ਕਿਹਾ ਸਬੰਧਿਤ ਐਸ.ਐਮ.ਓਜ਼/ਐਸ.ਡੀ.ਐਮਜ਼ ਵਲੋਂ ਕੀਤੀ ਜਾਵੇਗੀ ਸਕਰੀਨਿੰਗ
ਸੰਪਰਕ 'ਚ ਆਏ ਲੋਕਾਂ ਦੀ ਸ਼ਨਾਖਤ ਅਤੇ ਇਕਾਂਤਵਾਸ ਦੀ ਨਿਗਰਾਨੀ ਲਈ ਜ਼ੋਨ ਵਾਈਜ਼ 469 ਟੀਮਾਂ ਦਾ ਗਠਨ
ਜਲੰਧਰ 22 ਅਗਸਤ 2020: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਐਲਾਨ ਕੀਤਾ ਕਿ ਹੁਣ ਕੋਵਿਡ ਦੇ ਮਰੀਜ਼ ਜਿਨਾਂ ਵਿੱਚ ਕੋਵਿਡ-19 ਬਿਮਾਰੀ ਦਾ ਕੋਈ ਲੱਛਣ ਦਿਖਾਈ ਨਹੀਂ ਦਿੰਦਾ ਕੋਵਿਡ ਕੇਅਰ ਸੈਂਟਰ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਘਰਾਂ ਵਿੱਚ ਇਕਾਂਤਵਾਸ ਹੋਣ ਦੀ ਆਗਿਆ ਲੈਣ ਲਈ ਆਉਣ ਦੀ ਲੋੜ ਨਹੀਂ, ਕਿਉਂਕਿ ਹੁਣ ਇਹ ਜਾਂਚ ਸਬੰਧਿਤ ਇਲਾਕੇ ਦੇ ਸੀਨੀਅਰ ਮੈਡੀਕਲ ਅਫ਼ਸਰ/ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿਖੇ ਕੀਤੀ ਜਾਵੇਗੀ।
ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ, ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਥੋਰੀ ਨੇ ਕਿਹਾ ਕਿ ਜ਼ਿਨ੍ਹਾਂ ਲੋਕਾਂ ਦੇ ਕੋਵਿਡ-19 ਟੈਸਟ ਪਾਜ਼ੀਟਿਵ ਪਾਏ ਗਏ ਹਨ ਅਤੇ ਉਨਾਂ ਵਿੱਚ ਬਿਮਾਰੀ ਦੇ ਕੋਈ ਲੱਛਣ ਦਿਖਾਈ ਨਹੀਂ ਦਿੰਦੇ , ਹੁਣ ਉਨ੍ਹਾਂ ਨੂੰ ਘਰਾਂ ਵਿੱਚ ਇਕਾਂਤਵਾਸ ਰਹਿਣ ਦੀ ਇਜ਼ਾਜਤ ਦੇਣ ਲਈ ਕਮਿਊਂਨਟੀ ਸਿਹਤ ਕੇਂਦਰਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਵਿਖੇ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਜਾਂਚ ਕੀਤੀ ਜਾਵੇਗੀ।
ਸ੍ਰੀ ਥੋਰੀ ਨੇ ਦੱਸਿਆ ਕਿ ਸਿਹਤ ਵਿਭਾਗ ਪਾਸ ਸ਼ਾਹਕੋਟ, ਬੜਾ ਪਿੰਡ, ਲੋਹੀਆਂ, ਜੰਡਿਆਲਾ, ਅਪਰਾ, ਨੂਰਮਹਿਲ, ਫਿਲੌਰ, ਕਾਲਾ ਬੱਕਰਾ, ਆਦਮਪੁਰ, ਨਕੋਦਰ, ਕਰਤਾਰਪੁਰ, ਮਹਿਤਪੁਰ, ਬਿਲਗਾ, ਬੁੰਡਾਲਾ, ਸ਼ੰਕਰ ਅਤੇ ਹੋਰ ਖੇਤਰਾਂ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਹਨ , ਜਿਨਾਂ ਨੂੰ ਹੁਣ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਪ੍ਰਭਾਵਿਤ ਮਰੀਜ਼ਾਂ ਦੀ ਜਾਂਚ ਕਰਕੇ ਘਰਾਂ ਵਿੱਚ ਇਕਾਂਤਵਾਸ ਰਹਿਣ ਦੀ ਆਗਿਆ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ।
ਸ੍ਰੀ ਥੋਰੀ ਨੇ ਕਿਹਾ ਕਿ ਇਸ ਨਾਲ ਕੋਵਿਡ ਪ੍ਰਭਾਵਿਤ ਮਰੀਜ਼ ਜਿਨਾਂ ਵਿੱਚ ਬਿਮਾਰੀ ਦੇ ਕੋਈ ਲੱਛਣ ਦਿਖਾਈ ਨਹੀਂ ਦਿੰਦੇ 'ਤੇ ਬੇਲੋੜੇ ਦਬਾਅ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ, ਜ਼ਿਨ੍ਹਾਂ ਨੂੰ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਕੋਵਿਡ ਕੇਅਰ ਸੈਂਟਰ ਜਾਣ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ 469 ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਡਾਕਟਰ,ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਹਰ ਜ਼ੋਨਾਂ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜਿਨਾਂ ਵਲੋਂ ਘਰਾਂ ਵਿੱਚ ਇਕਾਂਤਵਾਸ ਕੀਤੇ ਲੋਕਾਂ ਦੀ ਨਿਗਰਾਨੀ ਤੋਂ ਇਲਾਵਾ ਕੋਵਿਡ-19 ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਏ 10 ਲੋਕਾਂ ਦੀ ਜੰਗੀ ਪੱਧਰ 'ਤੇ ਸ਼ਨਾਖਤ ਨੂੰ ਯਕੀਨੀ ਬਣਾਇਆ ਜਾਵੇਗਾ।
ਸ੍ਰੀ ਥੋਰੀ ਨੇ ਦੱਸਿਆ ਕਿ ਜਾਇੰਟ ਕਮਿਸ਼ਨਰ ਨਗਰ ਨਿਗਮ ਇਨਾਇਤ ਇਨ੍ਹਾਂ ਸਾਰੀਆਂ ਟੀਮਾ ਦੇ ਨੋਡਲ ਅਫ਼ਸਰ ਹੋਣਗੇ ਜਦਕਿ ਸਬੰਧਿਤ ਉਪ ਮੰਡਲ ਮੈਜਿਸਟਰੇਟ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਵੀ ਟੀਮਾਂ ਦੀ ਨਿਗਰਾਨੀ ਕੀਤੀ ਜਾਵੇਗੀ।
ਸ੍ਰੀ ਥੋਰੀ ਨੇ ਦੱਸਿਆ ਕਿ ਕੋਵਿਡ ਦੇ ਕੇਸਾਂ ਵਿੱਚ ਵਾਧਾ ਹੋਣ ਕਰਕੇ ਸਿਹਤ ਟੀਮਾਂ ਨੂੰ ਸੈਂਪਲ ਇਕੱਤਰ ਕਰਨ, ਡਾਟਾ ਤਿਆਰ ਕਰਨ, ਰਿਪੋਰਟ ਬਣਾਉਣ ਅਤੇ ਸੰਪਰਕ ਵਿੱਚ ਆਏ ਲੋਕਾਂ ਦੀ ਸ਼ਨਾਖ਼ਤ ਕਰਨ ਲਈ ਬਹੁਤ ਸਾਰੇ ਕੰਮ ਦੇ ਬੋਝ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਹੁਣ ਜ਼ੋਨ ਵਾਰ ਬਣਾਈਆਂ ਗਈਆ ਟੀਮਾਂ ਕੋਵਿਡ ਪ੍ਰਭਾਵਿਤ ਦੇ ਸੰਪਰਕ ਵਿੱਚ ਆਏ 10 ਲੋਕਾਂ ਦੀ ਤੁਰੰਤ ਸ਼ਨਾਖਤ ਕਰਨ ਵਿੱਚ ਲਾਹੇਵੰਦ ਸਾਬਿਤ ਹੋਣਗੀਆਂ ਅਤੇ ਇਸ ਨਾਲ ਉਨ੍ਹਾਂ ਦੇ ਟੈਸਟ ਵੀ ਜਲਦ ਤੋਂ ਜਲਦ ਕਰਵਾਏ ਜਾ ਸਕਣਗੇ।
ਸ੍ਰੀ ਥੋਰੀ ਨੇ ਕਿਹਾ ਕਿ ਪ੍ਰਭਾਵਿਤ ਵਿਅਕਤੀ ਦੀ ਜਲਦੀ ਪਹਿਚਾਣ ਅਤੇ ਜਲਦੀ ਇਲਾਜ ਸ਼ੁਰੂ ਕਰਕੇ ਮਹਾਂਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਫੈਲਣ ਤੋਂ ਰੋਕਿਆ ਜਾ ਸਕੇਗਾ, ਜਿਸ ਨਾਲ ਮੌਤ ਦਰ ਘਟੇਗੀ। ਉਨ੍ਹਾਂ ਕਿਹਾ ਕਿ ਇਹ ਸਾਡੇ ਸਭ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਬਿਹਤਰ ਆਪਸੀ ਤਾਲਮੇਲ ਨਾਲ ਕੋਵਿਡ-19 ਖਿਲਾਫ਼ ਜੰਗ ਲੜੀ ਜਾਵੇ।
ਇਸ ਮੌਕੇ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਵੀ ਕੀਤੀ ਗਈ, ਜਿਸ ਵਿੱਚ ਉਨਾਂ ਵਲੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਲੈਵਲ-3 ਦੇ ਸਿਹਤ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ ਅਤੇ ਹੋਰ ਵੀ ਹਾਜ਼ਰ ਸਨ।