ਸਰਕਾਰ ਵੱਲ ਹਰ ਨੌਜਵਾਨ ਦਾ 1.05 ਲੱਖ ਰੁਪਏ ਬੇਰੋਜ਼ਗਾਰੀ ਭੱਤਾ ਬਕਾਇਆ, ਇਹ ਤੁਰੰਤ ਇਹਨਾਂ ਦਾ ਖਾਤਿਆਂ ਵਿਚ ਪਾਇਆ ਜਾਵੇ : ਪਰਮਬੰਸ ਸਿੰਘ ਰੋਮਾਣਾ
ਚੰਡੀਗੜ੍ਹ, 24 ਅਗਸਤ 2020: ਯੂਥ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਰੇ ਕਾਂਗਰਸੀ ਮੰਤਰੀਆਂ ਦੇ ਘਿਰਾਓ ਦਾ ਐਲਾਨ ਕੀਤਾ ਤੇ ਮੰਗ ਕੀਤੀ ਕਿ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ।
ਇਸ ਮਾਮਲੇ ’ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਸੰਘਰਸ਼ ਦੇ ਪਹਿਲੇ ਪੜਾਅ ਵਿਚ ਜਦੋਂ ਵੀ ਮੁੱਖ ਮੰਤਰੀ ਆਪਣੇ ਫਾਰਮ ਹਾਊਸ ਵਿਚੋਂ ਬਾਹਰ ਨਿਕਲਣਗੇ ਅਤੇ ਪੰਜਾਬ ਦਾ ਦੌਰਾ ਕਰਨਗੇ, ਯੂਥ ਅਕਾਲੀ ਦਲ ਦੇ ਮੈਂਬਰ ਮੁੱਖ ਮੰਤਰੀ ਦਾ ਘਿਰਾਓ ਕਰਨਗੇ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਉਹਨਾਂ ਨੂੰ ਨੌਜਵਾਨਾਂ ਅਤੇ ਇਹਨਾਂ ਦੇ ਨਾਲ ਨਾਲ ਸੂਬੇ ਦੇ ਲੋਕਾਂ ਨਾਲ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੀਤੇ ਆਪਣੇ ਸਾਰੇ ਵਾਅਦੇ ਚੇਤੇ ਕਰਵਾਏਗਾ। ਉਹਨਾਂ ਕਿਹਾ ਕਿ ਅਸੀਂ ਇਸ ਮਗਰੋਂ ਕਾਂਗਰਸ ਦੇ ਮੰਤਰੀਆਂ ਦਾ ਉਦੋਂ ਘਿਰਾਓ ਕਰਾਂਗੇ ਜਦੋਂ ਉਹ ਆਪਣੇ ਘਰਾਂ ਵਿਚੋਂ ਬਾਹਰ ਨਿਕਲਣਗੇ, ਅਸੀਂ ਉਹਨਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਖਾ ਕੇ ਉਹਨਾਂ ਨੂੰ ਪੁੱਛਾਂਗੇ ਕਿ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਿਉਂ ਨਹੀਂ ਕੀਤੇ ਜਾ ਰਹੇ।
ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਯੂਥ ਅਕਾਲੀ ਦਲ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਸੱਤਾ ਵਿਚ ਆਉਣ ਦੇ ਚਾਰ ਸਾਲ ਬੀਤਣ ’ਤੇ ਵੀ ਕਾਂਗਰਸ ਸਰਕਾਰ ਨੇ ਨੌਜਵਾਨਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਨੌਜਵਾਨਾਂ ਨਾਲ ਘਰ ਘਰ ਨੌਕਰੀ ਸਕੀਮ ਤਹਿਤ ਹਰ ਘਰ ਵਿਚ ਇਕ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰ ਘਰ ਵਿਚ ਇਕ ਨੌਕਰੀ ਦੇ ਹਿਸਾਬ ਨਾਲ 52 ਲੱਖ ਨੌਕਰੀਆਂ ਦੀ ਸਿਰਜਣਾ ਹੋਣੀ ਸੀ। ਉਹਨਾਂ ਕਿਹਾ ਕਿ ਹੁਣ ਕਾਂਗਰਸ ਸਰਕਾਰ ਇਸ਼ਤਿਹਾਰਾਂ ਰਾਹੀਂ ਨੌਜਵਾਨਾਂ ਨੂੰ ਅਗਲੇ ਮਹੀਨੇ 90 ਹਜ਼ਾਰ ਨੌਕਰੀਆਂ ਦੇਣ ਦਾ ਵਾਅਦਾ ਕਰ ਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸਲ ਵਿਚ ਇਹ ਨੌਕਰੀਆਂ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਹਨ ਜਿਸ ’ਤੇ ਸਰਕਾਰ ਆਪਣਾ ਦਾਅਵਾ ਕਰ ਰਹੀ ਹੈ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਸਰਕਾਰ ਨੇ ਨਾ ਤਾਂ ਪਿਛਲੇ ਚਾਰ ਸਾਲਾਂ ਵਿਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੰਤੀਆਂ ਹਨ ਤੇ ਨਾ ਹੀ ਕੀਤੇ ਵਾਅਦੇ ਅਨੁਸਾਰ ਹਰ ਮਹੀਨੇ 2500 ਰੁਪਏ ਬੇਰੋਜ਼ਗਾਰੀ ਭੱਤਾ ਦਿੱਤਾ ਹੈ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਇਹ ਵੀ ਵਾਅਦਾ ਕੀਤਾ ਗਿਆ ਸੀ ਕਿ ਜੋ ਨੌਜਵਾਨ 10ਵੀਂ ਪਾਸ ਕਰੇਗਾ ਅਤੇ ਜਿਸਦੀ ਉਮਰ 18 ਤੋਂ 34 ਸਾਲਾਂ ਦਰਮਿਆਨ ਹੋਵੇਗੀ, ਉਸਨੂੰ ਵੀ ਰੋਜ਼ਗਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਸਿਰ ਹਰ ਨੌਜਵਾਨ ਦਾ ਬੇਰੋਜ਼ਗਾਰੀ ਭੱਤੇ ਦਾ 1.05 ਲੱਖ ਰੁਪਏ ਬਕਾਇਆ ਖੜ੍ਹਾ ਹੈ ਅਤੇ ਅਸੀਂ ਮੁੱਖ ਮੰਤਰੀ ਤੇ ਮੰਤਰੀਆਂ ਦਾ ਘਿਰਾਓ ਕਰ ਕੇ ਇਹ ਪੈਸਾ ਤੁਰੰਤ ਨੌਜਵਾਨਾਂ ਦੇ ਖਾਤਿਆਂ ਵਿਚ ਪਾਏ ਜਾਣ ਦੀ ਮੰਗ ਕਰਾਂਗੇ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ‘ਸਾਡਾ ਹੱਕ ਇਥੇ ਰੱਖ’ ਮੁਹਿੰਮ ਤਹਿਤ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦੇ ਕਵਰ ਕੀਤੇ ਜਾਣਗੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਹ ਵੀ ਵਾਅਦਾ ਕੀਤਾ ਸੀ ਕਿ ਆਪਣੀ ਗੱਡੀ ਆਪਣਾ ਰੋਜ਼ਗਾਰ ਸਕੀਮ ਤਹਿਤ ਇਕ ਲੱਖ ਟੈਕਸੀਆਂ ਪਾਈਆਂ ਜਾਣਗੀਆਂ ਤੇ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਵੀ ਵਾਅਦਾ ਕੀਤਾ ਗਿਆ ਸੀ ਕਿ ਹਰਾ ਟਰੈਕਟਰ ਸਕੀਮ ਤਹਿਤ ਨੌਜਵਾਨਾਂ ਨੂੰ ਸੌਖੀਆਂ ਕਿਸ਼ਤਾਂ ’ਤੇ ਟਰੈਕਟਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਯਾਰੀ ਐਂਟਰਪ੍ਰਾਇਜਿਜ਼ ਸਕੀਮ ਤਹਿਤ 30 ਫੀਸਦੀ ਸਬਸਿਡੀ ’ਤੇ 5 ਲੱਖ ਰੁਪਏ ਦੇ ਕਰਜ਼ੇ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਪੁੱਛਾਂਗੇ ਕਿ ਇਹਨਾਂ ਸਕੀਮਾਂ ਵਿਚੋਂ ਕੋਈ ਵੀ ਹੁਣ ਤੱਕ ਲਾਗੂ ਕਿਉਂ ਨਹੀਂ ਕੀਤੀ ਗਈ।
ਯੂਥ ਅਕਾਲੀ ਆਗੂ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਵੀ ਕਾਂਗਰਸ ਸਰਕਾਰ ਦੀ ਲੋਕਾਂ ਪ੍ਰਤੀ ਬੇਰੁਖੀ ਦੀ ਮਾਰ ਝੱਲ ਰਹੇ ਹਨ ਕਿਉਂਕਿ ਸਰਕਾਰ ਨੇ ਕੇਂਦਰ ਤੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਲਈ ਆਏ 309 ਕਰੋੜ ਰੁਪਏ ਜਾਰੀ ਨਹੀਂ ਕੀਤੇ ਜਿਸ ਕਾਰਨ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ। ਉਹਨਾਂ ਕਿਹਾ ਕਿ 1.80 ਲੱਖ ਵਿਦਿਆਰਥੀਆਂ ਦੇ ਨਾਂ ਉਚੇਰੀ ਸਿੱਖਿਆ ਸੰਸਥਾਵਾਂ ਵਿਚੋਂ ਕੱਟ ਦਿੱਤੇ ਗਏ ਕਿਉਂਕਿ ਸਰਕਾਰ ਨੇ ਐਸ ਸੀ ਸਕਾਲਰਸ਼ਿਪ ਸਕੀਮ ਲਾਗੂ ਨਹੀਂ ਕੀਤੀ।