ਫਿਰੋਜ਼ਪੁਰ 11 ਮਈ 2020 : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ: ਨਵਦੀਪ ਸਿੰਘ ਦੀ ਅਗਵਾਈ ਹੇਠ ਕਰੋਨਾ ਵਾਇਰਸ ਬਿਮਾਰੀ ਨੂੰ ਕਾਬੂ ਕਰਨ ਹਿੱਤ ਵੱਖ-ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਜਾਰੀ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਅਤੇ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮਾਸ ਮੀਡੀਆ ਅਫ਼ਸਰ ਰੰਜੀਵ ਅਤੇ ਜ਼ਿਲ੍ਹਾ ਕਮਿਊਨਿਟੀ ਮੋਬੇਲਾਈਜ਼ਰ ਜੋਗਿੰਦਰ ਸਿੰਘ ਵੱਲੋਂ ਆਪਣੀ ਟੀਮ ਨਾਲ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਕਰੋਨਾ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਸ੍ਰੀ. ਰੰਜੀਵ ਤੇ ਜੋਗਿੰਦਰ ਸਿੰਘ ਸਮੇਤ ਹੋਰਨਾ ਬੁਲਾਰਿਆਂ ਨੇ ਕਰੋਨਾ ਰੋਗ ਦੇ ਲੱਛਣ, ਕਾਰਨ ਅਤੇ ਬਚਾਅ ਸਬੰਧੀ ਢੁਕਵੀਂ ਜਾਣਕਾਰੀ ਸਮੂਹ ਹਾਜ਼ਰੀਨ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਕਰੋਨਾ ਰੋਗ ਜੋ ਕਿ ਅੱਜ ਦੇ ਸਮੇਂ ਵਿੱਚ ਇੱਕ ਵੱਡੀ ਵਿਸ਼ਵ ਪੱਧਰੀ ਸਿਹਤ ਸਮੱਸਿਆ ਦੇ ਰੂਪ ਵਿੱਚ ਉੱਭਰ ਕੇ ਸਾਹਮਣੇ ਆਈ ਹੈ, ਦੇ ਲੱਛਣਾਂ ਵਿੱਚ ਤੇਜ਼ ਬੁਖ਼ਾਰ, ਖਾਂਸੀ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣਾ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਰੋਗ ਸੰਕਰਮਿਤ ਵਿਅਕਤੀ ਦੇ ਦੂਜੇ ਤੰਦਰੁਸਤ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਨਾਲ ਇੱਕ ਤੋਂ ਦੂਜੇ ਤੱਕ ਫੈਲਦਾ ਹੈ। ਉਨ੍ਹਾਂ ਨੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਕਰੋਨਾ ਦੇ ਫੈਲਾਅ ਨੂੰ ਰੋਕਣ ਵਿੱਚ ਸਮਾਜਿਕ ਦੂਰੀ ਅਤੇ ਹੱਥ ਧੋਣ ਦੇ ਉਚਿਤ ਤਰੀਕੇ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ। ਸਮੁੱਚੀ ਟੀਮ ਵੱਲੋਂ ਸਥਾਨਕ ਓਟ ਸੈਂਟਰ ਵਿਖੇ ਪਹੁੰਚ ਕੇ ਦਵਾਈ ਲੈਣ ਆਏ ਮਰੀਜ਼ਾਂ ਨੂੰ ਕਰੋਨਾ ਤੋਂ ਬਚਾਅ ਲਈ ਸਮਾਜਿਕ ਦੂਰੀ ਰੱਖਣ ਲਈ ਵੀ ਪ੍ਰੇਰਿਆ ਗਿਆ।