ਮਨਪ੍ਰੀਤ ਸਿੰਘ ਜੱਸੀ
- ਅੰਮ੍ਰਿਤਸਰ: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਤੀਜੇ ਦਿਨ ਵੀ ਜਾਰੀ
ਅੰਮ੍ਰਿਤਸਰ, 26 ਸਤੰਬਰ 2020 - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਤੀਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ 'ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਨੰਗੇ ਧੜ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਕਾਫ਼ਲੇ ਟਰੈਕਟਰ, ਟਰਾਲੀਆਂ, ਕਾਰਾਂ, ਜੀਪਾਂ, ਬੱਸਾਂ ਅਤੇ ਮੋਟਰਸਾਈਕਲਾਂ 'ਤੇ ਪਿੰਡ ਦੇਵੀਦਾਸਪੁਰ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦਾ ਇਹ ਸੰਘਰਸ਼, ਜੋ 24 ਸਤੰਬਰ ਤੋਂ ਸ਼ੁਰੂ ਕੀਤਾ ਗਿਆ, ਇਹ ਧਰਨਾ 26 ਸਤੰਬਰ ਤੱਕ (48 ਘੰਟੇ) ਰੇਲ ਰੋਕੋ ਅੰਦੋਲਨ ਹੁਣ ਵਧਾ ਦਿੱਤਾ ਗਿਆ ਹੈ, ਜੋ ਕਿ ਹੁਣ ਨਵੇਂ ਪ੍ਰੋਗਰਾਮ ਤਹਿਤ 29 ਸਤੰਬਰ ਤੱਕ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਜੋ ਵੀ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ, ਉਸੇ ਤਹਿਤ ਹੀ ਅੱਗੇ ਵਧਿਆ ਜਾਵੇਗਾ। ਉਨ੍ਹਾਂ ਸੰਘਰਸ਼ 'ਚ ਸਾਥ ਦੇਣ ਵਾਲੀਆਂ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ।