ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 9 ਅਗਸਤ 2020 - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਦੇ ਸੱਤ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਅੱਜ ਜ਼ਿਲ੍ਹੇ ਅੰਦਰ ਇਕੱਠੇ 7 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ ਵਿੱਚੋਂ 3 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ 1 ਕੇਸ ਪਿੰਡ ਖੁੰਨਣ ਕਲਾਂ, 1 ਕੇਸ ਰੋੜਾਂਵਾਲੀ, 1 ਕੇਸ ਵੜਿੰਗ ਖੇੜਾ ਅਤੇ 1 ਕੇਸ ਕੋਟਭਾਈ ਤੋਂ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇੰਨ੍ਹਾਂ ਸਾਰਿਆਂ ਨੂੰ ਕੋਵਿਡ-19 ਹਸਪਤਾਲ ਵਿਖੇ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਤਿੰਨ ਮਰੀਜ਼ਾਂ ਨੂੰ ਮਿਸ਼ਨ ਫਤਿਹ ਤਹਿਤ ਛੁੱਟੀ ਦੇ ਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਮਾਮਲਿਆਂ ਦਾ ਅੰਕੜਾ 312 ਹੋ ਚੁੱਕਾ ਹੈ, ਜਿਸ ਵਿੱਚੋਂ 236 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 74 ਕੇਸ ਐਕਟਿਵ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ 339 ਸੈਂਪਲ ਬਕਾਇਆ ਹਨ, ਜਿੰਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੇਰੀ ਪੁਸ਼ਟੀ ਕੀਤੀ ਜਾਵੇਗੀ।