ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਪੱਧਰੀ `ਤੇ ਛਾਪੇਮਾਰੀ, 457 ਲੀਟਰ ਨਾਜਾਇਜ਼ ਅਤੇ 802 ਲੀਟਰ ਜਾਇਜ਼ ਸ਼ਰਾਬ ਬਰਾਮਦ, 8 ਵਿਅਕਤੀ ਗ੍ਰਿਫ਼ਤਾਰ
ਐਕਸਾਈਜ਼ ਐਕਟ ਅਧੀਨ 9 ਕੇਸ ਦਰਜ ਕੀਤੇ
ਜ਼ਿਲ੍ਹੇ ਵਿੱਚੋਂ ਇਸ ਬੁਰਾਈ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ
ਹੁਸ਼ਿਆਰਪੁਰ, 02 ਅਗਸਤ 2020: ਸੀਨੀਅਰ ਪੁਲਿਸ ਕਪਤਾਨ ਵਜੋਂ ਜੁਆਇਨ ਕਰਨ ਤੋਂ ਇਕ ਦਿਨ ਬਾਅਦ ਨਵਜੋਤ ਸਿੰਘ ਮਾਹਲ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ਾਂ ਪਿੱਛੋਂ ਅੱਜ ਪੁਲਿਸ ਨੇ ਆਬਕਾਰੀ ਐਕਟ ਤਹਿਤ 9 ਕੇਸ ਦਰਜ ਕਰਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਨਾਜਾਇਜ਼ ਸ਼ਰਾਬ, ਨਸ਼ੇ ਅਤੇ ਰੇਤ ਮਾਫ਼ੀਆ ਦਾ ਕਾਰੋਬਾਰ ਕਰ ਰਹੇ ਗ਼ੈਰ ਸਮਾਜਿਕ ਅਨਸਰਾਂ ਨੂੰ ਚਿਤਾਵਨੀ ਦਿੱਤੀ ਸੀ। ਹੁਣ ਜ਼ਿਲ੍ਹਾ ਪੁਲਿਸ ਅਜਿਹੇ ਅਨਸਰਾਂ ਵਿਰੁੱਧ ਮੁਕੱਦਮਾ ਦਰਜ ਕਰਨ ਲਈ ਕਾਰਵਾਈ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੱਜ ਕਾਰਵਾਈ ਦੌਰਾਨ 457 ਲੀਟਰ ਨਾਜਾਇਜ਼ ਅਤੇ 802 ਲੀਟਰ ਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਦਾ ਲੱਕ ਤੋੜ ਕੇ ਜ਼ਿਲ੍ਹੇ ਵਿੱਚੋਂ ਇਸ ਬੁਰਾਈ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
ਐਸ.ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ, ਨਾਜਾਇਜ਼ ਸ਼ਰਾਬ ਦੇ ਖ਼ਾਤਮੇ ਅਤੇ ਰੇਤ ਮਾਫ਼ੀਆ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਤਿਆਰ ਕਰਨ ਲਈ ਪੁਲਿਸ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਕੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਕਿਹਾ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਸਮੂਹ ਪੁਲਿਸ ਅਧਿਕਾਰੀਆਂ ਨੂੰ ਇਸ ਕਾਰੋਬਾਰ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਉਣ ਲਈ ਕਿਹਾ ਗਿਆ ਸੀ ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਬ ਡਿਵੀਜ਼ਨ ਦਸੂਹਾ, ਟਾਂਡਾ, ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਵਿੱਚ ਛਾਪੇਮਾਰੀਆਂ ਕੀਤੀਆਂ ਗਈਆਂ ਅਤੇ ਭਾਰੀ ਮਾਤਰਾ ਵਿੱਚ ਸ਼ਰਾਬ ਜ਼ਬਤ ਕਰਕੇ 9 ਕੇਸ ਦਰਜ ਕੀਤੇ ਗਏ ਹਨ।
ਉਨ੍ਹਾਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਸਬੰਧਤ ਥਾਵਾਂ ਅਤੇ ਇਲਾਕਿਆਂ ਬਾਰੇ ਪੁਲਿਸ ਨੂੰ ਜਾਣੂ ਕਰਵਾਉਣ ਵਿੱਚ ਸਹਿਯੋਗ ਦੇਣ ਦੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਦੋਸ਼ੀ ਕਿਸੇ ਵੀ ਕੀਮਤ `ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ।