ਚੰਡੀਗੜ੍ਹ 04 ਅਗਸਤ 2020: ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਐਸੋਸੀਏਸ਼ਨ ਵੱਲੋਂ ਅੱਜ ਇਕ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਯੂਨੀਵਰਸਿਟੀ ਦੀ ਐਸੋਸੀਏਸ਼ਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲ਼ਾਫ ਸੰਘਰਸ਼ ਸ਼ੁਰੂ ਕਰਨ ਜਾ ਰਹੀ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਜਨਰਲ ਸਕੱਤਰ ਬਲਵੀਰ ਸਿੰਘ ਗਰਚਾ ਨੇ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਐਸੋਸੀਏਸ਼ਨ ਦੀ ਕਾਰਜਕਾਰਨੀ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਕਿ ਮੁਲਾਜ਼ਮਾਂ ਵੱਲੋਂ ੫ ਅਗਸਤ ਤੋਂ ੧੮ ਅਗਸਤ ਤਕ ਲਗਾਤਾਰ ਕਾਲੇ ਬਿੱਲੇ ਲਗਾ ਕੇ ਵਿਰੋਧ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਨ੍ਹਾਂ ਮਿਤੀਆਂ ਨੂੰ ਹਰ ਰੋਜ਼ ੯ ਤੋਂ ੧੧ ਵਜੇ ਤਕ (ਦੋ ਘੰਟੇ) ਪੈਨ ਡਾਊਨ ਹੜਤਾਲ ਕੀਤੇ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੋਸ ਦੇ ਆਖਰੀ ਦਿਨ ੧੮ ਅਗਸਤ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਉਪਰ ਇਕ ਤੋਂ ਬਾਅਦ ਇਕ ਡਾਕਾ ਮਾਰਿਆ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਸਰਕਾਰ ਵਿਰੁੱਧ ਕਾਲੇ ਝੰਡੇ ਲਾ ਕੇ, ਪੈਨ ਡਾਊਨ ਹੜਤਾਲ ਅਤੇ ਅਰਥੀ ਫੂਕ ਰੋਜ਼ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ੧੫ ਅਗਸਤ ਵਾਲੇ ਦਿਨ ਵੀ ਇਨ੍ਹਾਂ ਜਥੇਬੰਦੀਆਂ ਵੱਲੋਂ ਕਾਲੇ ਚੋਲੇ ਪਾ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ
ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਿਚ ਇਹ ਰੋਸ ਮੁਜ਼ਾਹਰਾ ਕੱਲ੍ਹ ੫ ਅਗਸਤ ਨੂੰ ਸਵੇਰੇ ੮.੪੫ ਵਜੇ ਪ੍ਰਬੰਧਕੀ ਬਲਾਕ ਸਾਹਮਣੇ ਸ਼ੁਰੂ ਕੀਤਾ ਜਾਵੇਗਾ ਜਿਸ ਵਿਚ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹੋਣਗੇ। ਇਸ ਮੌਕੇ ਕਾਰਜਕਾਰਨੀ ਦੇ ਮੈਂਬਰਾਂ ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਵੀ ਕਰਮਚਾਰੀ, ਅਧਿਕਾਰੀ ਮੌਜੂਦ ਸਨ।