ਕਿਹਾ, ਲੋਕਾਂ ਨੂੰ ਸੁਰੱਖਿਆ ਸਬੰਧੀ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਨੌਜਵਾਨਾਂ ਦੀ ਵੱਡੀ ਭੂਮਿਕਾ
ਐਸ.ਏ.ਐੱਸ. ਨਗਰ, 23 ਜੂਨ 2020: ਮੌਜੂਦਾ ਕੋਰੋਨਾ ਵਾਇਰਸ ਸੰਕਟ ਨੇ ਨੌਜਵਾਨਾਂ ਦੇ ਮੋਢਿਆਂ 'ਤੇ ਇਕ ਵੱਡੀ ਜ਼ਿੰਮੇਵਾਰੀ ਪਾਈ ਹੈ ਕਿ ਉਹ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਅ ਯਕੀਨੀ ਬਣਾਉਣ ਲਈ ਸੁਰੱਖਿਆ ਸਬੰਧੀ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ। ਇਹ ਪ੍ਰਗਟਾਵਾ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਮਿਸ਼ਨ ਫਤਹਿ ਵਾਰੀਅਰਜ਼ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਮਿਸ਼ਨ ਫਤਹਿ ਵਾਰੀਅਰ ਬੈਜਾਂ ਨਾਲ ਨੌਜਵਾਨ ਵਲੰਟੀਅਰਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਜਾਗਰੂਕਤਾ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਕਰੀਬਨ 42000 ਨੌਜਵਾਨ ਵਲੰਟੀਅਰਾਂ ਨੇ ਕੋਵਾ ਐਪ ਡਾਊਨਲੋਡ ਕੀਤੀ ਹੈ ਅਤੇ ਮਿਸ਼ਨ ਫਤਿਹ ਵਾਰੀਅਰਜ਼ ਵਜੋਂ ਸ਼ਾਮਲ ਹੋਏ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬਿੰਦਰਾ ਨੇ ਦੱਸਿਆ ਕਿ ਪੰਜਾਬ ਯੁਵਾ ਵਿਕਾਸ ਬੋਰਡ, ਯੁਵਕ ਸੇਵਾਵਾਂ ਵਿਭਾਗ ਦੇ ਨਾਲ, 13500 ਤੋਂ ਵੱਧ ਯੂਥ ਕਲੱਬਾਂ ਅਤੇ 1585 ਐਨਐਸਐਸ ਯੂਨਿਟ ਰਾਹੀਂ ਜਾਗਰੂਕਤਾ ਪੈਦਾ ਕਰਨ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਹੀ ਹੈ। ਇਸ ਤੋਂ ਇਲਾਵਾ, 18 ਯੂਨੀਵਰਸਿਟੀਆਂ ਅਤੇ 572 ਕਾਲਜਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ 600 ਰੈਡ ਰਿਬਨ ਕਲੱਬਾਂ ਦੇ ਵਿਦਿਆਰਥੀ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਏ ਹਨ ਅਤੇ ਆਮ ਲੋਕਾਂ ਨੂੰ ਸਿਹਤ ਪ੍ਰੋਟੋਕੋਲ ਜਿਵੇਂ ਕਿ ਬਾਹਰ ਜਾਣ ਵੇਲੇ ਮਾਸਕ ਪਹਿਨਣਾ, ਸਾਬਣ ਨਾਲ 20 ਸਕਿੰਟਾਂ ਲਈ ਜਿੰਨੀ ਵਾਰ ਸੰਭਵ ਹੋ ਸਕੇ ਹੱਥ ਧੋਣਾ ਅਤੇ ਸਮਾਜਕ ਦੂਰੀ ਨੂੰ ਬਣਾਈ ਰੱਖਣਾ ਦੀ ਸਖਤੀ ਨਾਲ ਪਾਲਣ ਕਰਨ ਲਈ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਲੇ-ਦੁਆਲੇ ਨੂੰ ਸਾਫ਼ ਰੱਖਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜੋ ਕਿ ਕੋਰੋਨਾ ਵਾਇਰਸ ਦੇ ਮਹਾਂਮਾਰੀ ਨਾਲ ਲੜਨ ਵਿਚ ਬਹੁਤ ਮਦਦਗਾਰ ਹੋਵੇਗਾ।