ਗੁਰ ਰੰਧਾਵਾ
ਤਰਨਤਾਰਨ, 1 ਅਗਸਤ 2020 - ਪੰਜਾਬ ਦੇ ਮੁੱਖ ਮੰਤਰੀ ਇਕ ‘ਖੂਨੀ’ ਸਰਕਾਰ ਦੀ ਅਗਵਾਈ ਕਰ ਰਹੇ ਹਨ ਜਿਸ ਦੇ ਹੱਥ 80 ਪੰਜਾਬੀਆਂ ਦੇ ਖੂਨ ਦੇ ਰੰਗੇ ਹਨ ਅਤੇ ਨਕਲੀ ਸ਼ਰਾਬ ਦੀ ਇਹ ਤ੍ਰਾਸਦੀ ਲਈ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਹੋਰ ਆਗੂਆਂ ਨੂੰ ਸੂਬੇ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਲਈ ਦਿੱਤੀ ਗਈ ਖੁੱਲ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਤੇ ਇਸੇ ਦਾ ਨਤੀਜਾ ਹੈ।
ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਵਿਖੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨਾਂ ਨੇ ਕਿਹਾ ਕਿ ਇਹ ਸਪੱਸ਼ਟ ਤੌਰ ’ਤੇ ਕਤਲ ਹੈ ਅਤੇ ਕੈਬਨਿਟ ਮੰਤਰੀਆਂ ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਬਾਦਲ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੰੂ ਜ਼ਰਾ ਵੀ ਸ਼ਰਮਿੰਦਗੀ ਦਾ ਅਹਿਸਾਸ ਹੈ ਤਾਂ ਫਿਰ ਉਨ੍ਹਾਂ ਨੂੰ ਇਸ ‘ਭਿਆਨਕ ਅਪਰਾਧ’ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਮੁੱਖ ਮੰਤਰੀ ਵਲੋਂ ਘਟਨਾ ਦੀ ਮੈਜਿਸਟਰੇਟੀ ਜਾਂਚ ਰੱਦ ਕਰਦਿਆਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਕਿ ਤੁਸੀਂ ਇਕ ਸਰਕਾਰੀ ਮੁਲਾਜ਼ਮ ਤੋਂ ਆਪਣੇ ਹੀ ਮੁੱਖ ਮੰਤਰੀ ਖਿਲਾਫ ਸਹੀ ਤਰੀਕੇ ਜਾਂਚ ਦੀ ਆਸ ਕਿਵੇਂ ਕਰ ਸਕਦੇ ਹੋ ? ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਦੀ ਸਰਪ੍ਰਸਤੀ ਹਾਸਲ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੂੰ ਨਾਜਾਇਜ਼ ਸ਼ਰਾਬ ਵੇਚਣ ਤੋਂ ਤੁਰੰਤ ਰੋਕਿਆ ਨਾ ਗਿਆ ਤਾਂ ਫਿਰ ਅਜਿਹੇ ਹੋਰ ਹਾਦਸੇ ਕਿਸੇ ਵੀ ਸਮੇਂ ਵਾਪਰ ਸਕਦੇ ਹਨ। ਇਸ ਮੌਕੇ ਬਾਦਲ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਤਰਨਤਾਰਨ ਸਿਵਲ ਹਸਪਤਾਲ ਵਿਚ ਜਾ ਕੇ ਬਿਮਾਰਾਂ ਦਾ ਹਾਲ ਚਾਲ ਵੀ ਪੁੱਛਿਆ। ਇਸ ਤੋਂ ਉਪਰੰਤ ਉਨਾਂ ਨੇ ਪਿੰਡ ਮੁੱਛਲ ਦਾ ਵੀ ਦੌਰਾ ਕੀਤਾ ਅਤੇ ਪੀੜਤ ਪਰਿਵਾਰਾਂ ਨੂੰ 25 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਅਤੇ ਪਰਿਵਾਰ ਵਿਚੋਂ ਇਕ ਇਕ ਜੀਅ ਨੂੰ ਨੌਕਰੀ ਦੇਣ ਮੰਗ ਵੀ ਕੀਤੀ।