← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 13 ਜੁਲਾਈ 2020: ਬਠਿੰਡਾ ਜਿਲੇ ’ਚ ਕਰੋਨਾ ਵਾਇਰਸ ਦੇ ਨਿੱਤ ਨਵੇਂ ਮਾਮਲਿਆਂ ਦਾ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਸੋਮਵਾਰ ਨੂੰ ਕਰੋਨਾ ਵਾਇਰਸ ਨਾਲ ਸਬੰਧਤ 9 ਹੋਰ ਨਵੇਂ ਵਿਅਕਤੀਆਂ ਦੀ ਰਿਪੋਰਟ ਪਾਜੀਟਿਵ ਆਈ ਹੈ। ਉਨਾਂ ਦੱਸਿਆ ਕਿ ਇੰਨਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਇਲਾਜ ਲਈ ਦਾਖ਼ਲ ਕੀਤਾ ਜਾ ਰਿਹਾ ਹੈ। ਓਧਰ ਡਿਪਟੀ ਕਮਿਸ਼ਨਰ ਬਠਿੰਡਾ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ 128 ਵਿਅਕਤੀ ਕਰੋਨਾ ਵਾਇਰਸ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਭਾਵੇਂ ਜ਼ਿਲੇ ਅੰਦਰ ਕੁੱਲ ਐਕਟਿਵ ਕੇਸਾਂ ਦੀ ਗਿਣਤੀ 208 ਹੈ ਪਰ ਬਠਿੰਡਾ ਜ਼ਿਲੇ ਨਾਲ ਸਬੰਧਤ ਸਿਰਫ਼ 150 ਐਕਟਿਵ ਕੇਸ ਹੀ ਹਨ, ਜਦਕਿ ਬਾਕੀ 58 ਕੇਸ ਹੋਰਨਾਂ ਜ਼ਿਲਿਆਂ ਨਾਲ ਸਬੰਧਤ ਹਨ। ਡਿਪਟੀ ਕਮਿਸ਼ਨਰ ਨੇ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਵਾਇਰਸ ਇੱਕ ਛੂਤ-ਛਾਤ ਦੀ ਬਿਮਾਰੀ ਹੈ ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦੀ ਹੈ। ਇਸ ਤੋਂ ਬਚਣ ਲਈ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਇਸ ਤੋਂ ਬਚਾਓ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ ਕੀਤਾ ਜਾਵੇ।
Total Responses : 266