← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 8 ਮਈ 2020 - ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੋਵਿਡ-19 ਦੀ ਰੋਕਥਾਮ ਲਈ ਯਤਨਾਂ ਵਿਚ ਵੱਡਾ ਯੋਗਦਾਨ ਪਾਉਂਦਿਆਂ ਏਮਜ਼ ਬਠਿੰਡਾ ਲਈ ਟਰਾਂਸਪੋਰਟ ਵੈਟੀਂਲੇਟਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਆਪਣੇ ਸੰਸਦੀ ਕੋਟੇ ਵਿਚੋਂ 7.19 ਲੱਖ ਰੁਪਏ ਦਿੱਤੇ ਹਨ। ਇਸ ਤੋਂ ਪਹਿਲਾਂ ਬੀਤੇ ਦਿਨੀਂ ਕੇਂਦਰੀ ਮੰਤਰੀ ਨੇ ਇਸ ਹਸਪਤਾਲ ਨੂੰ 21 ਲੱਖ ਦੀ ਲਾਗਤ ਵਾਲੀ ਐਂਬੂਲੈਂਸ ਵੀ ਦਿੱਤੀ ਸੀ। ਬੀਬਾ ਬਾਦਲ ਨੇ ਏਮਜ਼ ਦੇ ਡਾਕਟਰਾਂ ਅਤੇ ਸਟਾਫ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਇਲਾਕੇ ਦੇ ਲੋਕਾਂ ਨੂੰ ਸ਼ਾਨਦਾਰ ਸਿਹਤ ਸੇਵਾਵਾਂ ਦੇਣ ਵਿਚ ਕੋਈ ਕਸਰ ਬਾਕੀ ਨਾ ਛੱਡਣ। ਉਹਨਾਂ ਕਿਹਾ ਕਿ ਜੇਕਰ ਇਸ ਲਈ ਕਿਸੇ ਵੀ ਚੀਜ਼ ਦੀ ਲੋੜ ਹੋਵੇ ਤਾਂ ਉਹ ਹਰ ਸਮੇਂ ਸੇਵਾ ਵਿੱਚ ਹਾਜ਼ਿਰ ਹਨ। ਏਮਜ਼ ਬਠਿੰਡਾ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਦੱਸਦਿਆਂ ਬੀਬਾ ਬਾਦਲ ਨੇ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਤਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਏਮਜ਼ ਬਠਿੰਡਾ ਵੱਲੋਂ ਆਨਲਾਇਨ ਓਪੀਡੀ ਸੇਵਾਵਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਦੱਸਿਆ ਕਿ ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਮਰੀਜ਼ ਵੀਡਿਓ ਕਾਨਫਰੰਸਿੰਗ ਰਾਹੀਂ ਡਾਕਟਰ ਨੂੰ ਆਪਣੀ ਬੀਮਾਰੀ ਬਾਰੇ ਦੱਸਦੇ ਹਨ ਅਤੇ ਡਾਕਟਰ ਤੁਰੰਤ ਲੋਂੜੀਦੀ ਦਵਾਈ ਲਿਖ ਦਿੰਦੇ ਹਨ। ਬੀਬਾ ਬਾਦਲ ਨੇ ਦੱਸਿਆ ਕਿ ਮਹਾਂਮਾਰੀ ਦੇ ਇਸ ਸੰਕਟ ਦੌਰਾਨ ਏਮਜ਼ ਬਠਿੰਡਾ ਵੱਲੋਂ ਡਿਜੀਟਲ ਤਕਨੀਕਾਂ ਨਾਲ ਲੋਕਾਂ ਦੇ ਬੂਹੇ ਤਕ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਸੂਬੇ ਅੰਦਰ ਕੋਰੋਨਾ ਮੌਤਾਂ ਦੀ ਵਧ ਰਹੀ ਗਿਣਤੀ ਲਈ ਕਾਂਗਰਸ ਸਰਕਾਰ ਦੀ ਭੂਮਿਕਾ ਉੱਤੇ ਸੁਆਲ ਖੜ੍ਹੇ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਸਿਹਤ ਮੰਤਰੀ ਨੇ ਪਿਛਲੇ ਡੇਢ ਮਹੀਨੇ ਦੌਰਾਨ ਸੂਬੇ ਦੇ ਸਿਹਤ ਢਾਂਚੇ ਵਿਚ ਸੁਧਾਰ ਕਰਨ ਲਈ ਕੋਈ ਕਦਮ ਨਹੀਂ ਉਠਾਏ ਹਨ। ਉਹਨਾਂ ਕਿਹਾ ਕਿ ਸਾਰੇ ਹਸਪਤਾਲਾਂ ਪੀਪੀਈ ਕਿਟਾਂ ਅਤੇ ਵੈਂਟੀਲੈਂਟਰਾਂ ਦੀ ਭਾਰੀ ਕਮੀ ਪਾਈ ਜਾ ਰਹੀ ਹੈ, ਜਿਸ ਕਰਕੇ ਸਿਹਤ ਅਤੇ ਸਫਾਈ ਕਾਮਿਆਂ ਨੂੰ ਸੇਵਾਵਾਂ ਨਿਭਾਉਣ ਵਿਚ ਵੱਡੀ ਰੁਕਾਵਟ ਆ ਰਹੀ ਹੈ। ਉਹਨਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਸੂਬੇ ਦੇ ਸਾਰੇ ਹਸਪਤਾਲਾਂ ਅੰਦਰ ਸੁਰੱਖਿਆ ਕਿਟਾਂ ਅਤੇ ਹੋਰ ਸਮਾਨ ਮੁਹੱਈਆ ਕਰਵਾਉਣ ਤਾਂ ਕਿ ਕਿਸੇ ਵੀ ਮਰੀਜ਼ ਦੀ ਇਲਾਜ ਅਤੇ ਦੇਖਭਾਲ ਦੀ ਕਮੀ ਕਰਕੇ ਮੌਤ ਨਾ ਹੋਵੇ।
Total Responses : 266