ਹਰਿੰਦਰ ਨਿੱਕਾ
- ਚੌਕਸੀ ਟੀਮਾਂ ਵੱਲੋਂ ਪਿਛਲੇ 48 ਘੰਟਿਆਂ ਦੌਰਾਨ 294 ਘਟਨਾ ਵਾਲੀਆਂ ਥਾਵਾਂ ਦਾ ਦੌਰਾ
- ਹੁਣ ਤੱਕ 432500 ਰੁਪਏ ਜੁਰਮਾਨਾ ਕੀਤਾ
ਸੰਗਰੂਰ, 12 ਮਈ 2020 - ਕਿਸਾਨਾਂ ਵੱਲੋਂ ਕਣਕ ਦੀ ਫਸਲ ਦੀ ਕਟਾਈ ਤੇ ਤੂੜੀ ਬਣਾਉਣ ਤੋਂ ਬਾਅਦ ਰਹਿ ਜਾਂਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤੀ ਕਰ ਦਿੱਤੀ ਗਈ ਹੈ ਤੇ ਜ਼ਿਲ੍ਹੇ ਵਿੱਚ ਹੁਣ ਤੱਕ 74 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਤੇ ਇਸ ਸੰਬੰਧ ਵਿੱਚ ਸਬ ਡਵੀਜ਼ਨਲ ਟੀਮਾਂ ਵੱਲੋਂ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੇ ਸਬੰਧ ਵਿੱਚ ਹੁਣ ਤੱਕ 74 ਪੁਲਿਸ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਹੁਣ ਤੱਕ 432500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਥੋਰੀ ਨੇ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਠਿਤ ਟੀਮਾਂ ਵੱਲੋਂ ਨਾੜ ਨੂੰ ਅੱਗ ਲਾਉਣ ਦੇ ਕੇਸਾਂ ਦੀ ਲਗਾਤਾਰ ਮੌਨੀਟਰਿੰਗ ਕੀਤੀ ਜਾ ਰਹੀ ਹੈ ਤੇ ਇੰਨਾਂ ਟੀਮਾਂ ਵੱਲੋਂ ਪਿਛਲੇ 48 ਘੰਟਿਆਂ ਦੌਰਾਨ 294 ਘਟਨਾ ਵਾਲੀਆਂ ਥਾਵਾਂ ਦਾ ਦੌਰਾ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਅਤੇ ਮਿੱਟੀ ਵਿਚਲੇ ਖ਼ੁਰਾਕੀ ਤੱਤਾਂ ਨੂੰ ਖ਼ਤਮ ਹੋਣ ਤੋਂ ਬਚਾਇਆ ਜਾ ਸਕੇ।