ਅਸ਼ੋਕ ਵਰਮਾ
ਮਾਨਸਾ, 4 ਅਗਸਤ 2020 - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਗਾਮੀ 30 ਸਤੰਬਰ ਤੱਕ ਪਾਬੰਦੀਆਂ ਲਾਈਆਂ ਹਨ। ਜ਼ਿਲਾ ਮਾਨਸਾ ਵਿੱਚ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸਾਈਲੰਸਰ ਕਢਵਾਏ ਵਹੀਕਲਾਂ ਦੀ ਵਰਤੋ ਅਤੇ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਖਾਸ ਕਰਕੇ ਮਾਨਸਾ ਸ਼ਹਿਰ ਅੰਦਰ ਆਮ ਲੋਕਾਂ ਅਤੇ ਨੌਜਵਾਨਾਂ ਵੱਲੋਂ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਸ਼ਰੇਆਮ ਕੀਤੀ ਜਾ ਰਹੀ ਹੈ। ਕੁੱਝ ਸ਼ਰਾਰਤੀ ਵਿਅਕਤੀਆਂ ਵੱਲੋਂ ਆਪਣੇ ਵਹੀਕਲਜ਼ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਲਗਵਾਏ ਹੋਏ ਹਨ ਜੋ ਕੰਨ ਚੀਰਵੀਆਂ ਅਤੇ ਡਰਾਉਣੀਆਂ ਆਵਾਜ਼ਾਂ ਪੈਦਾ ਕਰਦੇ ਹਨ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਵਹੀਕਲਾਂ ਦੇ ਸਾਈਲੰਸਰ ਕਢਵਾ ਕੇ ਵਹੀਕਲਾਂ ਦੀ ਆਵਾਜ਼ ਵਿਗਾੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਪਬਲਿਕ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਕਰਨਾ ਅਤੇ ਅਜਿਹੀਆਂ ਆਵਾਜ਼ਾਂ ਵਾਲੇ ਹਾਰਨਾਂ ਦਾ ਇਸਤੇਮਾਲ ਕਰਨ ਨਾਲ ਹਰ ਸਮੇਂ ਐਕਸੀਡੰਟ ਹੋਣ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਅਸ਼ਲੀਲ ਪੋਸਟਰ ਲਗਾਉਣ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਧਾਰਾ 144 ਦੇ ਤਹਿਤ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਵਿਚ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ ਅਤੇ ਸਿਨੇਮਿਆਂ ਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਸ ਨਾਲ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਭੈੜਾ ਅਸਰ ਪੈਂਦਾ ਹੈ। ਇਸ ਬੁਰੇ ਪ੍ਰਭਾਵ ਨੂੰ ਰੋਕਣ ਲਈ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਜਰੂਰੀ ਹੈ।
ਹੁੱਕਾ ਬਾਰਾਂ ਅਤੇ ਹੁੱਕਾ ਪੀਣ ਤੇ ਪਾਬੰਦੀ
ਜ਼ਿਲ੍ਹਾ ਮੈਜਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ਤੇ ਹੁੱਕਾ ਪੀਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਤੰਬਾਕੂ ਕੰਟਰੋਲ ਸੈੱਲ ਪੰਜਾਬ ਦੁਆਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜ਼ਿਲੇ ਵਿਚ ਹੁੱਕਾ ਬਾਰਾਂ ਤੇ ਪਾਬੰਦੀ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਲਈ ਕਿਹਾ ਗਿਆ ਹੈ। ਇਸ ਲਈ ਜ਼ਿਲੇ ਦੀ ਹਦੂਦ ਅੰਦਰ ਹੁੱਕਾ ਬਾਰਾਂ ਤੇ ਇਹ ਹੁਕਮ ਸਖਤੀ ਨਾਲ ਲਾਗੂ ਕਰਨਾ ਜਰੂਰੀ ਹੈ।
ਹਿੰਸਾ ਤੇ ਨਸ਼ਿਆਂ ਵਾਲੇ ਗੀਤਾਂ ਆਦਿ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ-ਪਿੰਡਾਂ ਵਿਚ ਗਾਇਕਾਂ, ਗੀਤਕਾਰਾਂ, ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ, ਸਟੇਜਾਂ 'ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ਤੇ ਮੁਕੰਮਲ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਅਖਾੜੇ, ਸਟੇਜਾਂ ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣ ਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਮਾੜਾ ਅਸਰ ਪੈਂਦਾ ਹੈ।