ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ‘ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕਰੂਲਾਂਪੁਰ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਪਹਿਲਾ ਸਥਾਨ ਕੀਤਾ ਹਾਸਲ
ਐਸ.ਏ.ਐਸ ਨਗਰ 22 ਜੁਲਾਈ 2020: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਸ਼ਬਦ ਗਾਇਨ ਪ੍ਰਤੀਯੋਗਤਾ ਦੇ ਬਲਾਕ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ 'ਚ ਚੱਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ 'ਚ ਹਿੱਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ (ਸੈ.)ਹਿੰਮਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਗੁਰਪ੍ਰੀਤ ਕੌਰ ਧਾਲੀਵਾਲ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਿਲ੍ਹਾ ਪੱਧਰ 'ਤੇ ਸ਼ਬਦ ਗਾਇਨ ਮੁਕਾਬਲਿਆਂ ਦਾ ਸੰਚਾਲਨ ਕੀਤਾ ਜਾਵੇਗਾ।
ਸੈਕੰਡਰੀ ਵਰਗ ਦੇ ਬਲਾਕ ਚ 9 ਬੱਚਿਆਂ ਨੇ ਪਹਿਲਾ ਅਤੇ 9 ਬੱਚਿਆਂ ਨੇ ਦੂਜਾ ਸਥਾਨ, ਮਿਡਲ ਵਰਗ ਦੇ ਬਲਾਕ ਚ 9 ਬੱਚਿਆਂ ਨੇ ਪਹਿਲਾ ਅਤੇ 6 ਬੱਚਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸੈਕੰਡਰੀ ਵਰਗ ਦੇ ਬਲਾਕ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕਰੂਲਾਂਪੁਰ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ । ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਐਲੀ.) ਅਮ੍ਰਿੰਤਪਾਲ ਸਿੰਘ ਅਤੇ ਜਿਲ੍ਹਾ ਨੋਡਲ ਅਫਸਰ (ਸੈ.) ਹਰਵਿੰਦਰ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ 'ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।