ਜ਼ਿਲ੍ਹਾ ਜੇਲ੍ਹ, ਮੈਕਸੀਮਮ ਸਕਿਓਰਟੀ ਜੇਲ੍ਹ ਅਤੇ ਖੁੱਲ੍ਹੀ ਜੇਲ੍ਹ ਦਾ ਅਚਨਚੇਤ ਨਿਰੀਖਣ
ਨਾਭਾ/ਪਟਿਆਲਾ 20 ਅਗਸਤ 2020: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼੍ਰੀ ਅਗਰਵਾਲ ਵੱਲੋਂ ਜਿਲ੍ਹਾ ਜੇਲ੍ਹ, ਮੈਕਸੀਮਮ ਸਕਿਓਰਟੀ ਜੇਲ੍ਹ ਅਤੇ ਖੁੱਲ੍ਹੀ ਖੇਤੀਬਾੜੀ ਜੇਲ੍ਹਦਾ ਅਚਨਚੇਤ ਨਿਰੀਖਣ ਕਰਨ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਦੀਪਤੀ ਗੁਪਤਾ ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਪਰਮਿੰਦਰ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਸ਼੍ਰੀ ਅਗਰਵਾਲ ਨੇ ਕੈਂਪ ਕੋਰਟ ਦਾ ਆਯੋਜਨ ਕੀਤਾ ਅਤੇ ਬੰਦੀਆਂ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਕਿਸੇ ਤਰ੍ਹਾਂ ਦੀ ਸਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਉਹਨਾਂ ਨੇ ਇਸ ਮੌਕੇ ਜੇਲ੍ਹਾਂ ਦੇ ਸੁਪਰਡੈਂਟਾਂ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ ।
ਸ਼੍ਰੀ ਰਜਿੰਦਰ ਅਗਰਵਾਲ ਨੇ ਵਾਤਾਵਰਨ ਨੂੰ ਸੁੱਧ ਬਣਾਉਣ ਲਈ ਮੈਕਸੀਮਮ ਸਕਿਓਰਟੀ ਜੇਲ੍ਹ, ਨਾਭਾ ਵਿਖੇ ਪੌਦੇ ਲਗਾਏ। ਇਸ ਮੌਕੇ ਐਸ.ਪੀ. (ਜਾਂਚ) ਸ: ਹਰਮੀਤ ਸਿੰਘ ਹੁੰਦਲ, ਮੈਕਸੀਮਮ ਸਕਿਉਰਟੀ ਜੇਲ੍ਹ ਦੇ ਸੁਪਰਡੈਂਟ ਸ: ਰਮਨਦੀਪ ਸਿੰਘ ਭੰਗੂ, ਜ਼ਿਲ੍ਹਾ ਜੇਲ ਦੇ ਸੁਪਰਡੈਂਟ ਸ: ਗੁਰਚਰਨ ਸਿੰਘ ਧਾਲੀਵਾਲ ਅਤੇ ਖੇਤੀਬਾੜੀ ਜੇਲ੍ਹ ਦੇ ਸੁਪਰਡੈਂਟ ਸ: ਜਸਪਾਲ ਸਿੰਘ ਵੀ ਮੌਜੂਦ ਸਨ।