- 'ਮਿਸ਼ਨ ਫ਼ਤਿਹ' ਤਹਿਤ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲੇ 27707 ਲੋਕਾਂ ਨੂੰ 1.31 ਕਰੋੜ ਜੁਰਮਾਨਾ
ਜਲੰਧਰ, 7 ਅਗਸਤ 2020 - ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਤੋਂ ਸੁਰੱਖਿਆ ਲਈ ਮਾਸਕ ਪਾਉਣ ਦੀ ਅਪੀਲ ਕਰਦਿਆਂ ਪੁਲਿਸ ਕਮਸਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਿਹਤ ਪ੍ਰੋਟੋਕਾਲ ਦੀ ਪਾਲਣਾ ਸਬੰਧੀ ਜਿੰਮੇਵਾਰੀ ਦੀ ਭਾਵਨਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ।
ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜੋ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ ਉਨਾਂ ਖਿਲਾਫ਼ ਪਹਿਲਾਂ ਹੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਤੱਕ 27707 ਲੋਕਾਂ ਨੂੰ 1.31 ਕਰੋੜ ਦਾ ਜੁਰਮਾਨਾ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 45 ਵਿਅਕਤੀਆਂ ਨੂੰ 85000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ 'ਤੇ ਥੁੱਕਣ ਵਾਲੇ 452 ਵਿਅਕਤੀਆਂ ਨੂੰ 115600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 50984 ਟਰੈਫਿਕ ਚਲਾਨ ਕਰਕੇ 2276 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ 'ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 220 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ 'ਤੇ 4.45 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 168 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 219 ਲੋਕਾਂ ਨੂੰ ਮਾਸਕ ਨਾ ਪਾਉਣ 'ਤੇ 119500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ।