ਹਰਿੰਦਰ ਨਿੱਕਾ
- ਹਰ ਬੁੱਧਵਾਰ ਸ਼ਾਮ 7 ਵਜੇ ਫੇਸਬੁੱਕ ਲਾਇਵ ਜ਼ਰੀਏ ਜ਼ਿਲ੍ਹਾ ਵਾਸੀਆਂ ਨਾਲ ਜੁੜਦੇ ਹਨ ਡੀ.ਸੀ. ਰਾਮਵੀਰ
ਸੰਗਰੂਰ, 13 ਅਗਸਤ 2020 - ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਕੀਤੇ ਜਾ ਰਹੇ ਉਪਾਰਾਲਿਆਂ ਤੇ ਜ਼ਿਲ੍ਹੇ ਅੰਦਰ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਪਣੇ ਹਫ਼ਤਾਵਾਰੀ ਫੇਸਬੁੱਕ ਲਾਇਵ ਦੌਰਾਨ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਤੱਕ ਜ਼ਿਲ੍ਹੇ ਅੰਦਰ 29,283 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ ਜਿਨ੍ਹਾਂ ’ਚੋਂ 26,523 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 715 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੋਵਿਡ ਪਾਜਿਟਿਵ ਕੇਸਾਂ ਦੀਆਂ 41 ਮੌਤਾਂ ਰਿਪੋਰਟ ਹੋਈਆਂ ਹਨ ਅਤੇ ਜੇਕਰ ਇਨ੍ਹਾਂ ’ਚੋਂ ਕੁਝ ਕੇਸਾਂ ਵੱਲੋਂ ਸਮੇਂ ਸਿਰ ਕੋਵਿਡ-19 ਦੇ ਲੱਛਣ ਸਾਹਮਣੇ ਆਉਣ ’ਤੇ ਸਿਹਤ ਵਿਭਾਗ ਤੱਕ ਪਹੁੰਚ ਬਣਾ ਲਈ ਜਾਂਦੀ ਤਾਂ ਉਨ੍ਹਾਂ ਦੀ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਸਨ।
ਇਸ ਮੌਕੇ ਸ਼੍ਰੀ ਰਾਮਵੀਰ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਮ ਅਸ਼ਟਮੀ ਦੇ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਦੇਸ਼ ਦੀ ਆਜ਼ਾਦੀ ਲਈ ਦੇਸ਼ਵਾਸੀਆਂ ਵੱਲੋਂ ਲੜੇ ਗਏ ਘੋਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਵੇ ਅਤੇ ਇਸ ਸੰਘਰਸ਼ ’ਚ ਆਜ਼ਾਦੀ ਘੁਲਾਟੀਆਂ ਵੱਲੋਂ ਪਾਏ ਯੋਗਦਾਨ ਬਾਰੇ ਵੀ ਆਪਣੇ ਬੱਚਿਆਂ ਨੂੰ ਜਾਣੂ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਸੰਗਰੂਰ ਨੇ ਫੇਸਬੁਕ ਲਾਇਵ ਦੌਰਾਨ ਲੋਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ ’ਤੇ ਹੱਲ ਹੋ ਸਕਣ ਵਾਲੇ ਮਸਲਿਆਂ ’ਤੇ ਤੁਰੰਤ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪੇ੍ਰਰਿਤ ਕੀਤਾ।
ਉਨ੍ਹਾਂ ਅਪੀਲ ਕੀਤੀ ਕਿ ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਾਲਾਨ ਕੱਟੇ ਜਾ ਰਹੇ ਹਨ , ਪਰ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਲਈ ਮਾਸਕ ਪਾਉਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਹਰ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਫੇਸਬੁੱਕ ਪੇਜ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੰਗਰੂਰ ਦੇ ਫੇਸਬੁੱਕ ਪੇਜ ’ਤੇ ਲਾਇਵ ਹੋ ਕੇ ਇਨ੍ਹਾਂ ਪੇਜਾਂ ’ਤੇ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹਨ।