ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਸਾਹਮਣੇ ਤਿੱਖੀ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਮਨਿੰਦਰਜੀਤ ਸਿੱਧੂ
ਜੈਤੋ, 05 ਅਗਸਤ 2020: ਪੰਜਾਬ- ਯੂ.ਟੀ .ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਇਥੇ ਉੱਪ ਮੰਡਲ ਪ੍ਰਬੰਧਕੀ ਕੰਪਲੈਕਸ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ,ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ । ਇਸ ਮੌਕੇ ਸੰਬੋਧਨ ਕਰਦੇ ਹੋਏ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਪ੍ਰੇਮ ਚਾਵਲਾ, ਸੂਬਾ ਸਿੰਘ ਰਾਮੇਆਣਾ, ਵੀਰ ਇੰਦਰਜੀਤ ਸਿੰਘ ਪੁਰੀ, ਪ੍ਰੀਤ ਭਗਵਾਨ ਸਿੰਘ , ਟੈਕਨੀਕਲ ਸਰਵਿਸ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਦਰਸ਼ਨ ਸਿੰਘ ਸਰਾਵਾਂ , ਨਰਿੰਦਰਜੀਤ ਸਿੰਘ ਪ੍ਰਧਾਨ, ਕੁਲਦੀਪ ਸਿੰਘ ਸਹਿਦੇਵ, ਮਨਿਸਟਰੀਅਲ ਸਟਾਫ ਦੇ ਆਗੂ ਕਜਨ ਕੁਮਾਰ ਕਾਜੂ , ਜਸਵਿੰਦਰ ਸਿੰਘ ਸੰਧੂ ਅਤੇ ਸੋਮ ਨਾਥ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਸੰਕਟ ਦੀ ਆੜ ਹੇਠ ਸੂਬੇ ਦੇ ਮਾੜੇ ਆਰਥਿਕ ਹਾਲਾਤ ਦਾ ਸਾਰਾ ਬੋਝ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਲੋਕਾਂ ਤੇ ਪਾਇਆ ਜਾ ਰਿਹਾ ਹੈ ਜਦ ਕਿ ਮੰਤਰੀਆਂ ,ਸਾਬਕਾ ਮੰਤਰੀਆਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਕਈ ਕਈ ਪੈਨਸ਼ਨਾਂ ਤੇ ਤਨਖ਼ਾਹਾਂ ਦੇ ਕੇ ਪੰਜਾਬ ਦੇ ਖ਼ਜ਼ਾਨੇ ਨੂੰ ਲੁਟਾਇਆ ਜਾ ਰਿਹਾ ਹੈ।ਪੰਜਾਬ ਦੇ 7 ਲੱਖ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਵੀ ਖ਼ਜ਼ਾਨਿਆਂ ਵਿੱਚ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਜਿਸ ਕਰਕੇ ਕਰੋਨਾ ਮਹਾਂਮਾਰੀ ਦੌਰਾਨ ਵੀ ਘਰਾਂ ਤੋਂ ਨਿਕਲ ਕੇ ਸੰਘਰਸ਼ ਦੇ ਮੈਦਾਨ ਵਿੱਚ ਆਉਣ ਲਈ ਮਜਬੂਰ ਹੋਣਾ ਪਿਆ ਹੈ। ਬੁਲਾਰਿਆਂ ਨੇ ਕਿਹਾ ਕਿ ਇੱਕ ਪਾਸੇ ਮਹਿੰਗਾਈ ਛਾਲਾਂ ਮਾਰ ਕੇ ਵਧਦੀ ਜਾ ਰਹੀ ਹੈ, ਦੂਜੇ ਪਾਸੇ ਸਰਕਾਰ ਮਹਿੰਗਾਈ ਭੱਤਾ ਦੇਣ ਤੋਂ ਇਨਕਾਰੀ ਹੈ। "ਘਰ ਘਰ ਨੌਕਰੀ ਦੇਣ" ਦਾ ਵਾਅਦਾ ਕਰਨ ਵਾਲੀ ਸਰਕਾਰ ਵਿਭਾਗਾਂ ਦੇ ਪੁਨਰਗਠਨ ਦੇ ਨਾਂ ਤੇ ਹਜ਼ਾਰਾਂ ਖ਼ਾਲੀ ਪੋਸਟਾਂ ਖ਼ਤਮ ਕਰ ਰਹੀ ਹੈ। "ਸਰਫਾ ਮੁਹਿੰਮ" ਤਹਿਤ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿੱਚ ਕਟੌਤੀ ਕਰਕੇ 40 ਕਰੋੜ ਰੁਪਏ ਮੁਲਾਜ਼ਮਾਂ ਦੀ ਜ਼ੇਬ ਵਿਚੋਂ ਕੱਢ ਲਏ ਗਏ ਹਨ ਜਦਕਿ ਪੰਦਰਾਂ ਹਜ਼ਾਰ ਮੋਬਾਈਲ/ਟੈਲੀਫੋਨ ਭਤਾ ਲੈਣ ਵਾਲੇ ਵਿਧਾਇਕਾਂ ਨੂੰ "ਸਰਫਾ ਮੁਹਿੰਮ" ਦੇ ਘੇਰੇ ਵਿੱਚੋਂ ਬਾਹਰ ਰੱਖਿਆ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਦੀ ਨੀਤੀ ਅਤੇ ਨੀਯਤ ਸਾਫ਼ ਹੋਵੇ ਤਾਂ ਸ਼ਰਾਬ ਮਾਫੀਏ, ਰੇਤਾ ਬੱਜਰੀ ਮਾਫੀਆ ਅਤੇ ਟਰਾਂਸਪੋਰਟ ਮਾਫੀਆ ਨੂੰ ਨਕੇਲ ਪਾਉਣ ਨਾਲ ਹੀ ਸਰਕਾਰੀ ਖਜ਼ਾਨੇ ਦਾ ਸੰਕਟ ਸੁਲਝਾਇਆ ਜਾ ਸਕਦਾ ਹੈ।
ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਮੁਲਾਜ਼ਮ ਵਿਰੋਧੀ ਨੀਤੀ ਵਿੱਚ ਸੁਧਾਰ ਨਾ ਕੀਤਾ ਤਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਆਪਣੇ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ `ਤੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਆਗੂ ਚੰਦਰ ਪਾਲ ਜੋਸ਼ੀ, ਦਾਰਾ ਸਿੰਘ, ਇਕਬਾਲ ਸਿੰਘ ਮੰਘੇੜਾ, ਕੁਲਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਗੁਰਦੀਪ ਸਿੰਘ , ਬਲਦੇਵ ਸਿੰਘ ਹਰੀ ਨੌ, ਸਿਮਰਨਦੀਪ ਸਿੰਘ, ਰਾਜਿੰਦਰ ਸਿੰਘ, ਬਲਜੀਤ ਸਿੰਘ, ਜਗਤ ਸਿੰਘ, ਜਸਵੰਤ ਸਿੰਘ, ਰਾਮ ਸਰਨ ,ਸੁਰੇਸ਼ ਕੁਮਾਰ , ਸੱਤਪਾਲ ਤੇ ਸੁਰਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।