ਅਸ਼ੋਕ ਵਰਮਾ
ਬਠਿੰਡਾ, 9 ਮਈ 2020 - ਅੱਜ ਜਦੋਂ ਦੇਸ਼ ਦੁਨੀਆ ਵਿੱਚ ਕੋਰੋਨਾ ਵਾਇਰਸ ਨੇ ਆਪਣੇ ਪੈਰ ਪਸਾਰ ਲਏ ਹਨ ਉੱਥੇ ਹੀ ਪੰਜਾਬ ਵਿਚ ਵੀ ਇਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਹਾਂਮਾਰੀ ਖਿਲਾਫ਼ ਫਰੰਟਲਾਈਨ ’ਚ ਲੜ ਰਹੀਆਂ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਸਰਕਾਰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦੇ ਰਹੀ। ਯੂਨੀਅਨ ਦੀ ਪ੍ਰਧਾਨ ਹਰਜਿੰਦਰ ਕੌਰ ਨੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਕਟਹਿਰੇ ’ਚ ਖੜਾ ਕਰਦਿਆਂ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਦੇ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਦੇ ਕਿਸੇ ਵੀ ਮੰਗ ਪੱਤਰ ਦਾ ਜਵਾਬ ਤਕ ਨਹੀਂ ਦਿੱਤਾ ਗਿਆ ਜਿਸ ਤੋਂ ਸਰਕਾਰ ਦੀ ਨੀਤੀ ਅਤੇ ਨੀਅਤ ਦਾ ਪਤਾ ਲੱਗਦਾ ਹੈ। ਉਨ੍ਹਾਂ ਆਖਿਆ ਕਿ ਇਸੇ ਕਾਰਨ ਹੀ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਨੇ ਉਨਾਂ ਨੂੰ ਵਿਭਾਗ ‘ਚ ਰੈਗੂਲਰ ਨਾ ਕਰਨ ਦੇ ਵਿਰੋਧ ਵਿਚ ਸੰਘਰਸ਼ ਸ਼ੁਰੂ ਕੀਤਾ ਹੈ। ਉਨ੍ਹਾਂ ਚਿੰਤਾ ਜਤਾਉਂਦਿਆਂ ਕਿਹਾ ਕਿ ਨਿੱਜੀਕਰਨ, ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਨੀਤੀਆਂ ਨਾਲ ਕਿਰਤ ਸ਼ਕਤੀ ਦੀ ਲੁੱਟ ਤੇਜ਼ ਕਰ ਦਿੱਤੀ ਗਈ ਹੈ ਜਿਸ ਨਾਲ ਆਉਣ ਵਾਲੇ ਦਿਨਾਂ ‘ਚ ਵਰਕਰਾਂ ਨੂੰ ਹੋਰ ਵੀ ਮੁਸ਼ਕਲ ਹਾਲਾਤ ਵਿੱਚੋਂ ਲੰਘਣਾ ਪਵੇਗਾ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਬਹੁਤ ਹੀ ਘੱਟ ਤਨਖਾਹ ‘ਤੇ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ ਖਾਸ ਤੌਰ ਤੇ ਕੋਰੋਨਾ ਵਾਇਰਸ ਦੌਰਾਨ ਉਨਾਂ ਦਾ ਕੰਮ ਵੀ ਬਹੁਤ ਜਿਆਦਾ ਵਧ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਉਨਾਂ ਨੂੰ ਬਹੁਤ ਹੀ ਘੱਟ ਤਨਖਾਹ ਦੇ ਕੇ ਸੋਸ਼ਣ ਕਰ ਰਹੀ ਹੈ ਅਤੇ ਉਨਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨਾਂ ਆਖਿਆ ਕਿ ਉਨਾਂ ਨੂੰ ਸਰਕਾਰੀ ਹਸਪਤਾਲ ‘ਚ ਇਲਾਜ ਕਰਵਾਉਣ ਸਮੇਂ ਵੀ ਕੋਈ ਵਿਸ਼ੇਸ਼ ਪ੍ਰਕਾਰ ਦੀ ਛੋਟ ਨਹੀਂ ਦਿੱਤੀ ਜਾਂਦੀ, ਜਿਸ ਦੇ ਚੱਲਦਿਆਂ ਘੱਟ ਤਨਖਾਹ ਵਿਚ ਉਨ੍ਹਾਂ ਨੂੰ ਆਪਣਾ ਇਲਾਜ ਕਰਵਾਉਣਾ ਵੀ ਸਮੱਸਿਆ ਬਣਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰ ਕਿਸੇ ਵੀ ਮੰਗ ‘ਤੇ ਅਮਲ ਨਹੀਂ ਕੀਤਾ ਗਿਆ, ਜਿਸ ਕਾਰਨ ਹੁਣ ਉਨਾਂ ਨੂੰ ਸੰਘਰਸ਼ ਦੇ ਰਸਤੇ ਚੱਲਣਾ ਪਵੇਗਾ। ਉਨਾਂ ਨੇ ਸਰਕਾਰ ਤੋਂ ਉਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਰੈਗੂਲਰ ਕਰਨ ਦੀ ਮੰਗ ਕੀਤੀ ਤਾਂ ਜੋ ਉਹ ਆਪਣੀਆਂ ਸੇਵਾਵਾਂ ਬੇਫਿਕਰ ਹੋਕੇ ਵਧੀਆ ਢੰਗ ਨਾਲ ਨਿਭਾ ਸਕਣ।