ਹਰਿੰਦਰ ਨਿੱਕਾ
- ਦੁਕਾਨਾਂ ਦੇ ਬੰਦ ਕਰਨ ਦੇ ਸਮੇਂ ਵਿਚ ਹੋਈ ਤਬਦੀਲੀ
ਸੰਗਰੂਰ, 19 ਅਗਸਤ 2020 - ਡਿਪਟੀ ਕਮਿਸ਼ਨਰ ਰਾਮਵੀਰ ਵੱਲੋਂ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਧਾਰਾ 144 ਦੇ ਐਕਟ 1973 ਤਹਿਤ ਜ਼ਿਲ੍ਹੇ ਅੰਦਰ ਅਗਲੇ ਆਦੇਸ਼ਾਂ ਤੱਕ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਕੋਵਿਡ-19 ਸਬੰਧੀ ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਰਕੇ ਕੁਝ ਗਤੀਵਿਧੀਆਂ ਤੇ ਵਾਧੂ ਪਾਬੰਦੀਆਂ ਲਾਉਣਾ ਜ਼ਰੂਰੀ ਸਮਝਿਆ ਗਿਆ ਹੈ। ਇਸ ਲਈ ਅਗਲੇ ਆਦੇਸ਼ਾਂ ਤੱਕ ਜ਼ਿਲੇ ਦੇ ਸਾਰੇ ਸ਼ਹਿਰਾਂ ਦੀ ਮਿਉਂਸੀਪਲ ਹੱਦਾਂ ਦੇ ਅੰਦਰ ਵਾਧੂ ਪਾਬੰਦੀਆਂ ਲਗਾਈਆਂ ਰਹਿਣਗੀਆਂ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ’ਤੇ ਜ਼ਿਲੇ ਦੇ ਸਾਰੇ ਸ਼ਹਿਰਾਂ ਦੀ ਮਿਉਂਸੀਪਲ ਹਦੂਦ ਦੇ ਅੰਦਰ ਰਾਤ 9.00 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਰਹੇਗਾ। ਹਾਲਾਂਕਿ ਮਲਟੀਪਲ ਸਿਫਟਾਂ ਦੇ ਸੰਚਾਲਨ, ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਿਅਕਤੀਆਂ ਅਤੇ ਜਰੂਰੀ ਚੀਜ਼ਾਂ ਦੀ ਆਵਾਜਾਈ ਅਤੇ ਸਮਾਨ ਨੂੰ ਉਤਾਰਨ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਬਾਅਦ ਵਿਅਕਤੀਆਂ ਨੂੰ ਉਨਾਂ ਦੇ ਸਥਾਨਾਂ ’ਤੇ ਜਾਣ ਸਮੇਤ ਲਿਆਉਣ ਲੈ ਜਾਣ ਦੀ ਆਗਿਆ ਹੋਵੇਗੀ। ਇਸੇ ਤਰਾਂ 2-3 ਸਿਫਟਾਂ ਵਿੱਚ ਚੱਲ ਰਹੇ ਉਦਯੋਗ ਵੀ ਖੁੱਲੇ ਰਹਿਣਗੇ।
ਹੁਕਮਾਂ ਵਿੱਚ ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਰੈਸਟੋਰੈਂਟ, ਹੋਟਲ ਅਤੇ ਹੋਰ ਪਰਾਹੁਣਚਾਰੀ ਦੀਆਂ ਇਕਾਈਆਂ ਰਾਤ 8.30 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਇਸ ਤੋਂ ਇਲਾਵਾ ਦੁਕਾਨਾਂ ਅਤੇ ਸ਼ਾਪਿੰਗ ਮਾਲ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਸ਼ਾਪਿੰਗ ਮਾਲਾਂ ਵਿੱਚ ਸਥਿਤ ਰੈਸਟੋਰੈਂਟ/ਹੋਟਲ ਅਤੇ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤੱਕ ਖੁੱਲ੍ਹੇ ਰਹਿਣਗੇ।
ਇਸ ਤੋਂ ਇਲਾਵਾ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਅਤੇ ਸ਼ਾਪਿੰਗ ਮਾਲਜ਼ ਪੂਰੇ ਜ਼ਿਲੇ ਅੰਦਰ 31 ਜੁਲਾਈ 2020 ਦੀ ਹਦਾਇਤਾਂ ਅਨੁਸਾਰ ਐਤਵਾਰ ਨੂੰ ਬੰਦ ਰਹਿਣਗੇ।