4 ਖਿਲਾਫ ਐਫਆਈਆਰ ਦਰਜ, 26 ਨੂੰ ਦਿੱਤੀ ਚੇਤਾਵਨੀ
ਐਸ.ਏ.ਐਸ. ਨਗਰ, 9 ਜੁਲਾਈ 2020: ਜ਼ਿਲ੍ਹਾ ਪ੍ਰਸ਼ਾਸਨ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਅਤੇ ਕਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦੀ ਸਥਿਤੀ ਵਿਚ ਲੋਕਾਂ ਦੀਆਂ ਜਾਨਾਂ ਨੂੰ ਖਤਰੇ ਵਿਚ ਪਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰ ਰਿਹਾ ਹੈ।
ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਵੱਲੋਂ ਕੀਤਾ ਗਿਆ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਦੇ ਸਹਿਯੋਗ ਨਾਲ ਧਾਰਾ 188 ਜੋ ਕਿ ਅਧਿਕਾਰ ਹਾਸਲ ਸਰਕਾਰੀ ਮੁਲਾਜਮ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਨਾਲ ਸਬੰਧਤ ਹੈ, ਤਹਿਤ, ਅਤੇ ਇਸ ਤੋਂ ਇਲਾਵਾ ਧਾਰਾ 269, 270 ਅਤੇ 271 (ਜੀਵਨ ਲਈ ਖਤਰਨਾਕ ਰੋਗ ਦਾ ਸੰਕਰਮਣ ਫੈਲਾਉਣ ਲਈ ਜਾਣਬੁੱਝ ਕੇ ਕੀਤਾ ਕੰਮ) ਤਹਿਤ 4 ਐਫਆਈਆਰ ਦਰਜ ਕੀਤੀਆਂ ਹਨ ਅਤੇ ਇਸ ਤੋਂ ਇਲਾਵਾ 26 ਵਿਅਕਤੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ।
ਕਾਰਜ ਪ੍ਰਣਾਲੀ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਕੁਆਰੰਟੀਨ ਅਧੀਨ ਲੋਕਾਂ ਲਈ ਕੋਵਾ ਐਪ ਡਾਊਨਲੋਡ ਕਰਨਾ ਲਾਜਮੀ ਹੈ ਅਤੇ ਕੋਵਾ ਐਪ ਪੋਰਟਲ ਐਡਮਿਨ ਵੱਲੋਂ ਉਹਨਾਂ ਦੀ ਟਰੈਕਿੰਗ ਕੀਤੀ ਜਾਂਦੀ ਹੈ। ਜੇਕਰ ਕੋਈ ਵਿਅਕਤੀ ਪਹਿਲੀ ਵਾਰ ਕੁਆਰੰਟੀਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਪਰ ਜੇਕਰ ਕੋਈ ਦੁਬਾਰਾ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਐਫਆਈਆਰ ਦਰਜ ਕੀਤੀ ਜਾਂਦੀ ਹੈ।
ਡੀਸੀ ਨੇ ਕੁਆਰੰਟੀਨ ਅਧੀਨ ਲੋਕਾਂ ਨੂੰ ਸੁਰੱਖਿਆ ਪ੍ਰੋਟੋਕੋਲਾਂ ਦੀ ਪਾਲਣਾ ਲਈ ਕਿਹਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਇਸ ਦੀ ਸਫਲਤਾ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਜਰੂਰਤ ਹੈ।