ਪਰਵਿੰਦਰ ਸਿੰਘ ਕੰਧਾਰੀ
- ਕੋਵਿਡ-19 ਕਾਰਨ ਬਿਲਕੁਲ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਵਸ ਸਮਾਰੋਹ.
- ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਆਜ਼ਾਦੀ ਦਿਵਸ ਮਨਾਉਣ ਦੀ ਅਪੀਲ
ਫਰੀਦਕੋਟ, 14 ਅਗਸਤ 2020 - 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੇ ਸਮਾਗਮ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ। ਇਸ ਮੀਟਿੰਗ ਵਿੱਚ ਨੋਡਲ ਅਫਸਰ ਮਿਸ ਪੂਨਮ ਸਿੰਘ ਐਸ.ਡੀ.ਐਮ ਫਰੀਦਕੋਟ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਕੋਵਿਡ-19 ਦੇ ਸੰਕਟ ਦੇ ਚਲਦਿਆਂ ਇਸ ਵਾਰ ਆਜ਼ਾਦੀ ਦਿਵਸ ਸਮਾਰੋਹ ਬਹੁਤ ਹੀ ਸਾਦੇ ਢੰਗ ਨਾਲ ਅਤੇ ਸੰਖੇਪ ਸਮੇਂ ਵਿੱਚ ਮਨਾਇਆ ਜਾਵੇਗਾ ਅਤੇ ਇਸ ਸਬੰਧ ਵਿੱਚ ਮੁੱਖ ਮਹਿਮਾਨ ਜੀ ਠੀਕ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇਸ ਉਪਰੰਤ ਜ਼ਿਲ੍ਹਾ ਵਾਸੀਆ ਦੇ ਨਾਮ ਸੰਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ 20 ਮਿੰਟ ਦਾ ਹੋਵੇਗਾ ਤੇ ਇਸ ਵਿੱਚ ਇਸ ਵਾਰ ਕੋਈ ਵੀ ਸੱਭਿਆਚਾਰਕ ਜਾਂ ਦੇਸ਼ ਭਗਤੀ ਦਾ ਪ੍ਰੋਗਰਾਮ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਜਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅੱਜ ਹੀ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਕਰੋਨਾ ਕਾਰਨ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ਤੇ ਨਾ ਆਉਣਾ ਪਵੇ। ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਸੰਕਟ ਦੇ ਚਲਦਿਆਂ ਆਪਣੇ ਘਰਾਂ ਵਿੱਚ ਆਜ਼ਾਦੀ ਦਿਵਸ ਸਮਾਰੋਹ ਮਨਾਉਣ ਅਤੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ।
ਇਸ ਮੀਟਿੰਗ ਵਿੱਚ ਡੀ.ਐਸ.ਪੀ. ਸਤਵਿੰਦਰ ਸਿੰਘ , ਤਹਿਸੀਲਦਾਰ ਪਰਮਜੀਤ ਸਿੰਘ ਬਰਾੜ, ਏ.ਐਮ.ਈ. ਰਾਕੇਸ਼ ਕੰਬੋਜ਼, ਐਸ.ਡੀ.ਓ. ਬੀ.ਐਂਡ.ਆਰ ਸਤੀਸ਼ ਗਰਗ, ਐਸ.ਡੀ.ਓ. ਪਬਲਿਕ ਹੈਲਥ ਰਤਨਜੋਤ ਸਿੰਘ, ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।