ਅਸ਼ੋਕ ਵਰਮਾ
ਬਠਿੰਡਾ, 15 ਮਈ 2020 - ਬਠਿੰਡਾ ਜ਼ਿਲ੍ਹੇ ਦੀ ਸੰਗਤ ਮੰਡੀ ਵਿਖੇ, ਪੰਜਾਬ ਸਰਕਾਰ ਵੱਲੋਂ ਗਰੀਬਾਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਕਾਣੀ ਵੰਡ ਖਿਲਾਫ ਦਲਿਤ ਮਜ਼ਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਅੱਜ ਜਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ।
ਅੱਜ ਦੇ ਐਕਸ਼ਨ ਦੀ ਅਗਵਾਈ ਕਰ ਰਹੇ ਦਿਹਾਤੀ ਮਜ਼ਦੂਰ ਸਭਾ ਦੇ ਜਿਲਾ ਪ੍ਰਧਾਨ ਸਾਥੀ ਮਿੱਠੂ ਸਿੰਘ ਘੁੱਦਾ, ਜਿਲਾ ਕਮੇਟੀ ਮੈਂਬਰ ਗੁਰਮੀਤ ਸਿੰਘ ਜੈ ਸਿੰਘ ਵਾਲਾ, ਕਾਲਾ ਸਿੰਘ ਅਤੇ ਪਾਲੀ ਸਿੰਘ ਸੰਗਤ ਕਲਾਂ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਇਸ ਵਿਤਕਰੇ ਪੂਰਨ ਨੀਤੀ ਖਿਲਾਫ਼ ਆਉਂਦੀ 20 ਮਈ ਨੂੰ ਜਿਲੇ ਦੇ ਸੈਂਕੜੇ ਪਿੰਡਾਂ ਵਿੱਚ ਰੋਸ ਮੁਜ਼ਾਹਰੇ ਅਤੇ ਰੈਲੀਆਂ ਕੀਤੀਆਂ ਜਾਣਗੀਆਂ।
ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਆਗੂ ਅਤੇ ਕਾਰਕੁੰਨ ਵੀ ਸ਼ਾਮਲ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਪਿੰਡਾਂ ਵਿਚਲੇ ਬਾਰਸੂਖ ਸਿਆਸੀ ਵਿਅਕਤੀਆਂ ਦੇ ਦਬਾਅ ਅਧੀਨ ਹੱਕੀ ਲੋੜਵੰਦਾਂ ਨੂੰ ਰਾਸ਼ਨ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਕੇਵਲ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਣ ਦੀ ਨੀਤੀ ਕਾਰਣ ਘੱਟੋ ਘੱਟ ਦੋ ਤਿਹਾਈ ਗਰੀਬ ਸਰਕਾਰੀ ਰਾਸ਼ਨ ਤੋਂ ਵਾਂਝੇ ਰਹਿ ਰਹੇ ਹਨ। ਉਨਾਂ ਕਿਹਾ ਕਿ ਮਹਾਂਮਾਰੀ ਦੇ ਦੌਰ ਵਿੱਚ ਅਜਿਹੀ ਪਹੁੰਚ ਅਤਿ ਨਿੰਦਣਯੋਗ ਹੈ ਅਤੇ ਜਥੇਬੰਦੀ ਇਸ ਵਿਰੁੱਧ ਵਿਆਪਕ ਲੋਕ ਸੰਗਰਾਮ ਵਿੱਢੇਗੀ।