੌਰ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਅਤੇ ਡਾ. ਹਰਮਨਦੀਪ ਕੌਰ ਵੀ ਮੌਜੂਦ ਸਨ।