ਮਾਸਕ ਤਿਆਰ ਕਰਨ ਬਦਲੇ ਸੈਲਫ ਹੈਲਪ ਗਰੁੱਪਾਂ ਨੂੰ 30 ਲੱਖ ਦਾ ਮਿਹਨਤਾਨਾਂ ਮਿਲਿਆ, 50 ਲੱਖ ਦਾ ਹੋਰ ਮਿਲੇਗਾ
ਚੰਡੀਗੜ, 02 ਅਗਸਤ 2020: ਕੋਰੋਨਾ ਵਾਇਰਸ ਦੇ ਵਿਸਵ ਵਿਆਪੀ ਪਸਾਰੇ ਕਾਰਨ ਜਿੱਥੇ ਦੁਨੀਆਂ ਦੀ ਆਰਥਿਕਤਾ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ, ਉਥੇ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਲੋਕਾਂ ਨੂੰ ਇਸ ਦੇ ਅਸਰ ਤੋਂ ਮੁਕਤ ਰੱਖਣ ਲਈ ਲਗਾਤਾਰ ਯਤਨਸੀਲ ਹੈ।ਅੱਜ ਇਥੋਂ ਜਾਰੀ ਬਿਆਨ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਸ ਮੁਸ਼ਕਿਲ ਦੀ ਘੜੀ ਵਿਚ ਗਰੀਬ ਪੇਂਡੂ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ।
ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਇਸੇ ਦੇ ਤਹਿਤ ਵਿਭਾਗ ਵਲੋਂ ਇਸ ਬਿਮਾਰੀ ਤੋਂ ਬਚਾਅ ਲਈ ਇਸ ਸਮੇਂ ਦੀ ਮੁੱਖ ਲੋੜ ਮਾਸਕ ਅਤੇ ਐਪਰਨ ਸੈਲਫ ਹੈਲਪ ਗਰੁੱਪਾਂ ਰਾਹੀਂ ਵੱਡੇ ਪੱਧਰ ਤੇ ਤਿਆਰ ਕਰਵਾ ਕੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਦਿੱਤੇ ਜਾ ਰਹੇ ਹਨ।ਉਨਾ ਦੱਸਿਆ ਕਿ ਹੁਣ ਤੱਕ ਸੂਬੇ ਦੇ ਸੈਲਫ ਹੈਲਪ ਗਰੁੱਪਾਂ ਵਲੋਂ ਤਕਰੀਬਨ ਛੇ ਲੱਖ ਮਾਸਕ ਤੇ ਐਪਰਨ ਤਿਆਰ ਕੀਤੇ ਗਏ ਹਨ ਜੋ ਕਿ ਇਸ ਸੰਕਟ ਦੀ ਘੜੀ ਦੌਰਾਨ ਵਰਦਾਨ ਸਾਬਤ ਰਹੇ ਹਨ।ਇਸ ਦੇ ਨਾਲ ਹੀ ਉਨਾਂ ਦੱਸਿਆ ਕਿ 10 ਲੱਖ ਹੋਰ ਮਾਸਕ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕਰਕੇ ਦਿੱਤੇ ਜਾਣਗੇ।ਜਿਸ ਦਾ ਅੰਦਾਜਨ ਸੈਲਫ ਹੈਲਪ ਗਰੁੱਪਾਂ ਨੂੰ 50 ਲੱਖ ਰੁਪਏ ਦਾ ਕਾਰੋਬਾਰ ਹੋਰ ਮਿਲੇਗਾ।
ਉਨਾਂ ਦੱਸਿਆ ਕਿ ਮਾਸਕ ਬਣਾਉਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਸਮਾਨ ਵੱਖ ਵੱਖ ਸੰਸਥਾਵਾਂ ਅਤੇ ਪ੍ਰਸਾਸ਼ਨ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮਾਸਕ ਤਿਆਰ ਕਰਨ ਲਈ ਸੈਲਫ ਹੈਲਪ ਗਰੁੱਪ ਨੂੰ ਪ੍ਰਤੀ ਮਾਸਕ 5 ਰੁਪਏ ਮਿਹਨਤਾਨਾ ਮਿਲਦਾ ਹੈ।ਇਸ ਸੰਕਟ ਦੀ ਘੜੀ ਆਜੀਵਕਾ ਮਿਸਨ ਅਧੀਨ ਪੇਂਡੂ ਗਰੀਬ ਔਰਤਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਕੰਮ ਤੋਂ ਹੋ ਰਹੀ ਕਮਾਈ ਨਾਲ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀਆਂ ਹਨ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤੀ ਸਕੱਤਰ ਪੇਂਡੂ ਵਿਕਾਸ ਵਿਭਾਗ ਸੀਮਤੀ ਸੀਮਾ ਜੈਨ ਨੇ ਦੱਸਿਆ ਕਿ ਮਾਸਕ ਬਣਾਉਣ ਤੋਂ ਇਲਾਵਾ ਵਿਭਾਗ ਵੱਲੋਂ ਮਹਾਂਮਾਰੀ ਸਬੰਧੀ ਵੱਡੇ ਪੱਧਰ ਤੇ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਉਨਾਂ ਦੱਸਿਆ ਵਿਭਾਗ ਨੇ ਸਰਪੰਚਾਂ ਦੇ ਵਟਸਐਪ ਗਰੁੱਪ ਬਣਾ ਕੇ ਕੋਵਿਡ ਤੋਂ ਬਚਾਅ ਲਈ ਜਾਣਕਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਪਿੰਡਾਂ ਵਿਚ ਲਾਏ ਗਏ ਬੂਟਿਆਂ ਦੀ ਸਾਂਭ ਸੰਭਾਲ ਲਈ ਵਣ ਮਿੱਤਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ, ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਚਿੰਨ ਲਾਏ ਗਏ ਹਨ, ਪਿੰਡਾਂ ਵਿਚ ਦਵਾਈ ਦੀ ਸਪਰੇਅ ਕਰਕੇ ਸੈਨੀਟੇਸ਼ਨ ਤਿੰਨ ਰਾਉਂਡ ਪੂਰੇ ਕੀਤੇ ਗਏ, ਪਿੰਡਾਂ ਦੇ ਟੋਭਿਆਂ ਦੀ ਸਫਾਈ ਕਰਵਾਈ, ਪੰਚਾਇਤੀ ਜਮੀਨਾਂ ਦੀ ਸਫਲ ਬੋਲੀ ਕਰਵਾਈ ਅਤੇ ਵਿਭਾਗ ਦੇ ਅਧੀਨ ਕੰਮ ਕਰ ਰਹੇ ਪੇਂਡੂ ਡਾਕਟਰਾਂ ਅਤੇ ਫਾਰਮਾਸਿਸਟਾਂ ਵਲੋਂ ਫਰੰਟਲਾਈਨ ‘ਤੇ ਕੋਵਿਡ ਵਾਰਡਾਂ ਵਿਚ ਡਿਊਟੀ ਦਿੱਤੀ ਜਾ ਰਹੀ ਹੈ।