ਡੀ.ਸੀ. ਦੀ ਪ੍ਰਧਾਨਗੀ ਵਾਲੀ 14 ਮੈਂਬਰੀ ਕਮੇਟੀ 'ਚ ਦੋ ਸੇਵਾ ਮੁਕਤ ਪੀਸੀਐਸ ਅਧਿਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਵੀ ਨਾਮਜ਼ਦ
ਪਟਿਆਲਾ, 16 ਅਗਸਤ 2020: ਦੇਸ਼ ਦੇ ਅਜ਼ਾਦੀ ਦੇ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਪਸਾਰ ਨੂੰ ਰੋਕਣ ਸਮੇਤ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਤ ਕਰਨ ਸਬੰਧੀਂ ਦੇਸ਼ ਦੇ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਨਸ਼ਾ ਮੁਕਤ ਕੰਪੇਨ ਕਮੇਟੀ ਦਾ ਗਠਨ ਕੀਤਾ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਹ ਜ਼ਿਲ੍ਹਾ ਪੱਧਰੀ ਕਮੇਟੀ, ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨਸ਼ਿਆਂ ਨੂੰ ਠੱਲ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਇੱਕ ਹੋਰ ਨਿੱਗਰ ਅਤੇ ਨਿਵੇਕਲਾ ਕਦਮ ਸਾਬਤ ਹੋਵੇਗੀ। ਬਤੌਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਡਿਪਟੀ ਕਮਿਸ਼ਨਰ ਵਜੋਂ ਇਸ ਜ਼ਿਲ੍ਹਾ ਨਸ਼ਾ ਮੁਕਤ ਕੰਪੇਨ ਕਮੇਟੀ ਦੇ ਚੇਅਰਮੈਨ ਹੋਣਗੇ।
ਇਸ ਕਮੇਟੀ ਵਿਚ ਐਸ.ਐਸ.ਪੀ. ਪਟਿਆਲਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਕੱਤਰ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਜਿਲ੍ਹਾ ਪ੍ਰੋਗਰਾਮ ਅਫ਼ਸਰ, ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਡਿਪਟੀ ਮੈਡੀਕਲ ਕਮਿਸ਼ਨਰ, ਜ਼ਿਲ੍ਹਾ ਸਮਾਜ ਭਲਾਈ ਘੱਟ ਗਿਣਤੀ ਅਧਿਕਾਰਤਾ ਅਫ਼ਸਰ ਸਮੇਤ ਦੋ ਸੇਵਾ ਮੁਕਤ ਪੀਸੀਐਸ ਅਧਿਕਾਰੀ ਪ੍ਰੀਤਮ ਸਿੰਘ ਜੌਹਲ ਅਤੇ ਜੋਰਾ ਸਿੰਘ ਥਿੰਦ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਯੂਥ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਪਰਮਿੰਦਰ ਭਲਵਾਨ ਅਤੇ ਯੂਥ ਕਲੱਬ ਬਾਦਸ਼ਾਹਪੁਰ ਦੇ ਪ੍ਰਧਾਨ ਪਰਮਜੀਤ ਸਿੰਘ ਅਤੇ ਸਾਕੇਤ ਹਸਪਤਾਲ ਦੀ ਪ੍ਰਾਜੈਕਟ ਕੋਆਰਡੀਨੇਟਰ ਪਰਮਿੰਦਰ ਕੌਰ ਮਨਚੰਦਾ ਨੂੰ ਵੀ ਇਸ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ. ਵਰਿੰਦਰ ਸਿੰਘ ਟਿਵਾਣਾ ਇਸ ਜਿਲ੍ਹਾ ਨਸ਼ਾ ਮੁਕਤ ਕੰਪੇਨ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ।
ਇਹ ਕਮੇਟੀ ਡਿਪਟੀ ਕਮਿਸ਼ਨਰ ਪਟਿਆਲਾ ਦੁਆਰਾ ਬਣਾਏ ਗਏ ਜਿਲ੍ਹਾ ਐਕਸ਼ਨ ਪਲਾਨ ਦੇ ਅਨੁਸਾਰ, ਪੁਲਿਸ ਵਿਭਾਗ,ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ, ਕਾਨੂੰਨੀ ਨਿਆਂ ਵਿਭਾਗ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਆਦਿ ਨਾਲ ਮਿਲ ਕੇ, ਜ਼ਿਲ੍ਹੇ ਅੰਦਰ ਨਸ਼ੇ ਦੇ ਪਸਾਰ ਨੂੰ ਰੋਕਣ ਵਿਚ ਆਪਣਾ ਅਹਿਮ ਰੋਲ ਅਦਾ ਕਰਦੇ ਹੋਏ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿਚ ਅਹਿਮ ਯੋਗਦਾਨ ਪਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਦੇਸ਼ ਦੇ 272 ਜ਼ਿਲ੍ਹਿਆਂ ਤੇ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ 'ਚ ਇਹ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ ਪਟਿਆਲਾ ਇੱਕ ਹੈ। ਇਸ ਕਮੇਟੀ ਦਾ ਗਠਨ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ. ਵਰਿੰਦਰ ਸਿੰਘ ਟਿਵਾਣਾ ਮੌਜੂਦ ਸਨ।