ਪ੍ਰੋਗਰਾਮ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਆਸ਼ੀਰਵਾਦ ਬਗੈਰ ਹੋਣਾ ਸੰਭਵ ਨਹੀਂ : ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 16 ਅਗਸਤ 2020: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਕਾਂਗਰਸੀਆਂ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਹੋ ਕੇ ਸੂਬੇ ਵਿਚ ਬਹੁਤ ਮੁਸ਼ਕਿਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਅਤੇ ਪੰਜਾਬ ਵਿਚ ਅੱਗ ਲਾਉਣ ਦਾ ਯਤਨ ਕਿਉਂ ਕਰ ਰਹੇ ਹਨ ?
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸੀ ਜੋ ਸੋਨੀਆ ਗਾਂਧੀ ਦੇ ਵਫਾਦਾਰ ਹਨ ਨੇ ਜਗਦੀਸ਼ ਟਾਈਟਲਰ ਜੋ ਕਿ 1984 ਦੇ ਸਿੱਖ ਕਤਲੇਆਮ ਵਿਚ ਸ਼ਾਮਲ ਸੀ, ਦਾ ਜਨਮ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਮਨਾਇਆ ਤੇ ਸ਼ਹਿਰ ਵਿਚ ਉਸਦੇ ਪੋਸਟਰ ਵੀ ਲਗਾਏ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵੱਲ ਧੱਕਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਸੋਨੀਆ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਹਾਈ ਕਮਾਂਡ ਨੇ ਇਸ ਸਾਜ਼ਿਸ਼ ਨੂੰ ਪਵਿੱਤਰ ਸ਼ਹਿਰ ਵਿਚ ਸਭ ਤੋਂ ਵਧ ਨਫਰਤ ਦੇ ਪਾਤਰ ਦਾ ਜਨਮ ਦਿਨ ਮਨਾ ਕੇ ਹਰੀ ਝੰਡੀ ਦਿੱਤੀ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਨੇ ਸੱਜਣ ਕੁਮਾਰ ਅਤੇ ਕਮਲਨਾਥ ਜਿਹਨਾਂ ਦੇ ਹੱਥ ਮਾਸੂਮਾਂ ਦੇ ਕਤਲ ਨਾਲ ਰੰਗੇ ਹਨ, ਨੂੰ ਬਚਾਇਆ ਤੇ ਉਹਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ। ਉਹਨਾਂ ਕਿਹਾ ਕਿ ਸਿੱਖ ਭਾਈਚਾਰਾ ਅਜਿਹੀਆਂ ਸਾਜਿਸ਼ਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ।
ਸ੍ਰੀ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਸ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪ੍ਰਧਾਨ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਤੇ ਐਸ ਸੀ ਸੈਲ ਦੇ ਵਾਈਸ ਚੇਅਰਮੈਨ ਨੂੰ ਇਸ ਭੜਕਾਊ ਪ੍ਰੋਗਰਾਮ ਦੀ ਮੇਜ਼ਬਾਨੀ ਕਰਨ ਦਿੱਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਆਸ਼ੀਰਵਾਦ ਦੇ ਬਗੈਰ ਪੰਜਾਬ ਵਿਚ ਅਜਿਹਾ ਪ੍ਰੋਗਰਾਮ ਹੋ ਨਹੀਂ ਸਕਦਾ ਸੀ।
ਸ੍ਰੀ ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜੋ ਕਾਂਗਰਸੀ ਅੱਗ ਨਾਲ ਖੇਡ ਰਹੇ ਹਨ, ਉਹਨਾਂ ਦੀ ਉਹ ਪੁਸ਼ਤ ਪਨਾਹੀ ਨਾ ਕਰਨ। ਉਹਨਾਂ ਮੰਗ ਕੀਤੀ ਕਿ ਜਿਹਨਾਂ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਸਤੇ ਇਹ ਪ੍ਰੋਗਰਾਮ ਕੀਤਾ, ਉਹਨਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਵਾਲੇ ਸਾਰੇ ਕਾਂਗਰਸੀਆਂ ਨੂੰ ਪਾਰਟੀ ਵਿਚੋਂ ਕੱਢਣ। ਉਹਨਾਂ ਕਿਹਾ ਕਿ ਜਿਹੜੇ ਪੁਲਿਸ ਤੇ ਖੁਫੀਆ ਏਜੰਸੀ ਅਫਸਰ ਆਪਣੀ ਜ਼ਿੰਮੇਵਾਰੀ ਵਿਚ ਫੇਲ੍ਹ ਹੋ ਗਏ ਤੇ ਸਿੱਖਾਂ ਦੇ ਸਮੂਹਿਕ ਕਤਲੇਆਮ ਦੇ ਦੋਸ਼ੀ ਵਿਅਕਤੀ ਦਾ ਸਨਮਾਨ ਕਰਨ ਦਾ ਇਹ ਪ੍ਰੋਗਰਾਮ ਕਰਨ ਦਿੱਤਾ, ਉਹਨਾਂ ਨੂੰ ਵੀ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੁਲਿਸ ਫੋਰਸ ਦੀ ਮਦਦ ਦੇ ਬਗੈਰ ਅਜਿਹਾ ਪ੍ਰੋਗਰਾਮ ਹੋ ਨਹੀਂ ਸਕਦਾ।
ਸ੍ਰੀ ਮਜੀਠੀਆ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਢੁਕਵੀਂ ਕਾਰਵਾਈ ਨਾ ਕੀਤੀ ਗਈ ਅਤੇ ਇਸ ਭੜਕਾਊ ਕਾਰਵਾਈ ਵਿਚ ਸ਼ਾਮਲ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਨਾ ਕੀਤ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਕੇਸ ਵਿਚ ਨਿਆਂ ਹਾਸਲ ਕਰਨ ਵਾਸਤੇ ਮੁਹਿੰਮ ਛੇੜਨ ਲਈ ਮਜਬੂਰ ਹੋਵੇਗਾ । ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਜਗਦੀਸ਼ ਟਾਈਟਲਰ ਨਾਲ ਆਪਣੀ ਯਾਰੀ ਨੂੰ ਇਸ ਕੇਸ ਬਾਰੇ ਫੈਸਲੇ ਲੈਣ ਦੇ ਰਾਹ ਵਿਚ ਨਹੀਂ ਆਉਣ ਦੇਣਾ ਚਾਹੀਦਾ। ਉਹਨਾਂ ਕਿਹਾ ਕਿ ਇਹ ਗੱਲ ਜੱਗ ਜ਼ਾਹਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਸਮੇਤ ਅਨੇਕਾਂ ਵਾਰ ਜਗਦੀਸ਼ ਟਾਈਟਲਰ ਦਾ ਬਚਾਅ ਕੀਤਾ ਹੈ ਪਰ ਮੁੱਖ ਮੰਤਰੀ ਦੀ ਕਲੀਨ ਦੀ ਚਿੱਟ ਪੀੜਤ ਪਰਿਵਾਰਾਂ ਦੇ ਦਾਅਵੇ ਦੇ ਬਿਲਕੁਲ ਉਲਟ ਹੈ ਜਿਹਨਾਂ ਨੇ ਦਾਅਵਾ ਕੀਤਾ ਹੈ ਕਿ ਟਾਈਟਲਰ ਨੇ ਹੀ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਭੀੜਾਂ ਦੀ ਦੀ ਅਗਵਾਈ ਕੀਤੀ ਤੇ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਢਾਹੀਆਂ।