← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 31 ਅਗਸਤ 2020: ਬਠਿੰਡਾ ਜਿਲੇ ਦੀਆਂ ਖੁਫੀਆ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅੱਖੀਂ ਘੱਟਾ ਪਾਕੇ ਭੁੱਚੋ ਮੰਡੀ ’ਚ ਅੱਜ ਦੋ ਵੱਖ ਵੱਖ ਥਾਵਾਂ ਤੇ ਸ਼ਰਾਰਤੀ ਅਨਸਰਾਂ ਨੇ ਖਾਲਿਸਤਾਨ ਦੇ ਝੰਡੇ ਲਹਿਰਾਏ ਜਿਸ ਤੋਂ ਬਾਅਦ ਪ੍ਰਸ਼ਾਸ਼ਨ ਨੂੰ ਭਾਜੜਾਂ ਪੈ ਗਈਆਂ ਹਨ। ਹਾਲਾਂਕਿ ਪੁਲਿਸ ਨੇ ਝੰਡੇ ਉਤਾਰਨ ਉਪਰੰਤ ਮਾਮਲੇ ਦੀ ਜਾਂਚ ਸ਼ੁਰ ਕਰ ਦਿੱਤੀ ਹੈ ਪਰ ਇਸ ਨੂੰ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੁੱਲਣ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਸਬੰਧੀ ਅੱਜ ਇੱਕ ਵੀਡੀਓ ਵੀ ਵਾਇਰਲ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਅੱਜ ਮਾਰਕੀਟ ਕਮੇਟੀ ਭੁੱਚੋ ਮੰਡੀ ਦੇ ਦਫ਼ਤਰ ਅਤੇ ਬਠਿੰਡਾ ਚੰਡੀਗੜ ਕੌਮੀ ਸੜਕ ਮਾਰਗ ‘ਤੇ ਭੁੱਚੋ ਕੈਂਚੀਆਂ ਉੱਪਰ ਬਣੇ ਓਵਰਬਿ੍ਰਜ ‘ਤੇ ਖਾਲਿਸਤਾਨੀ ਝੰਡੇ ਲਹਿਰਾਏ ਗਏ। ਮਾਮਲਾ ਅੱਜ ਦੀ ਸਵੇਰ ਦਾ ਹੈ, ਜਦੋਂ ਲੋਕਾਂ ਨੇ ਖਾਲਿਸਤਾਨ ਦਾ ਝੰਡਾ ਲਹਿਰਾਉਂਦੇ ਦੇਖਿਆ ਤਾਂ ਉਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਡੀਐਸਪੀ ਅਸ਼ੋਕ ਸਰਮਾ ਅਤੇ ਚੌਂਕੀ ਇੰਚਾਰਜ ਗੁਰਪ੍ਰੀਤ ਸਿੰਘ ਮੌਕੇ ਤੇ ਪੁੱਜੇ ਅਤੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ। ਪੁਲਿਸ ਨੇੇ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਅਤੇ ਚੌਕੀਦਾਰ ਤੋਂ ਵੀ ਪੁੱਛਗਿੱਛ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ ਹੈ। ਪਤਾ ਲੱਗਿਆ ਹੈ ਕਿ ਮਾਰਕਿਟ ਕਮੇਟੀ ਦੇ ਦਫ਼ਤਰ ਅੱਗੇ ਖਾਲਿਸਤਾਨ ਦਾ ਝੰਡਾ ਲਹਿਰਾ ਕੇ ਨੌਜਵਾਨਾਂ ਨੇ ਖਾਲਿਸਤਾਨ ਦੇ ਹੱਕ ‘ਚ ਨਾਅਰੇਬਾਜ਼ੀ ਵੀ ਕੀਤੀ ਹੈ ਪਰ ਕੋੲਂ ਅਧਿਕਾਰੀ ਇਸ ਬਾਰੇ ਬੋਲਣ ਨੂੰ ਤਿਆਰ ਨਹੀਂ ਹੋਇਆ ਹੈ। ਦੱਸਣਯੋਗ ਹੈ ਕਿ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂੰ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਸੀ ਜਿਸ ਨੂੰ ਖਿੱਤੇ ’ਚ ਕੋਈ ਹੁੰਗਾਰਾ ਨਹੀਂ ਮਿਲਿਆ ਹੈ ਅਤੇ ਲੋਕ ਆਮ ਵਾਂਗ ਆਪੋ ਆਪਣੇ ਕੰਮਾਂ ਕਾਰਾਂ ’ਚ ਰੁੱਝੇ ਰਹੇ। ਬੰਦ ਦੇ ਇਸ ਸੱਦੇ ਨੂੰ ਦੇਖਦਿਆਂ ਪੁਲਿਸ ਸੁਰੱਖਿਆ ਦੇ ਸਖਤ ਪ੍ਰਬੰਧ ਕਰਨ ਦਾ ਦਾਅਵਾ ਕਰ ਰਹੀ ਸੀ ਪਰ ਖਾਲਸਤਾਨਂ ਪੱਖੀਆਂ ਨੇ ਝੰਡੇ ਲਹਿਰਾ ਕੇ ਪੁਲਿਸ ਨੂੰ ਚੁਣੌਤੀ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਇਹ ਜਾਂਚ ਦਾ ਵਿਸ਼ਾ ਹੈ ਕਿ ਖਾਲਿਸਤਾਨੀ ਝੰਡਾ ਕਿੱਥੇ ਲਹਿਰਾਇਆ ਗਿਆ ਹੈ। ਉਨਾਂ ਆਖਿਆ ਕਿ ਕਿ ਮਾਰਕਿਟ ਕਮੇਟੀ ਦੇ ਦਫ਼ਤਰ ਤੋਂ ਉਨਾਂ ਨੂੰ ਕੋਈ ਝੰਡਾ ਨਹੀਂ ਮਿਲਿਆ। ਪੁਲਿਸ ਅਧਿਕਾਰੀ ਨਰਿੰਦਰ ਕੁਮਾਰ ਆਖਦੇ ਹਨ ਕਿ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ ਹਾਸਲ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਭੁੱਚੋ ਮੰਡੀ ਵਿੱਚ ਝੰਡਾ ਲਹਿਰਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਜਲਦੀ ਹੀ ਮੁਲਜਮਾਂ ਨੂੰ ਕਾਬੂ ਕਰ ਲਵੇਗੀ। ਸੂਤਰ ਦੱਸਦੇ ਹਨ ਕਿ ਪੁਲਿਸ ਨੇ ਕੁੱਝ ਨੌਜਵਾਨਾਂ ਨੂੰ ਹਿਰਸਤ ’ਚ ਲਿਆ ਹੈ ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ।
Total Responses : 265