ਪਰਵਿੰਦਰ ਸਿੰਘ ਕੰਧਾਰੀ
- ਫਰੀਦਕੋਟ ਜ਼ਿਲ੍ਹੇ 'ਚ ਐਕਟਿਵ ਕੇਸ 311
- ਮਿਸ਼ਨ ਫਤਿਹ ਤਹਿਤ 9 ਕੋਰੋਨਾ ਮਰੀਜ਼ਾਂ ਨੂੰ ਮਿਲੀ ਛੁੱਟੀ
ਫਰੀਦਕੋਟ, 23 ਅਗਸਤ 2020 - ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਨੂੰ ਕੋਰੋਨਾ ਮੁਕਤ ਕਰਨ ਦੇ ਮੰਤਵ ਤਹਿਤ ਲੋਕਾਂ ਨੂੰ ਜਾਰੀ ਐਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਪਰ ਨਿੱਤ-ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ, ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 20897 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 752 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 19006 ਰਿਪੋਰਟਾਂ ਨੈਗੇਟਿਵ ਆਈਆਂ ਹਨ।
ਅੱਜ ਜ਼ਿਲ੍ਹੇ 'ਚ 40 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਹੋਰ ਵਾਧਾ ਹੋ ਗਿਆ ਹੈ, ਹੁਣ ਫਰੀਦਕੋਟ 'ਚ 311 ਐਕਟਿਵ ਕੇਸ ਹਨ ਜੋ ਜੇਰੇ ਇਲਾਜ ਹਨ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਸ਼ੱਕ ਦੂਰ ਕਰਨ ਲਈ ਜਲਦ ਤੋਂ ਜਲਦ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਵੀ ਦਿੱਤੀ। ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਸਰਗਰਮੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਤਾਂ ਜੋ ਜਲਦ ਤੋਂ ਜਲਦ ਜ਼ਿਲੇ ਨੂੰ ਕੋਰੋਨਾ ਮੁਕਤ ਬਣਾਇਆ ਜਾ ਸਕੇ।
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਅੱਜ ਤੱਕ ਜ਼ਿਲ੍ਹੇ ਵਿੱਚ 803 ਕੋਰੋਨਾ ਮਰੀਜ਼ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 486 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ,ਅੱਜ 9 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜ਼ਿਲ੍ਹੇ ਵਿੱਚ 6 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਜਾਣਕਾਰੀ ਦਿੱਤੀ ਕੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 200 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਗਏ ਹਨ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਏ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ,ਰਿਸ਼ਤੇਦਾਰਾਂ ਅਤੇ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।