ਅਸ਼ੋਕ ਵਰਮਾ
ਬਠਿੰਡਾ, 7 ਅਗਸਤ 2020 - ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਜ਼ਿਲ੍ਹੇ ਦੇ ਮੁੱਖ ਚਾਰ ਹਸਪਤਾਲਾਂ ਨੂੰ ਆਈਸੋਲੇਸ਼ਨ ਕੇਅਰ ਵਾਰਡ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਵਿਡ 19 ਨੂੰ ਪਹਿਲਾਂ ਹੀ ਮਹਾਂਮਾਰੀ ਐਲਾਨਿਆ ਜਾ ਚੁੱਕਾ ਹੈ। ਭਾਵੇਂ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਕੋਵਿਡ 19 ਤਹਿਤ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਆਈਸੋਲੇਸ਼ਨ ਵਾਰਡ ਤੇ ਕੇਅਰ ਸੈਂਟਰ ਸਥਾਪਿਤ ਕੀਤੇ ਗਏ ਹਨ, ਜਿਨਾਂ ’ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਮਰੀਜ਼ਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਭਵਿੱਖ ਵਿਚ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਭਾਵ ਦੀ ਰੋਕਥਾਮ ਅਤੇ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ਼ ਲਈ ਜ਼ਿਲੇ ਅੰਦਰ ਮੁੱਖ ਪ੍ਰਾਈਵੇਟ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਨੂੰ ਆਈਸੋਲੇਸ਼ਨ ਕੇਅਰ ਵਾਰਡ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ। ਜਿਨਾਂ ਵਿਚ ਮੈਕਸ ਸੁਪਰ ਸਪੈਸਲਿਟੀ ਹਸਪਤਾਲ ਬਠਿੰਡਾ ਨੂੰ 50 ਬੈਡ, ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਤੇ ਰਿਸਰਚ ਬਠਿੰਡਾ ਨੂੰ 200 ਬੈਡ, ਦਿੱਲੀ ਹਾਰਟ ਇੰਸਟੀਚਿਊਟ ਬਠਿੰਡਾ ਅਤੇ ਆਈ.ਵੀ.ਵਾਈ. ਹਸਪਤਾਲ ਬਠਿੰਡਾ ਨੂੰ 25-25 ਬੈਡ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਸਥਾਪਤ ਕਰਨ ਦੇ ਆਦੇਸ਼ ਦਿੱਤੇ ਹਨ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਆਦੇਸ਼ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।