ਹਰਿੰਦਰ ਨਿੱਕਾ
ਸੰਗਰੂਰ 29 ਜੁਲਾਈ 2020 - ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਡਿਪਟੀ ਕਮਿਸ਼ਨਰ ਰਾਮਵੀਰ ਦੀ ਅਗਵਾਈ ਹੇਠ ਕੋਵਿਡ-19 ’ਤੇ ਕਾਬੂ ਪਾਉਣ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮਿਸ਼ਨ ਫ਼ਤਹਿ ਤਹਿਤ ਵਾਹਨਾਂ ਦੀ ਚੈਕਿੰਗ ਦੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਮਿਸ਼ਨ ਫ਼ਤਹਿ ਤਹਿਤ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਸਬ ਡਵੀਜ਼ਨਲ ਮੈਜਿਸਟੇ੍ਰਟ ਸੁਨਾਮ ਸ਼੍ਰੀਮਤੀ ਮਨਜੀਤ ਕੌਰ ਵੱਲੋਂ ਬੱਸਾਂ ਅਤੇ ਆਵਾਜਾਈ ਦੇ ਹੋਰਨਾਂ ਸਾਧਨਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ 12 ਚਾਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇਹ ਪਾਇਆ ਗਿਆ ਕਿ ਸਿਰਫ਼ 12 ਵਾਹਨਾਂ ’ਚ ਯਾਤਰੀਆਂ ਨੇ ਮਾਸਕ ਨਹੀਂ ਪਹਿਨੇ ਹੋਏ ਸਨ ਅਤੇ ਉਨ੍ਹਾਂ ਦਾ ਮੌਕੇ ’ਤੇ ਚਲਾਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ 4 ਬੱਸਾਂ ’ਚ ਸਵਾਰ ਯਾਤਰੀ ਤੇ ਬਾਕੀ 8 ਹੋਰਨਾਂ ਸਾਧਨਾਂ ’ਤੇ ਸਵਾਰ ਵਿਅਕਤੀ ਸ਼ਾਮਲ ਹਨ।
ਐਸ.ਡੀ.ਐਮ. ਮਨਜੀਤ ਕੌਰ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਵੱਲੋਂ ਸਿਹਤ ਅਤੇ ਯਾਤਰਾ ਸਬੰਧੀ ਐਡਵਾਇਜ਼ਰੀ ਦੀ ਪਾਲਣਾ ਕੀਤੀ ਜਾ ਰਹੀ ਹੈ ਪਰ ਕੋਵਿਡ-19 ’ਤੇ ਕਾਬੂ ਪਾਉਣ ਅਤੇ ਇਸ ਮਹਾਂਮਾਰੀ ਦੇ ਟਾਕਰੇ ਲਈ ਲੋਕਾਂ ਵੱਲੋਂ ਸਰਕਾਰ ਦੇ ਯਤਨਾਂ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਿਹਤ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਅਸੀਂ ਹੁਣ ਤੱਕ ਕੋਵਿਡ ਦੇ ਮਾਮਲਿਆਂ ਨੂੰ ਕਾਬੂ ਵਿੱਚ ਰੱਖਣ ਲਈ ਕਾਫ਼ੀ ਹੱਦ ਤੱਕ ਸਫ਼ਲ ਰਹੇ ਹਾਂ ਅਤੇ ਸਾਡੇ ਲੋਕਾਂ ਦੇ ਨਿਰੰਤਰ ਸਹਿਯੋਗ ਨਾਲ ਅਸੀਂ ਸਾਰੇ ਇਸ ਵਾਇਰਸ ਨੂੰ ਮਿਲ ਕੇ ਹਰਾਵਾਂਗੇ।