ਚੰਡੀਗੜ, 20 ਜੂਨ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਨਾਲ ਸਬੰਧਤ ਆਰਡੀਨੈਂਸਾਂ ’ਤੇ ਰਾਏ ਬਣਾਉਣ ਲਈ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਸੂਬੇ ਲਈ ਪੂਰੀ ਤਰਾਂ ਅਸਹਿਣਯੋਗ ਹਨ ਕਿਉਂ ਜੋ ਇਹ ਕਿਸਾਨਾਂ ਦੇ ਹਿੱਤਾਂ ਵਿਰੁੱਧ ਭੁਗਤਦੇ ਹਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੇ ਦੌਰ ਦਾ ਵੀ ਅੰਤ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਇਨਾਂ ਆਰਡੀਨੈਂਸਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਖਾਤਮਾ ਕਰਨ ਦਾ ਮੁੱਢ ਦੱਸਿਆ ਜੋ ਭਾਰਤ ਸਰਕਾਰ ਕਰਨਾ ਚਾਹੁੰਦੀ ਹੈ। ਉਨਾਂ ਕਿਹਾ ਕਿ ਮੀਟਿੰਗ ਦੌਰਾਨ ਪੈਦਾ ਹੋਈ ਸਹਿਮਤੀ ਦੇ ਆਧਾਰ ’ਤੇ ਇਕ ਪੱਤਰ ਭਾਰਤ ਸਰਕਾਰ ਨੂੰ ਭੇਜ ਕੇ ਇਹ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ।
ਫੇਸਬੁੱਕ ਦੇ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੀ 7ਵੀਂ ਲੜੀ ਦੌਰਾਨ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ’ਤੇ ਤੁਰੰਤ ਵਿਚਾਰ ਕਰਨ ਦਾ ਸੱਦਾ ਦਿੱਤਾ। ਉਨਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਇਨਾਂ ਆਰਡੀਨੈਂਸਾਂ ਦੇ ਰੱਦ ਹੋਣ ਲਈ ਇਕਮੱਤ ਹੋਣਗੀਆਂ ਕਿਉਂ ਜੋ ਇਹ ਆਰਡੀਨੈਂਸ ਜਿੱਥੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਦੇ ਸਹਿਯੋਗ ਦਾ ਖਾਤਮਾ ਕਰਨਗੇ, ਉਥੇ ਹੀ ਮੰਡੀ ਬੋਰਡ ਨੂੰ ਵੀ ਪ੍ਰਭਾਵਹੀਣ ਬਣਾ ਕੇ ਰੱਖ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਕ ਆਰਡੀਨੈਂਸ ਰਾਹੀਂ ਮੰਡੀ ਖੇਤੀਬਾੜੀ ਉਤਪਾਦ ਮੰਡੀ ਕਮੇਟੀ (ਏ.ਪੀ.ਐਮ.ਸੀ) ਦੇ ਏਕਾਅਧਿਕਾਰ ਨੂੰ ਖਤਮ ਕਰਨ ਦੇ ਕਦਮ ਨਾਲ ਮੰਡੀ ਬੋਰਡ ਨੂੰ ਵੱਡੇ ਪੱਧਰ ‘ਤੇ ਨੁਕਸਾਨ ਪੁੱਜੇਗਾ, ਜਿਸਨੂੰ ਮੌਜੂਦਾ ਸਮੇਂ ਮਾਰਕੀਟ ਫੀਸ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਦੇ ਰੂਪ ਵਿੱਚ 3500 ਤੋਂ 3600 ਕਰੋੜ ਰੁਪਏ ਦੀ ਆਮਦਨ ਹੁੰਦੀ ਹੈ। ਉਨਾਂ ਕਿਹਾ ਕਿ ਆਮਦਨ ਵਸੂਲੀਆਂ ਵਿੱਚ ਹੋਣ ਵਾਲੀ ਇਹ ਘਾਟ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਬੁਰੀ ਤਰਾਂ ਪ੍ਰਭਾਵਿਤ ਕਰੇਗੀ ਕਿਉਂ ਜੋ ਇਹ ਪੈਸਾ ਬੋਰਡ ਵੱਲੋਂ ਸੜਕਾਂ ਤੇ ਲਿੰਕ ਸੜਕਾਂ ਵਿਕਸਿਤ ਕਰਨ ਅਤੇ ਹੋਰ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ‘ਤੇ ਖਰਚ ਕੀਤਾ ਜਾਂਦਾ ਹੈ ਜਿਸਦਾ ਉਦੇਸ਼ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ।
ਉਨਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਭਾਰਤ ਦੀ ਖੁਰਾਕੀ ਸੁਰੱਖਿਆ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ ਹੈ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਇਹ ਜ਼ਿਕਰਯੋਗ ਹੈ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਇਨਾਂ ਆਰਡੀਨੈਂਸਾਂ ’ਤੇ ਮੁੜ ਗੌਰ ਕਰਨ ਦੀ ਮੰਗ ਕੀਤੀ ਸੀ। ਇਨਾਂ ਆਰਡੀਨੈਂਸ ਮੁਤਾਬਕ ਏ.ਪੀ.ਐਮ.ਸੀ. ਐਕਟ ਤਹਿਤ ਸਥਾਪਤ ਕੀਤੀਆਂ ਖੇਤੀ ਮੰਡੀਆਂ ਦੀਆਂ ਨਿਰਧਾਰਤ ਸੀਮਾਵਾਂ ਤੋਂ ਬਾਹਰ ਖੇਤੀਬਾੜੀ ਉਤਪਾਦ ਵੇਚਣ ਦੀ ਇਜਾਜ਼ਤ ਦੇਣਾ, ਜ਼ਰੂਰੀ ਵਸਤਾਂ ਐਕਟ ਅਧੀਨ ਬੰਦਿਸ਼ਾਂ ’ਚ ਢਿੱਲ ਦੇਣਾ ਅਤੇ ਕਾਂਟਰੈਕਟ ਫਾਰਮਿੰਗ ਨੂੰ ਸੁਖਾਲਾ ਬਣਾਉਣਾ ਸ਼ਾਮਲ ਹਨ।