ਵਾਕ-ਇਨ-ਟੈਸਟਿੰਗ ਲਈ ਫਲੂ ਕਾਰਨਰਾਂ ਦੀ ਸਮਰਥਾ ਵਧਾਈ
ਐਸ.ਏ.ਐਸ.ਨਗਰ, 07 ਸਤੰਬਰ 2020: ਕੋਰੋਨਾ ਮਹਾਂਮਾਰੀ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ.ਨਗਰ ਨੇ ਕੋਵਿਡ -19 ਦੇ ਨਮੂਨੇ ਲੈਣ ਦੀ ਦਰ ਨੂੰ ਦੋ ਗੁਣਾ ਤੱਕ ਵਧਾ ਦਿੱਤਾ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ ।
ਇਸ ਸਬੰਧੀ ਵੇਰਵਿਆਂ ਨੂੰ ਸਾਂਝਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਲਈ ਪਹਿਲਾਂ ਪ੍ਰਤੀ ਦਿਨ ਲਗਭਗ 350 ਨਮੂਨੇ ਲਏ ਜਾ ਰਹੇ ਸਨ ਜਿਸ ਵਿੱਚ ਵਾਧਾ ਕਰਦਿਆਂ ਹੁਣ ਰੋਜ਼ਾਨਾ ਤਕਰੀਬਨ 850 ਤੋਂ 1100 ਨਮੂਨੇ ਲਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਮਰੀਜ਼ਾਂ ਵਿੱਚ ਕੋਰੋਨਾ ਵਾਇਰਸ ਦਾ ਜਲਦੀ ਪਤਾ ਲਗਾਉਣਾ ਹੈ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਹੋਰਨਾਂ ਤੱਕ ਵੀ ਇਸ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਸ੍ਰੀ ਦਿਆਲਨ ਨੇ ਕਿਹਾ, “ਨਮੂਨੇ ਲੈਣ ਦੀ ਗਤੀ ਨੂੰ ਤੇਜ਼ ਕਰਨ ਦੇ ਨਾਲ-ਨਾਲ ਟੈਸਟਿੰਗ ਨੂੰ ਵੀ ਵਧਾ ਕੇ ਦੁਗਣਾ ਕਰ ਦਿੱਤਾ ਗਿਆ ਹੈ। ਪਹਿਲਾਂ ਔਸਤਨ 400 ਟੈਸਟ ਪ੍ਰਤੀ ਦਿਨ ਦੇ ਮੁਕਾਬਲੇ ਹੁਣ ਔਸਤਨ ਤਕਰੀਬਨ 850 ਟੈਸਟ ਕੀਤੇ ਜਾ ਰਹੇ ਹਨ। ”
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 4 ਸਤੰਬਰ ਨੂੰ ਜ਼ਿਲ੍ਹੇ ਵਿੱਚ ਕੁੱਲ 946 ਨਮੂਨੇ ਲਏ ਗਏ ਜਿਨ੍ਹਾਂ ਵਿੱਚ 669 ਆਰ.ਟੀ.ਪੀ.ਸੀ.ਆਰ. ਟੈਸਟ, 19 ਟਰੂਨਾਟ ਅਤੇ 258 ਐਂਟੀਜੇਨ ਟੈਸਟ ਸ਼ਾਮਲ ਹਨ। ਇਸੇ ਤਰ੍ਹਾਂ, 5 ਸਤੰਬਰ ਨੂੰ ਸਿਹਤ ਟੀਮਾਂ ਵੱਲੋਂ 855 ਨਮੂਨੇ ਲਏ ਗਏ ਜਿਨ੍ਹਾਂ ਵਿੱਚ 554 ਆਰ.ਟੀ.ਪੀ.ਸੀ.ਆਰ. ਟੈਸਟ, 23 ਟਰੂਨਾਟ ਅਤੇ 278 ਐਂਟੀਜਨ ਟੈਸਟ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹਿ-ਰੋਗ ਵਾਲੇ ਲੋਕਾਂ ਦੀ ਉੱਚ-ਜੋਖਮ ਵਾਲੀ ਆਬਾਦੀ ਨੂੰ ਕਵਰ ਕਰਨ ਲਈ ਸੈਂਪਲਿੰਗ ਟੀਮਾਂ ਦੀ ਗਿਣਤੀ ਹੁਣ 20 ਤੋਂ ਵਧਾ ਕੇ 26 ਕਰ ਦਿੱਤੀ ਗਈ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮਕਸਦ ਕੇਸ ਫੈਟਾਲਿਟੀ ਰੇਟ (ਸੀ.ਐਫ.ਆਰ.) ਨੂੰ ਨਿਯੰਤਰਣ ਵਿੱਚ ਰੱਖਣਾ ਹੈ। ਉਨ੍ਹਾਂ ਕਿਹਾ ਕਿ ਕੋਵਿਡ -19 ਮਾਮਲਿਆਂ ਵਿੱਚ ਵਾਧਾ ਹੋਣ ਦੇ ਬਾਵਜੂਦ ਜ਼ਿਲ੍ਹੇ ਵਿੱਚ ਮੌਜੂਦਾ ਸੀ.ਐਫ.ਆਰ. ਦਰ 1.92 ਫ਼ੀਸਦ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿਚ ਲੋਕ ਸਿਹਤਯਾਬ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਲਈ ਵਾਕ-ਇਨ ਟੈਸਟਿੰਗ ਅਤੇ ਘਰੇਲੂ ਇਕਾਂਤਵਾਸ ਕਰਨ ਦਾ ਨਵੇਕਲਾ ਢੰਗ ਅਪਣਾਇਆ ਹੈ। ਉਹਨਾਂ ਅੱਗੇ ਕਿਹਾ ਕਿ ਹੁਣ ਵਾਇਰਸ ਬਾਰੇ ਸ਼ੱਕ ਹੋਣ 'ਤੇ ਕੋਈ ਵੀ ਵਿਅਕਤੀ ਜ਼ਿਲ੍ਹੇ ਦੇ 9 ਫਲੂ ਕਾਰਨਰਾਂ ਵਿੱਚੋਂ ਕਿਸੇ 'ਚ ਵੀ ਜਾ ਸਕਦਾ ਹੈ ਅਤੇ ਜੇ ਉਹ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਘਰੇਲੂ ਇਕਾਂਤਵਾਸ ਲਈ ਸਵੈ-ਘੋਸ਼ਣਾ ਫਾਰਮ ਜਮ੍ਹਾਂ ਕਰ ਸਕਦਾ ਹੈ। ਸ੍ਰੀ ਦਿਆਲਨ ਨੇ ਅੱਗੇ ਕਿਹਾ ਅਜਿਹੇ ਮਾਮਲਿਆਂ ਵਿੱਚ, ਆਪਣੀ ਘੋਸ਼ਣਾ ਦੇ ਅਧਾਰ 'ਤੇ ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਦੀ ਆਗਿਆ ਦਿੱਤੀ ਜਾਵੇਗੀ ਅਤੇ ਸਿਹਤ ਟੀਮਾਂ ਰੋਜ਼ਾਨਾ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਗੀਆਂ। ਉਹਨਾਂ ਦੱਸਿਆ ਕਿ ਰੋਟੇਸ਼ਨ ਦੇ ਅਧਾਰ 'ਤੇ ਕੰਮ ਕਰਨ ਵਾਲੀਆਂ ਵਾਧੂ ਟੀਮਾਂ ਨਾਲ ਫਲੂ ਕਾਰਨਰਾਂ ਦੀ ਸਮਰਥਾ ਹੋਰ ਵਧਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਨੀਤੀ ਅਨੁਸਾਰ ਕੋਵਿਡ-19 ਮਰੀਜ਼ਾਂ ਦੇ ਘਰਾਂ ਦੇ ਬਾਹਰ ਕੋਈ ਵੀ ਇਕਾਂਤਵਾਸ ਸਟਿੱਕਰ ਨਹੀਂ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕੋਵਿਡ -19 ਮਹਾਂਮਾਰੀ ਨਾਲ ਪੈਦਾ ਹੋਈ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਮਰੀਜ਼ਾਂ ਲਈ ਲੋੜੀਂਦੇ ਬੈੱਡ ਉਪਲਬਧ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮੁਸ਼ਕਲ ਸਮੇਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਅੰਦਰ ਰਹਿਣ ਅਤੇ ਅਫ਼ਵਾਹਾਂ ਤੋਂ ਬਚਣ ਅਤੇ ਸੁਰੱਖਿਆ ਸਾਵਧਾਨੀਆਂ ਜਿਵੇਂ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਹੱਥ ਧੋਣਾ ਆਦਿ ਦੀ ਪਾਲਣਾ ਕਰਨ।