ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਯੋਗਦਾਨ ਪਾਉਣ ਦਾ ਸੱਦਾ
ਕਿਹਾ! ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਦਿੱਤੀ ਜਾ ਰਹੀ ਵਧੇਰੇ ਤਵੱਜੋਂ
ਲੁਧਿਆਣਾ, 15 ਅਗਸਤ 2020: - ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਮਮਤਾ ਆਸ਼ੂ, ਬੇਟੀ ਸੁਰਭੀ ਅਤੇ ਹੋਰ ਪਰਿਵਾਰਕ ਮੈਬਰ ਵੀ ਮੌਜੂਦ ਸਨ।
ਜ਼ਿਲ੍ਹਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਸ੍ਰੀ ਆਸ਼ੂ ਨੇ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਸ ਮਹਾਨ ਦਿਨ 'ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਿਆ ਜਾਵੇ ਅਤੇ ਦੇਸ਼ ਭਗਤਾਂ ਵੱਲੋਂ ਆਜ਼ਾਦੀ ਦੀ ਪ੍ਰਾਪਤੀ ਅਤੇ ਬਹਾਲੀ ਲਈ ਪਾਏ ਪੂਰਨਿਆਂ 'ਤੇ ਚਲਦੇ ਹੋਏ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹੁੰਦੇ ਹੋਏ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਵਿਚ ਜ਼ਿੰਦਗੀ ਬਸਰ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਹੰਭਲੇ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਸ ਸਦਕਾ ਪੰਜਾਬ ਜਲਦ ਹੀ ਵਿਕਾਸ ਦੀਆਂ ਲੀਹਾਂ 'ਤੇ ਦੌੜੇਗਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੇ ਗਏ ਕੰਮਾਂ ਦਾ ਵੇਰਵਾ ਪੇਸ਼ ਕਰਦਿਆਂ ਕਾਮਨਾ ਕੀਤੀ ਕਿ ਲੋਕਾਂ ਦੇ ਸਹਿਯੋਗ ਨਾਲ ਸੂਬਾ ਜਲਦ ਹੀ ਆਰਥਿਕ ਤੌਰ 'ਤੇ ਆਪਣੇ ਪੈਰਾਂ ਸਿਰ ਹੋ ਜਾਵੇਗਾ।
ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ ਕਈ ਮਹੱਤਵਪੂਰਨ ਪ੍ਰੋਜੈਕਟ ਜਿਵੇਂ ਕਿ ਧਾਂਦਰਾ ਕਲੱਸਟਰ, ਰੱਖ ਬਾਗ ਵਿਖੇ ਇੰਡੋਰ ਸਵਿੰਮਿੰਗ ਪੂਲ, ਘੁਮਾਰ ਮੰਡੀ ਮਾਰਕੀਟ, ਨੈਸ਼ਨਲ ਰੋਡ ਤੋਂ ਇਲਾਵਾ ਸ਼ਹਿਰ ਵਿੱਚਲੀਆਂ ਕਈ ਹੋਰ ਸੜ੍ਹਕਾਂ ਨੂੂੰ ਸਮਾਰਟ ਰੋਡ ਵਜੋਂ ਵਿਕਸਤ ਕਰਨਾ, ਸ਼ਹਿਰ 'ਚ ਕਈ ਥਾਂਵਾਂ 'ਤੇ ਲਈਅਰ ਵੈਲੀਆਂ ਦੀ ਉਸਾਰੀ, ਕਾਰਕਸ ਯੂਟੀਲਾਈਜੇਸ਼ਨ ਪਲਾਂਟ ਪਿੰਡ ਨੂਰਪੁਰ ਵਿਖੇ, ਸਰਕਾਰੀ ਸਕੂਲਾਂ ਅਤੇ ਕਾਲਜ਼ਾਂ 'ਤੇ ਸੋਲਰ ਨੈਟ ਮੀਟਿਰਿੰਗ ਸਿਸਟਮ ਲਗਾਉਣਾ, ਪੱਖੋਵਾਲ ਰੋਡ 'ਤੇ ਪੁੱਲ ਅਤੇ ਅੰਡਰ-ਪਾਸ ਦੀ ਉਸਾਰੀ, ਸਿੱਧਵਾਂ ਨਹਿਰ ਵਾਟਰ ਫਰੰਟ ਪ੍ਰੋਜੈਕਟ ਦੀ ਉਸਾਰੀ ਤੋ ਇਲਾਵਾ ਕਈ ਹੋਰ ਵਿਕਾਸ ਪ੍ਰੋਜੈਕਟ ਉਸਾਰੀ ਅਧੀਨ ਹਨ ਅਤੇ ਕਈ ਹੋਰ ਨਵੇਂ ਪ੍ਰੋਜੈਕਟ ਬਹੁਤ ਜਲਦ ਸ਼ੁਰੂ ਹੋਣ ਵਾਲੇ ਹਨ।
ਆਪਣੇ ਭਾਸ਼ਣ ਦੌਰਾਨ ਸ੍ਰੀ ਆਸ਼ੂ ਨੇ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ, ਸਿਹਤ ਵਿਭਾਗ, ਰਾਧਾ ਸੁਆਮੀ ਸਤਸੰਗ ਡੇਰਾ ਵਿਆਸ, ਗੁਰੂਦੁਵਾਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ, ਸਮਾਜਿਕ ਸੰਸਥਾਵਾਂ ਅਤੇ ਐਨ.ਜੀ.ਓ. ਵੱਲੋਂ ਲੋਕਾਂ ਪ੍ਰਤੀ ਨਿਭਾਈ ਆਪਣੀ ਸੇਵਾ ਦੀ ਸ਼ਲਾਘਾ ਕੀਤੀ ਗਈ। ਸ੍ਰੀ ਆਸ਼ੂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਕਮਿਸ਼ਨਰ ਪੁਲਿਸ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੂੰ 'ਗਲੋ' ਅਤੇ 'ਤੁਲਸੀ' ਦੇ ਪੌਦੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਬਾਅਦ 'ਚ ਇਹ ਪੌਦੇ ਮੌਕੇ 'ਤੇ ਹਾਜ਼ਰ ਸ਼ਖਸ਼ੀਅਤਾਂ ਨੂੰ ਵੀ ਭੇਂਟ ਕੀਤੇ ਗਏ।
ਇਸ ਮੌਕੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਊਟ ਦੇ ਸਿਖਿਆਰਥੀਆਂ ਵੱਲੋਂ ਰਾਸ਼ਟਰੀ ਗਾਇਨ ਪੇਸ਼ ਕੀਤਾ ਗਿਆ ਅਤੇ ਸਟੇਜ਼ ਦੀ ਸੇਵਾ ਸ੍ਰੀ ਅਮਰਜੀਤ ਸਿੰਘ ਸੂਰੀ ਵੱਲੋਂ ਵਾਖੂਬੀ ਨਿਭਾਈ ਗਈ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ 'ਚ ਭਾਗ ਲੈ ਕੇ ਲੁਧਿਆਣਾ ਦੇ 15 ਵਿਅਕਤੀਆਂ ਵਲੋਂ ਗੋਲਡ ਸਰਟੀਫਿਕੇਟ ਜਿੱਤੇ ਗਏ ਹਨ। ਕੋਵਿਡ ਮਹਾਂਮਾਰੀ ਦੇ ਚੱਲਦਿਆਂ ਅੱਜ ਦੇ ਜ਼ਿਲ੍ਹਾ ਪੱਧਰੀ ਸੁੰਤਤਰਤਾ ਦਿਵਸ ਸਮਾਗਮ ਮੌਕੇ ਇਨ੍ਹਾਂ 15 ਸ਼ਖਸ਼ੀਅਤਾਂ ਦੇ ਨਾਮ ਅਨਾਊਂਸ ਕੀਤੇ ਗਏ। ਗੋਲਡ ਸਰਟੀਫਿਕੇਟ ਜਿੱਤਣ ਵਾਲੀਆਂ ਸ਼ਖਸ਼ੀਅਤਾਂ ਵਿੱਚ ਏ.ਡੀ.ਸੀ. ਨੀਰੂ ਕਤਿਆਲ, ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ, ਏ.ਸੀ.ਪੀ. ਜੰਗ ਬਹਾਦੁਰ ਸ੍ਰੀ ਪ੍ਰਵੀਨ, ਸਵਰਨਜੀਤ ਕੌਰ, ਪਵਨ, ਊਸ਼ਾ ਰਾਣੀ, , ਸਮ੍ਰਿਤੀ ਭਾਰਗਵ, ਮਨਪ੍ਰੀਤ ਕੌਰ, ਰੀਨਾ ਰਾਣੀ, ਰਾਜ ਕੁਮਾਰ, ਬਲਵਿੰਦਰ ਕੌਰ, , ਜਗਤਾਰ ਸਿੰਘ, ਜਤਿੰਦਰ ਵਿਜ, ਜਗਜੀਤ ਸਿੰਘ ਅਤੇ ਸ਼ਾਮਲ ਹਨ। ਇਨ੍ਹਾਂ ਸ਼ਖਸ਼ੀਅਤਾਂ ਦੇ ਸਰਟੀਫਿਕੇਟ ਉਨ੍ਹਾਂ ਦੇ ਘਰੋ-ਘਰੀ ਜਾ ਕੇ ਭੇਂਟ ਕੀਤੇ ਜਾਣਗੇ।
ਕੋਵਿਡ 19 ਮਹਾਂਮਾਰੀ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਇਸ ਮੌਕੇ ਕੋਈ ਸਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਆਯੋਜਿਤ ਨਹੀਂ ਕੀਤਾ ਗਿਆ। ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਜ਼ਿਲ੍ਹਾਂ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੇ ਘਰੋ-ਘਰੀ ਜਾ ਕੇ ਕੀਤਾ ਗਿਆ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ
http://www.facebook.com/dproludhianapage/ 'ਤੇ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ੍ਰੀ ਸੁਰਿੰਦਰ ਡਾਬਰ, ਸ੍ਰ. ਕੁਲਦੀਪ ਸਿੰਘ ਵੈਦ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰ.ਗੁਰਬੀਰ ਸਿੰਘ, ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ(ਸ਼ਹਿਰੀ) ਸ੍ਰੀ ਅਸ਼ਵਨੀ ਸ਼ਰਮਾ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ. ਯਾਦਵਿੰਦਰ ਸਿੰਘ ਜੰਡਿਆਲੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ, ਵਾਈਸ ਚੇਅਰਮੈਨ ਬੈਕਫਿਨਕੋ ਮੁਹੰਮਦ ਗੁਲਾਬ, ਬੀ.ਐਲ.ਆਈ.ਡੀ.ਬੀ. ਸੀਨੀਅਰ ਵਾਈਸ ਚੇਅਰਮੈਨ ਰਮੇਜ ਜੋਸੀ, ਸੀਨੀਅਰ ਕਾਂਗਰਸੀ ਆਗੂ ਸ੍ਰ.ਮੇਜਰ ਸਿੰਘ ਭੈਣੀ, ਕੌਂਸਲਰ ਸੰਨੀ ਭੱਲਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਸੀ.ਏ. ਗਲਾਡਾ ਸ੍ਰੀ ਪਰਮਿੰਦਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ, ਸ੍ਰ. ਅਮਰਜੀਤ ਸਿੰਘ ਬੈਸ, ਸ੍ਰੀਮਤੀ ਨੀਰੂ ਕਤਿਆਲ, ਯੂਥ ਕਾਂਰਸ ਆਗੂ ਸ੍ਰੀ ਰਾਜੀਵ ਰਾਜਾ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।