ਪਰਵਿੰਦਰ ਸਿੰਘ ਕੰਧਾਰੀ
- ਕੋਰੋਨਾ ਤੇ ਕਾਬੂ ਪਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਦੀ ਕੀਤੀ ਅਪੀਲ
- ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਹਫਤਾਵਾਰੀ ਫੇਸਬੁੱਕ ਪ੍ਰੋਗਰਾਮ ਰਾਹੀਂ ਹੋਏ ਜਿਲ੍ਹਾ ਵਾਸੀਆਂ ਨਾਲ ਰੂਬਰੂ
ਪੰਚਾਇਤਾਂ, ਸਵੈ ਸੇਵੀ/ਧਾਰਮਿਕ ਸੰਸਥਾਵਾਂ ਤੇ ਆਮ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਦੀ ਕੀਤੀ ਪ੍ਰਸੰਸਾ
ਫਰੀਦਕੋਟ, 17 ਸੰਤਬਰ 2020 - ਹੁਣ ਤੱਕ ਫਰੀਦਕੋਟ ਦੇ 1435 ਕੋਰੋਨਾ ਮਰੀਜ਼ਾਂ ਨੇ ਕੋਰੋਨਾ ਖਿਲਾਫ ਜੰਗ ਜਿੱਤ ਕੇ ਤੰਦਰੁਸਤ ਹੋ ਚੁੱਕੇ ਹਨ। ਜਦੋਂ ਕਿ 683 ਮਰੀਜ਼ ਵੱਖ ਵੱਖ ਕੋਵਿਡ ਕੇਅਰ ਸੈਂਟਰਾਂ, ਆਈਸੋਲੇਸ਼ਨ ਵਾਰਡਾਂ ਅਤੇ ਆਪਣੇ ਘਰਾਂ ਵਿੱਚ ਇਕਾਂਤਵਾਸ ਹੋ ਕੇ ਕੋਰੋਨਾ ਤੋਂ ਬਚਾਅ ਕਰ ਰਹੇ ਹਨ। ਸਿਹਤ ਵਿਭਾਗ ਵੱਲੋਂ ਹੁਣ ਤੱਕ 28338 ਲੋਕਾਂ ਦੀ ਸੈਪਲਿੰਗ ਕੀਤੀ ਗਈ ਹੈ ਅਤੇ ਹੁਣ ਤੱਕ ਪੂਰੇ ਜਿਲ੍ਹੇ ਵਿੱਚ 2151 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜਿਲ੍ਹਾ ਵਾਸੀਆਂ ਨਾਲ ਰੂ-ਬਰ-ਰੁ ਹੁੰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਇਕਾਂਤਵਾਸ ਅਤੇ ਇਲਾਜ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਗਈ ਹੈ ਤੇ ਹੁਣ ਕੋਰੋਨਾ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ ਆਪਣੇ ਘਰ ਵਿੱਚ ਹੀ ਇਕਾਂਤਵਾਸ ਹੋ ਸਕਦੇ ਹਨ। ਉਨ੍ਹਾਂ ਕੋਰੋਨਾ ਸੰਕਟ ਦੌਰਾਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਪੰਚਾਇਤਾਂ ਤੇ ਆਮ ਲੋਕਾਂ ਵੱਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਦਿੱਤੇ ਜਾ ਰਹੇ ਉਸਾਰੂ ਯੋਗਦਾਨ ਲਈ ਵੀ ਸਮੂਹ ਜਿਲ੍ਹਾ ਵਾਸੀਆਂ ਤੇ ਸੰਸਥਾਵਾਂ ਦਾ ਵੀ ਧੰਨਵਾਦ ਕਰਦਿਆਂ ਉਨ੍ਹਾਂ ਦੇ ਕੰਮ ਦੀ ਪ੍ਰਸੰਸਾ ਕੀਤੀ।
ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਜਾਂ ਜਾਣ ਪਛਾਣ ਵਿੱਚ ਕਿਸੇ ਵਿਅਕਤੀ ਵਿਚ ਖੰਘ, ਜ਼ੁਕਾਮ ਬੁਖਾਰ ਆਦਿ ਦੇ ਲੱਛਣ ਦਿਸਣ ਤਾਂ ਤੁਰੰਤ ਇਸ ਦਾ ਨੇੜੇ ਦੇ ਫਲੂ ਕਾਰਨਾਂ ਤੋਂ ਸੈਂਪਲ ਦੇ ਕੇ ਟੈਸਟ ਕਰਵਾਉਣ ਤਾਂ ਜੋ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਇਸ ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਰੋਨਾ ਦੀ ਜਾਂਚ ਦੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਂਦੀ ਤੇ ਇਹ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸਹਿਯੋਗ ਲਈ ਟੋਲ ਫਰੀ ਨੰ: 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।