ਉਹਨਾਂ ਕਿਹਾ ਕਿ ਪਾਰਟੀ ਵਿਰਸਾ ਸਿੰਘ ਵਲਟੋਹਾ ਤੇ ਇਕ ਹਜ਼ਾਰ ਲੋਕਾਂ ਖਿਲਾਫ ਕੇਸ ਦਰਜ ਕਰਨ ਤੋਂ ਘਬਰਾਉਣ ਵਾਲੀ ਨਹੀਂ ਹੈ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਆਉਂਦੇ ਦਿਨਾਂ ਵਿਚ ਮੁਹਿੰਮ ਹੋਰ ਤੇਜ਼ ਕਰੇਗਾ
ਚੰਡੀਗੜ੍ਹ, 16 ਅਗਸਤ 2020: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਸ਼ਰਾਬ ਮਾਫੀਆ, ਜਿਸ ਕਾਰਨ ਸਿਰਫ ਤਰਨਤਾਰਨ ਵਿਚ ਹੀ ਸੌ ਤੋਂ ਵੱਧ ਮੌਤਾਂ ਹੋ ਗਈਆਂ ਹਨ, ਦੇ ਖਿਲਾਫ ਰੋਸ ਪ੍ਰਗਟ ਕਰ ਰਹੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਵਿਰਸਾ ਸਿੰਘ ਵਲਟੋਹਾ ਤੇ ਇਕ ਹਜ਼ਾਰ ਤੋਂ ਵੱਧ ਲੋਕਾਂ ’ਤੇ ਕੇਸ ਦਰਜ ਕਰਕੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਵਲਟੋਹਾ ਤੇ ਭਾਈ ਮਨਜੀਤ ਸਿੰਘ ਅਤੇ ਯੂਥ ਆਗੂ ਗੌਰਵ ਵਲਟੋਹਾ ਤੇ ਇਕ ਹਜ਼ਾਰ ਹੋਰਨਾਂ ਜੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਪਿੰਡ ਮਹਿਮੂਦਪੁਰਾ ਵਿਚਲੀ ਰਿਹਾਇਸ਼ ਦਾ ਘਿਰਾਓ ਕਰਨ ਗਏ ਸਨ, ਦੇ ਖਿਲਾਫ ਪੁਲਿਸ ਕਾਰਵਾਈ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪਾਰਟੀ ਅਜਿਹੀਆਂ ਧੱਕੇਸ਼ਾਹੀ ਵਾਲੀਆਂ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੇ ਪੀੜਤਾਂ ਲਈ ਇਨਸਾਫ ਹਾਸਲ ਕਰਨ ਵਾਸਤੇ ਆਪਣਾ ਸੰਘਰਸ਼ ਜਾਰੀ ਰੱਖਾਂਗੇ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿਚ ਹੋਏ ਰੋਸ ਪ੍ਰਦਰਸ਼ਨ ਦੇ ਮਾਮਲੇ ’ਤੇ ਦੋਗਲੇ ਮਾਪਦੰਡ ਅਪਣਾਉਣ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਜਦੋਂ ਵੀ ਕਾਂਗਰਸੀ ਆਗੂ ਤੇ ਵਰਕਰ ਰੋਸ ਮੁਜ਼ਾਹਰੇ ਕਰਦੇ ਹਨ ਤਾਂ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੇ ਪਰ ਜਦੋਂ ਅਕਾਲੀ ਵਰਕਰ ਰੋਸ ਮੁਜ਼ਾਹਰੇ ਕਰਦੇ ਹਨ ਤਾਂ ਸਰਕਾਰ ਪੱਬਾਂ ਭਾਰ ਹੋ ਕੇ ਉਹਨਾਂ ਖਿਲਾਫ ਕਾਰਵਾਈ ਕਰਦੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੇ ਦੋਸ਼ੀਆਂ ਅਤੇ ਸ਼ਰਾਬ ਮਾਫੀਆ ਦੇ ਖਿਲਾਫ ਆਉਂਦੇ ਦਿਨਾਂ ਵਿਚ ਆਪਣਾ ਸੰਘਰਸ਼ ਤੇਜ ਕਰੇਗ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਉਹਨਾਂ ਕਾਂਗਰਸੀ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ ਜਿਹਨਾਂ ਦੇ ਨਾਂ ਪੀੜਤ ਪਰਿਵਾਰਾਂ ਨੇ ਮੁਜਰਮਾਂ ਵਜੋਂ ਲਏ ਹਨ। ਉਹਨਾਂ ਕਿਹਾ ਕਿ ਵੀ ਪ੍ਰਸ਼ਾਸਕੀ ਪੱਧਰ ’ਤੇ ਵੀ ਹੇਠਲੇ ਪੱਧਰ ਦੇ ਅਫਸਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿ ਤਰਨਤਾਰਨ ਦੇ ਸਾਬਕਾ ਐਸ ਐਸ ਪੀ ਧਰੁਵ ਦਾਹੀਆ, ਜਿਸਨੇ ਸ਼ਿਕਾਇਤਾਂ ਹੋਣ ਦੇ ਬਾਵਜੂਦ ਵੀ ਸ਼ਰਾਬ ਮਾਫੀਆ ਖਿਲਾਫ ਕਾਰਵਾਈ ਨਹੀਂ ਕੀਤੀ, ਨੂੰ ਚੰਗੀਆਂ ਪੋਸਟਿੰਗ ਨਾਲ ਨਿਵਾਜਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼ਰਾਬ ਮਾਫੀਆ ਤੇ ਇਸਨੂੰ ਚਲਾਉਣ ਵਾਲੇ ਕਾਂਗਸੀਆਂ ਖਿਲਾਫ ਸਖ਼ਤ ਕਾਰਵਾਈ ਦੇ ਨਾਲ ਨਾਲ ਸ਼ਰਾਬ ਦੀਆਂ ਉਹਨਾਂ ਫੈਕਟਰੀਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ ਜਿਥੋਂ ਮਾਫੀਆ ਨੂੰ ਡਿਨੇਚਰਡ ਸਪੀਰਿਟ ਸਪਲਾਈ ਕੀਤੀ ਗਈ। ਉਹਨਾਂ ਕਿਹਾ ਕਿ ਅਸੀਂ ਇਸ ਕੇਸ ਦੀ ਨਿਰਪੱਖ ਜਾਂਚ ਅਤੇ ਇਹ ਕੇਸ ਸੀ ਬੀ ਆਈ ਹਵਾਲੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਰਹਾਂਗੇ।