ਦਿਨੇਸ਼
ਗੁਰਦਾਸਪੁਰ, 13 ਜੂਨ 2020- ਪੰਜਾਬ ਸਰਕਾਰ ਵੱਲੋਂ ਜੋ ਸ਼ਨੀਵਾਰ ਅਤੇ ਐਤਵਾਰ ਨੂੰ ਵੀਕਐਂਡ ਲਾਕਡਾਊਨ ਲਾਗੂ ਕੀਤਾ ਗਿਆ ਹੈ, ਉਸ ਸਬੰਧੀ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਵਿੱਚ ਹੱਲੇ ਕਨਫੀਊਜ਼ਨ ਹੈ, ਜੋ ਆਉਣ ਵਾਲੇ ਦਿਨਾਂ ਦੌਰਾਨ ਦੂਰ ਕਰ ਦਿੱਤੀ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਉਸ ਵੇਲੇ ਕੀਤਾ ਗਿਆ ਜਦੋਂ ਬਟਾਲਾ ਵਿਖੇ ਸਥਿਤ ਲੰਮੇ ਸਮੇਂ ਤੋਂ ਜ਼ਰ-ਜ਼ਰ ਹਾਲਤ ਵਾਲੇ ਸ਼੍ਰੀ ਹਰਗੋਬਿੰਦਪੁਰ ਰੋਡ ਦੀ ਮੁੜ ਉਸਾਰੀ ਸਬੰਧੀ ਉਦਘਾਟਨ ਕਰਨ ਪਹੁੰਚੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ਵਾਸੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੀ ਹਰਗੋਬਿੰਦ ਪੁਰ ਰੋਡ ਦੀ ਮੁੜ ਉਸਾਰੀ ਸਬੰਧੀ ਮੰਗ ਕੀਤੀ ਜਾ ਰਹੀ ਸੀ। ਜੋ ਕਿ ਪਿਛਲੇ ਕਈ ਸਾਲਾਂ ਤੋਂ ਜ਼ਰ-ਜ਼ਰ ਹਾਲਤ ਵਿੱਚ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਸਾਰੇ ਸੂਬਾ ਵਾਸੀਆਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਪਰ ਹਰੇਕ ਕੰਮ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਤੇ ਲੋੜੀਂਦਾ ਸਮਾਂ ਲੱਗਣਾ ਲਾਜ਼ਮੀ ਹੈ।
ਮੰਤਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਦੀ ਮੁਸ਼ਕਿਲ ਦਾ ਹੱਲ ਕਰਦਿਆਂ ਇਸ ਸੜਕ ਦਾ ਵੀ ਨਿਰਮਾਣ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਜਲਦ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਅੰਮ੍ਰਿਤ ਯੋਜਨਾ ਅਧੀਨ ਬਟਾਲਾ ਵਿਖੇ 141 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਸ਼ਹਿਰ ਵਿੱਚ ਸੀਵਰੇਜ ਲਾਈਨਾਂ, ਵਾਟਰ ਸਪਲਾਈ ਲਾਈਨਾਂ ਪਾਉਣ ਦੇ ਨਾਲ ਇੱਕ ਸੀਵਰੇਜ ਟਰੀਟਮੈਂਟ ਪਲਾਂਟ ਵੀ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੀ 15 ਅਗਸਤ ਤੱਕ ਇਸ ਇਲਾਕੇ ਵਿਖੇ ਸੀਵਰੇਜ ਪਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਇਸ ਦੇ ਨਾਲ ਹੀ ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਰੋਨਾ ਆਫ਼ਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸੂਬੇ ਭਰ ਅੰਦਰ ਸ਼ਨੀਵਾਰ ਅਤੇ ਐਤਵਾਰ ਨੂੰ ਵੀਕਐਂਡ ਲਾਕਡਾਊਨ ਲਾਗੂ ਕੀਤਾ ਗਿਆ ਹੈ। ਪਰ ਫ਼ਿਲਹਾਲ ਇਸ ਸਬੰਧੀ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਵਿੱਚ ਥੋੜ੍ਹੀ ਕਨਫੀਊਜ਼ਨ ਚੱਲ ਰਹੀ ਹੈ, ਜਿਸ ਨੂੰ ਜਲਦ ਦੂਰ ਕਰ ਦਿੱਤਾ ਜਾਵੇਗਾ।
ਉੱਥੇ ਦੂਜੇ ਪਾਸੇ ਸੜਕ ਨਿਰਮਾਣ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੈਬਿਨੇਟ ਮੰਤਰੀ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਰੋਡ ਬਣਨ ਨਾਲ ਜਿੱਥੇ ਹਜ਼ਾਰਾਂ ਰਾਹਗੀਰਾਂ ਨੂੰ ਭਾਰੀ ਰਾਹਤ ਮਿਲੇਗੀ। ਉੱਥੇ ਹੀ ਇਸ ਜਗ੍ਹਾ ਦਾ ਸੀਵਰੇਜ ਸਿਸਟਮ ਅਤੇ ਸੜਕ ਨਿਰਮਾਣ ਮੁਕੰਮਲ ਹੋਣ ਨਾਲ ਨਰਕ ਵਰਗਾ ਜੀਵਨ ਬਤੀਤ ਕਰ ਰਹੇ ਇਲਾਕਾ ਵਾਸੀਆਂ ਨੂੰ ਵੀ ਭਾਰੀ ਰਾਹਤ ਮਿਲੇਗੀ।