ਪਿੰਡ ਪੰਜੋਲੀ ਕਲਾਂ ਵਿਖੇ 05 ਲੱਖ ਰੁਪਏ ਦੀ ਲਾਗਤ ਨਾਲ ਜਿੰਮ ਦੇ ਕਮਰੇ ਦਾ ਨਿਰਮਾਣ ਜਾਰੀ
ਛੱਤ ਪਾਉਣ ਤੱਕ ਦਾ ਕੰਮ ਮੁਕੰਮਲ
ਛੇਤੀ ਕੀਤਾ ਜਾਵੇਗਾ ਖਿਡਾਰੀਆਂ ਨੂੰ ਸਮਰਪਿਤ
ਫ਼ਤਹਿਗੜ੍ਹ ਸਾਹਿਬ, 29 ਅਗਸਤ 2020: ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਦੇ ਮਕਸਦ ਦੇ ਨਾਲ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਜਿੱਥੇ ਪਿੰਡਾਂ ਵਿੱਚ ਖੇਡ ਮੈਦਾਨ ਕਰਵਾਏ ਜਾ ਰਹੇ ਹਨ, ਉਥੇ ਜਿੰਮਾਂ ਲਈ ਵਿਸ਼ੇਸ਼ ਕਮਰੇ ਵੀ ਤਿਆਰ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹਲਕਾ ਫ਼ਤਹਿਗੜ੍ਹ ਸਾਹਬਿ ਦੇ ਪਿੰਡ ਪੰਜੋਲੀ ਕਲਾਂ ਵਿਖੇ ਕਰੀਬ 05 ਲੱਖ ਰੁਪਏ ਦੀ ਲਾਗਤ ਨਾਲ ਜਿੰਮ ਰੂਮ ਦਾ ਨਿਰਮਾਣ ਚੱਲ ਰਿਹਾ ਹੈ, ਜਿਸ ਦਾ ਛੱਤ ਪਾਉਣ ਤੱਕ ਦਾ ਕੰਮ ਮੁਕੰਮਲ ਹੋ ਗਿਆ ਹੈ। ਛੇਤੀ ਹੀ ਇਸ ਨੂੰ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਜਿੰਮ ਰੂਮ ਦੇ ਨਾਲ ਨਾਲ ਰਸੋਈ ਅਤੇ ਬਾਥਰੂਮ ਤੇ ਪਖਾਨਿਆਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਖਿਡਾਰੀ ਦਾ ਸਰੀਰ ਮਜ਼ਬੂਤ ਹੁੰਦਾ ਹੈ, ਉਥੇ ਉਹ ਮਾਨਸਿਕ ਰੂਪ ਵਿੱਚ ਮਜ਼ਬੂਤ ਹੁੰਦਾ ਹੈ ਤੇ ਉਸ ਵਿੱਚ ਹੋਰਨਾਂ ਵਿਅਕਤੀਆਂ ਦੇ ਮੁਕਾਬਲੇ ਹਰ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣਾ ਦੀ ਸਮਰੱਥਾ ਵੱਧ ਜਾਂਦੀ ਹੈ। ਇਸ ਦੇ ਨਾਲ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਤਾਕਤ ਵੀ ਖੇਡਾਂ ਸਦਕਾ ਵੱਧਦੀ ਹੈ। ਇਨ੍ਹਾਂ ਪੱਖਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਸ. ਨਾਗਰਾ ਨੇ ਕਿਹਾ ਕਿ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਕੇਵਲ ਬੁਨਿਆਦੀ ਢਾਂਚੇ ਦੇ ਵਿਕਾਸ ਪੱਖੋਂ ਨਹੀਂ ਸਗੋਂ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰ ਕੇ ਇੱਕ ਵਿਲੱਖਣ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ।