ਜਲੰਧਰ 02 ਜੁਲਾਈ 2020: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਜੀ ਅਦਾਰਿਆਂ ਦੇ ਸਹਿਯੋਗ ਨਾਲ ਲੋਕ ਸੇਵਾ ਦੇ ਖੇਤਰ ਨਾਲ ਜੁੜੀਆਂ ਸਖ਼ਸੀਅਤਾਂ/ਐਨ.ਜੀ.ਓ.ਨੂੰ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਵਲੋਂ ਇਕ ਲੱਖ ਰੁਪਏ ਦਾ ਚੈਕ ਕਾਰਪੋਰੇਟ ਸੋਸ਼ਲ ਰਿਸਪੌਂਸਿਬਿਲਟੀ ਫੰਡ ਵਿਚੋਂ ਉਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਨੂੰ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਦੇ ਚੱਲ ਰਹੇ ਕੰਮ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਬਦਲੇ ਭੇਟ ਕੀਤਾ ਗਿਆ। ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਦੇ ਕੰਮ ਵਿੱਚ ਸੰਤ ਬਲਬੀਰ ਸਿੰਘ ਨੂੰ ਪੂਰਨ ਸਹਿਯੋਗ ਅਤੇ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਜੋ ਇਸ ਖੇਤਰ ਵਿੱਚ ਹੜ੍ਹਾਂ ਦੇ ਖ਼ਤਰੇ ਨੂੰ ਰੋਕਣ ਵਿੱਚ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਨਿਭਾਈ ਗਈ ਇਸ ਲਾਮਿਸਾਲ ਸੇਵਾ ਦਾ ਕਦੇ ਰਿਣ ਨਹੀਂ ਉਤਾਰ ਸਕਦੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮਹੱਤਵਪੂਰਨ ਕੰਮ ਵਿੱਚ ਨਿਮਾਣਾ ਜਿਹਾ ਯੋਗਦਾਨ ਹੈ। ਰੇਲਵੇ ਪੁਲ ਗਿੱਦੜਪਿੰਡੀ ਹੇਠੋਂ 12 ਸਪੇਨਾਂ ਵਿਚੋਂ ਮਿੱਟੀ ਕੱਢਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕ ਰੇਲਵੇ ਪੁਲ ਹੇਠੋਂ ਮਿੱਟੀ ਕੱਢਣਾ ਸਮੇਂ ਦੀ ਲੋੜ ਹੈ ਜਿਸ ਨਾਲ ਆਉਣ ਵਾਲੇ ਸਮੇਂ ਦੌਰਾਨ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਲੋਕਾਂ ਦੇ ਸਹਿਯੋਗ ਨਾਲ ਇਸ ਕੰਮ ਨੂੰ ਕਰਨ ਲਈ ਵਧੀਆ ਕੰਮ ਕੀਤਾ ਹੈ ਜਿਸ ਦਾ ਕੋਈ ਸਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ/ਐਨ.ਜੀ.ਓਜ਼ ਵਲੋਂ ਅੱਗੇ ਆ ਕੇ ਕੀਤੇ ਗਏ ਇਸ ਕੰਮ ਲਈ ਹਮੇਸ਼ਾਂ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੀਆਂ ਸਖਸ਼ੀਅਤਾਂ ਨੂੰ ਸਮਾਜ ਦੀ ਸੇਵਾ ਲਈ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿੱਚ ਜੋ ਵੀ ਸੰਸਥਾ ਸਮਾਜ ਸੇਵਾ ਦੇ ਖੇਤਰ ਵਿੱਚ ਅੱਗੇ ਆ ਕੇ ਲੋਕਾਂ ਦੀ ਸੇਵਾ ਕਰੇਗੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦੀ ਸਹਾਇਤਾ ਕੀਤੀ ਜਾਵੇਗੀ। ਸ੍ਰੀ ਥੋਰੀ ਨੇ ਕਿਹਾ ਕਿ ਉਨਾਂ ਵਲੋਂ ਪਹਿਲਾਂ ਹੀ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਜਾ ਚੁੱਕਾ ਹੈ ਕਿ ਅਜਿਹੇ ਵਿਅਕਤੀਆਂ ਅਤੇ ਸੰਸਥਾਵਾਂ ਦੀ ਪਹਿਚਾਣ ਕਰਕੇ ਉਨ੍ਹਾਂ ਤੱਕ ਪਹੁੰਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇਸ਼ ਦੇ ਸਪੂਤਾਂ ਦੀ ਪ੍ਰਸੰਸਾ ਹੀ ਹੈ ਜਿਨਾਂ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਹੈ।