ਮੁੱਖ ਮੰਤਰੀ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਆਪ ਨਾਲ ਰਲ ਕੇ ਕੂੜ ਪ੍ਰਚਾਰ ਕਰਨ ਦੀ ਕੋਸ਼ਿਸ਼ ਨਾ ਕਰਨ
ਕਿਹਾ ਕਿ ਮੁੱਖ ਮੰਤਰੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰਨ ਤੇ ਸੂਬੇ ਦੇ ਖ਼ਜ਼ਾਨੇ ਦੀ ਲੁੱਟ ਲਈ ਜ਼ਿੰਮੇਵਾਰੀ ਘੁਟਾਲਿਆਂ ਦੀ ਜਾਂਚ ਕਰਵਾਉਣ
ਚੰਡੀਗੜ, 20 ਜੁਲਾਈ 2020: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਬਾਰੇ ਕੇਂਦਰ ਤੋਂ ਸਪਸ਼ਟ ਭਰੋਸਾ ਲੈਣ ਲਈ ਕਿਸਾਨ ਜਥੇਬੰਦੀਆਂ ਨੂੰ ਵੀ ਲੈ ਕੇ ਉਹਨਾਂ ਨਾਲ ਕੇਂਦਰ ਕੋਲ ਚੱਲਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਦੀ ਵਿਵਸਥਾ ਖਤਮ ਹੋਣ ਬਾਰੇ ਤੁਹਾਡੇ ਵੱਲੋਂ ਵਾਰ ਵਾਰ ਬੋਲੇ ਗਏ ਝੂਠ ਦਾ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਪਰਦਾਫਾਸ਼ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਇਸਦੇ ਮੌਜੂਦਾ ਸਰੂਪ ਵਿਚ ਹੀ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਕਿਉਂਕਿ ਤੁਸੀਂ ਇਸ ਭਰੋਸੇ 'ਤੇ ਵਿਸ਼ਵਾਸ ਨਹੀਂ ਕਰ ਰਹੇ, ਇਸ ਲਈ ਤੁਹਾਨੂੰ ਹੋਰ ਕਿਸਾਨ ਸੰਗਠਨਾਂ ਨੂੰ ਨਾਲ ਲੈ ਕੇ ਮੇਰੇ ਨਾਲ ਚੱਲਣਾ ਚਾਹੀਦਾ ਹੈ ਤਾਂ ਕਿ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਇਸ ਮਾਮਲੇ 'ਤੇ ਸਪਸ਼ਟ ਭਰੋਸਾ ਲਿਆ ਜਾ ਸਕੇ।
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਪੇਸ਼ਕਸ਼ ਸਵੀਕਾਰ ਕਰਨਾ ਮੁਸ਼ਕਿਲ ਜਾਪਦਾ ਹੈ ਕਿਉਂਕਿ ਉਹ ਆਪਣੀ ਸਰਕਾਰ ਦੀ ਬੁਰੀ ਤਰ•ਾਂ ਅਸਫਲਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਇਸ ਮੁੱਦੇ 'ਤੇ ਆਪਣਾ ਕੂੜ ਪ੍ਰਚਾਰ ਜਾਰੀ ਰੱਖਣਾ ਚਾਹੁਣਗੇ। ਉਹਨਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਣ ਵਿਵਸਥਾ ਖਤਮ ਹੋਣ ਦੀ ਕਾਵਾਂ ਰੌਲੀ ਕਿਸਾਨ ਭਾਈਚਾਰੇ ਨੂੰ ਗੁੰਮਰਾਹ ਕਰਨ ਤੇ ਆਪ ਨਾਲ ਰਲ ਕੇ ਅਕਾਲੀ ਦਲ ਦੇ ਖਿਲਾਫ ਲੋਕਾਂ ਨੂੰ ਭੜਕਾਉਣ ਵਾਸਤੇ ਪਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਸੋਚੀ ਸਮਝੀ ਰਣਨੀਤੀ ਹੈ ਤੇ ਆਪ ਇਸ ਵਿਚ ਕਾਂਗਰਸ ਦਾ ਸਾਥ ਦੇ ਰਹੀ ਹੈ ਕਿਉਂਕਿ ਦੋਵੇਂ ਪਾਰਟੀਆਂ ਮਹਿਸੂਸ ਕਰ ਰਹੀਆਂ ਹਨ ਕਿ ਉਹਨਾਂ ਨੂੰ ਅਕਾਲੀ ਦਲ ਦੇ ਖਿਲਾਫ ਇਕਜੁੱਟ ਹੋ ਜਾਣਾ ਚਾਹੀਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਕੂੜ ਪ੍ਰਚਾਰ ਨਾਲ ਮੂਰਖ ਨਹੀਂ ਬਣਾਇਆ ਜਾ ਸਕਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਤਿੰਨ ਸਾਲ ਪਹਿਲਾਂ ਕੇਂਦਰੀ ਖੇਤੀਬਾੜੀ ਆਰਡੀਨੈਂਸ ਵਾਲੀਆਂ ਇਹੀ ਵਿਵਸਥਾਵਾਂ ਪਾਸ ਕੀਤੀਆਂ ਸਨ ਜਿਸਦਾ ਹੁਣ ਵਿਰੋਧ ਕਰ ਰਹੇ ਹਨ। ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਇਸਦਾ ਖੰਡਨ ਕਰ ਕੇ ਵਿਖਾਉਣ। ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਕਿਸਾਨਾਂ ਦੇ ਮਾਮਲੇ ਵਿਚ ਆਪਣੀ ਭਰੋਸੇਯੋਗਤਾ ਸਾਬਤ ਕਰਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਵਾਰ ਆਪਣੀ ਸਰਕਾਰ ਦੇ ਰਾਜਕਾਲ ਦੌਰਾਨ ਖੇਤੀਬਾੜੀ ਟਿਊਬਵੈਲਾਂ ਲਈ ਮੁਫਤ ਬਿਜਲੀ ਬੰਦ ਕਰਕੇ ਮੁੜ ਬਿੱਲ ਲਾਗੂ ਕਰ ਦਿੱਤੇ ਸਨ ਤੇ ਇਸ ਵਾਰ ਵੀ ਅਜਿਹਾ ਕਰਨ ਦਾ ਯਤਨ ਕੀਤਾ ਸੀ ਪਰ ਅਕਾਲੀ ਦਲ ਵੱਲੋਂ ਜ਼ੋਰਦਾਰ ਵਿਰੋਧ ਕਰਨ 'ਤੇ ਸਰਕਾਰ ਨੇ ਟਾਲਾ ਵੱਟ ਲਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਚੇਤੇ ਹੋਣਾ ਚਾਹੀਦਾ ਹੈ ਕਿ ਪੰਜਾਬ ਵਿਚ ਕਿਸਾਨਾਂ ਲਈ ਮੁਫਤ ਬਿਜਲੀ ਦੀ ਸਹੂਲਤ ਸਾਬਕਾ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ। ਉਹਨਾਂ ਕਿਹਾ ਕਿ ਇਕੱਲੀ ਇਸ ਸਹੂਲਤ ਨਾਲ ਹੀ ਹਰ ਕਿਸਾਨ ਨੂੰ ਸਾਲਾਨਾ 50 ਹਜ਼ਾਰ ਤੋਂ ਸਵਾ ਲੱਖ ਰੁਪਏ ਦਾ ਫਾਇਦਾ ਮਿਲ ਰਿਹਾ ਹੈ।
ਮੁੱਖ ਮੰਤਰੀ ਨੂੰ ਆਪਣੇ ਕਹੇ 'ਤੇ ਖਰਾ ਉਤਰਣ ਦੀ ਸਲਾਹ ਦਿੰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨ ਦੀ ਗੱਲ ਕਰਨ ਤੋਂ ਪਹਿਲਾਂ ਕੁਝ ਕਿਸਾਨ ਹਿਤੈਸ਼ੀ ਫੈਸਲੇ ਤਾਂ ਲੈ ਕੇ ਵਿਖਾਉਣ। ਉਹਨਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਤੁਸੀਂ ਕਿਸਾਨਾਂ ਨੂੰ ਜਿਣਸਾਂ 'ਤੇ 30 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਵਾਅਦਾ ਕੀਤਾ ਸੀ ਪਰ ਦਿੱਤੇ ਸਿਰਫ 10 ਰੁਪਏ। ਉਹਨਾਂ ਕਿਹਾ ਕਿ ਕਿਸਾਨਾਂ ਦੇ ਮਾਮਲੇ ਵਿਚ ਤੁਹਾਡਾ ਰਿਕਾਰਡ ਇਸ ਤਰੀਕੇ ਦਾ ਹੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਹਮੇਸ਼ਾ ਰਿਕਾਰਡ ਰਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਡੱਟ ਕੇ ਖੜ•ਾ ਹੋਇਆ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜੀ ਤੇ ਉਹਨਾਂ ਨਾਲ ਕਿਸੇ ਵੀ ਤਰੀਕੇ ਵਿਤਕਰਾ ਨਹੀਂ ਹੋਣ ਦੇਵੇਗਾ। ਉਹਨਾਂ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਭਰੋਸਾ ਦੁਆਇਆ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਚਲਦਾ ਰਹੇਗਾ ਤੇ ਫਾਰਮਿੰਗ ਪ੍ਰੋਡਿਊਸ ਟਰੇਡ ਐਂਡ ਕਾਮਰਸ ਆਰਡੀਨੈਂਡਸ 2020 ਦਾ ਘੱਟੋ ਘੱਟ ਸਮਰਥਨ ਮੁੱਲ ਨਾਲ ਕੋਈ ਲੈਣ ਦੇਣ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਵੀ ਇਸ ਗੱਲ ਨੂੰ ਯਕੀਨੀ ਬਣਾਵਾਂਗੇ ਕਿ ਭਵਿੱਖ ਵਿਚ ਵੀ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਣ ਦੀ ਵਿਵਸਥਾ ਖਤਮ ਨਾ ਹੋਵੇ। ਉਹਨਾਂ ਕਿਹਾ ਕਿ ਇਸ ਮਾਮਲੇ 'ਤੇ ਕੋਈ ਗੱਲਬਾਤ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਕੋਈ ਵੀ ਗਠਜੋੜ, ਸਰਕਾਰ ਜਾਂ ਮੰਤਰੀ ਦਾ ਅਹੁਦਾ ਕਿਸਾਨਾਂ ਦੀ ਖੁਸ਼ਹਾਲੀ ਦੇ ਇਹਨਾਂ ਦੋ ਥੰਮਾਂ ਦੀ ਰਾਖੀ ਤੋਂ ਜ਼ਿਆਦਾ ਅਹਿਮੀਅਤ ਨਹੀਂ ਰੱਖਦਾ।
ਸ੍ਰੀ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਕੂੜ ਪ੍ਰਚਾਰ ਨਾਲ ਲੋਕਾਂ ਦਾ ਧਿਆਨ ਪਾਸੇ ਕਰਨ ਦੀ ਥਾਂ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰਨ ਤੇ ਉਹਨਾਂ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇ ਜਿਹਨਾਂ ਕਾਰਨ ਸੂਬੇ ਦੇ ਖ਼ਜ਼ਾਨੇ ਦੀ ਲੁੱਟ ਹੋਈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ ਬਲਕਿ 5600 ਕਰੋੜ ਦੇ ਸ਼ਰਾਬ ਘੁਟਾਲੇ, ਬੀਜ ਤੇ ਕੇਂਦਰੀ ਰਾਸ਼ਨ ਘੁਟਾਲਿਆਂ ਦੀ ਜਾਂਚ ਨਾ ਕਰਵਾ ਕੇ ਕਾਂਗਰਸੀਆਂ ਨੂੰ ਸੂਬੇ ਦੇ ਖ਼ਜ਼ਾਨੇ ਦੀ ਲੁੱਟ ਕਰਨ ਦੀ ਆਗਿਆ ਦਿੱਤੀ ਹੈ।