ਕੋਵਿਡ-19 ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ
ਚੰਡੀਗੜ੍ਹ,01 ਜੁਲਾਈ 2020: ਸੂਬਾ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਫਤਹਿ’ ਤਹਿਤ ਅੱਜ ਸੂਬੇ ਭਰ ਦੇ ਕਰੀਬ 19 ਹਜ਼ਾਰ ਸਕੂਲਾਂ ਦੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਘਰ ਘਰ ਜਾ ਕੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਖੁਦ ਕੋਰੋਨਾ ਤੋਂ ਬਚਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਅਹਿਤਿਆਤ ਕਰਦਿਆਂ ਘਰ ਘਰ ਪਹੁੰਚ ਕੀਤੀ ਗਈ। ਇਸ ਸੰਪਰਕ ਮੁਹਿੰਮ ਦੌਰਾਨ ਅਧਿਆਪਕਾਂ ਨੇ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਗਰੂਕ ਕੀਤਾ। ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਰੋਕਣ ਬਾਰੇ ਵੀ ਆਮ ਲੋਕਾਂ ਨੂੰ ਵਿਸਥਾਰ ਵਿੱਚ ਸਮਝਾਇਆ ਗਿਆ।
ਬੁਲਾਰੇ ਨੇ ਦੱਸਿਆ ਕਿ ਘਰ-ਘਰ ਪਹੰੁਚੇ ਅਧਿਆਪਕਾਂ ਨੇ ਮਿਸ਼ਨ ਫਤਹਿ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਸੁਨੇਹੇ ਦੇ ਪੈਂਫਲਿਟ ਵੰਡੇ ਅਤੇ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਮਰੀਜ਼ ਨਾਲ ਚੌਕਸੀ ਵਰਤਦਿਆਂ ਸਨੇਹ ਭਰਪੂਰ ਵਿਵਹਾਰ ਕਰਨ ਲਈ ਪ੍ਰੇਰਿਤ। ਆਮ ਲੋਕਾਂ ਨੂੰ ਘਰਾਂ ਤੋਂ ਜਰੂਰਤ ਸਮੇਂ ਹੀ ਬਾਹਰ ਨਿੱਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਆਪੋ ਆਪਣੇ ਮੋਬਾਈਲ਼ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕਰਦਿਆਂ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ। ਆਮ ਲੋਕਾਂ ਚ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਭਾਰੀ ਉਤਸ਼ਾਹ ਵੇਖਿਆ ਗਿਆ। ਲੋਕਾਂ ਵੱਲੋਂ ਜਾਗਰੂਕਤਾ ਟੀਮਾਂ ਨੂੰ ਕੋਰੋਨਾ ਵਾਇਰਸ ਦਾ ਫੈਲਾਅ ਰੋਕਣ ਲਈ ਦੱਸੀਆਂ ਸਾਵਧਾਨੀਆਂ ਉਤੇ ਪੂਰਨ ਅਮਲ ਦਾ ਵਿਸ਼ਵਾਸ ਦਿਵਾਇਆ ਗਿਆ।