ਹਰੀਸ ਕਾਲੜਾ
ਰੂਪਨਗਰ, 9 ਮਈ 2020 - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਫੌਜਦਾਰੀ ਜਾਬਤਾ ਸੰਘ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਰੂਪਨਗਰ ਵਿਚ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾ ਕੇ ਸਾੜਨ 'ਤੇ ਪਾਬੰਦੀ ਲਗਾਈ ਹੈ। ਜਾਰੀ ਕੀਤੇ ਇਸ ਹੁਕਮ ਵਿਚ ਉਨਾਂ ਕਿਹਾ ਕਿ ਸਾਲ 2020 ਦਾ ਕਣਕ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ।
ਇਹ ਆਮ ਦੇਖਣ ਵਿੱਚ ਆਉਂਦਾ ਹੈ ਕਿ ਸਬੰਧਤ ਮਾਲਕਾਂ ਵਲੋਂ ਅੱਗ ਲਾਉਣ ਦੀ ਪ੍ਰਥਾ ਹੋਣ ਕਰਕੇ ਕਣਕ ਦੀ ਰਹਿੰਦ-ਖੂਹੰਦ/ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ । ਉਨਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਪ੍ਰਦੂਸ਼ਣ ਨਾਲ ਸਾਹ ਦੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ।
ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਲਈ ਉਪਯੋਗੀ ਜੀਵਕ ਮਾਦਾ ਨੂੰ ਵੀ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟ ਜਾਂਦੀ ਹੈ। ਇਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ 'ਤੇ ਅਸਰ ਦੇਸ਼ ਦੇ ਉਤਪਾਦਨ 'ਤੇ ਪੈਂਦਾ ਹੈ। ਇਸ ਦੇ ਮੱਦੇਨਜ਼ਰ ਜ਼ਿਲੇ ਵਿੱਚ ਫ਼ਸਲ ਦੀ ਰਹਿੰਦ-ਖੂਹੰਦ/ ਨਾੜ ਨੂੰ ਅੱਗ ਲਾ ਕੇ ਸਾੜਨ 'ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 31 ਮਈ ਤੱਕ ਲਾਗੂ ਰਹੇਗਾ।