ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 26 ਅਗਸਤ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਦੋ ਪੀੜਤ ਔਰਤਾਂ ਦੀ ਮੌਤ ਵੀ ਹੋਈ ਹੈ। ਇਹ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਆਏ ਕੇਸਾਂ ਵਿੱਚੋਂ 4 ਕੇਸ ਸ੍ਰੀ ਮੁਕਤਸਰ ਸਾਹਿਬ, 7 ਕੇਸ ਮਲੋਟ, 1 ਕੇਸ ਪਿੰਡ ਸਮਾਘ, 1 ਕੇਸ ਪਿੰਡ ਫੱਤਣਵਾਲਾ ਅਤੇ 1 ਕੇਸ ਪਿੰਡ ਜੱਸੇਆਣਾ ਨਾਲ ਸਬੰਧਿਤ ਹਨ, ਜਿੰਨ੍ਹਾਂ ਨੂੰ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਸਥਾਨਕ ਸ਼ਹਿਰ ਦੇ ਗਾਂਧੀ ਨਗਰ ਤੇ ਮੋਹਨ ਲਾਲ ਸਟਰੀਟ ਦੀਆਂ ਰਹਿਣ ਵਾਲੀਆਂ ਦੋ ਔਰਤਾਂ ਦੀ ਮੌਤ ਵੀ ਹੋਈ ਹੈ, ਜਿੰਨ੍ਹਾਂ ਦੀ ਉਮਰ 74 ਅਤੇ 77 ਸਾਲ ਸੀ। ਪਹਿਲੀ ਔਰਤ ਦੀ ਮੌਤ ਸਥਾਨਕ ਸਰਕਾਰੀ ਹਸਪਤਾਲ ਵਿਖੇ ਇਲਾਜ ਦੌਰਾਨ ਹੋਈ ਹੈ , ਜੋਕਿ ਸਾਹ ਦੀ ਬਿਮਾਰੀ ਤੋਂ ਵੀ ਪੀੜਤ ਸੀ ਜਦੋਂਕਿ ਦੂਜੀ ਔਰਤ ਦੀ ਮੌਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਇਲਾਜ ਅਧੀਨ ਹੋਈ ਹੈ। ਇਸ ਤੋਂ ਇਲਾਵਾ ਅੱਜ 52 ਮਰੀਜ਼ਾਂ ਨੂੰ ਛੁੱਟੀ ਵੀ ਦਿੱਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 266 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1864 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 407 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦਾ ਅੰਕੜਾ 712 ਹੋ ਗਿਆ ਹੈ, ਜਿਸ ਵਿੱਚੋਂ 457 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 247 ਕੇਸ ਐਕਟਿਵ ਹਨ।