- ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਹਰ ਸੰਘਰਸ਼ ਵਿਚ ਸਾਥ ਦੇਵੇਗੀ
ਅੰਮ੍ਰਿਤਸਰ, 27 ਸਤੰਬਰ 2020 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਵੱਲੋਂ ਆਰੰਭੇ ਗਏ ਸੰਘਰਸ਼ ਵਿਚ ਹਰ ਪੱਧਰ ’ਤੇ ਸ਼੍ਰੋਮਣੀ ਕਮੇਟੀ ਸਾਥ ਦੇਵੇਗੀ। ਭਾਈ ਲੌਂਗੋਵਾਲ ਨੇ ਆਖਿਆ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨਾਲ ਕਿਸਾਨਾਂ ਅੰਦਰ ਭਾਰੀ ਰੋਸ ਦੀ ਭਾਵਨਾ ਬਣੀ ਹੋਈ ਹੈ ਅਤੇ ਇਸ ਸੰਘਰਸ਼ ਦੌਰਾਨ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਕਿਸਾਨਾਂ ਦੇ ਨਾਲ ਹੈ।
ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਬੰਦ ਸਮੇਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਗਏ ਸਨ ਅਤੇ ਅੱਗੋਂ ਵੀ ਕਿਸਾਨਾਂ ਦੀ ਹਮਾਇਤ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਤੋਂ ਕਿਸਾਨ ਧਰਨਿਆਂ ਵਿਚ ਲੰਗਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਇਕੱਲੇ ਕਿਸਾਨਾਂ ਦੀ ਨਹੀਂ ਹੈ, ਸਗੋਂ ਹਰ ਵਰਗ ਦੀ ਹੈ। ਕਿਉਂਕਿ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ ਅਤੇ ਦੇਸ਼ ਦਾ ਹਰ ਬਸ਼ਿੰਦਾ ਸਿੱਧੇ-ਅਸਿੱਧੇ ਤਰੀਕੇ ਨਾਲ ਕਿਸਾਨੀ ਨਾਲ ਜੁੜਿਆ ਹੋਇਆ ਹੈ। ਜੇਕਰ ਦੇਸ਼ ਦੀ ਕਿਸਾਨੀ ਹੀ ਬਰਬਾਦ ਕਰ ਦਿੱਤੀ ਗਈ ਤਾਂ ਦੇਸ਼ ਦਾ ਪਿੱਛੇ ਜਾਣਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਲੇ ਬਿੱਲਾਂ ਨਾਲ ਪੰਜਾਬ ਨੂੰ ਸਭ ਤੋਂ ਵੱਡਾ ਨੁਕਸਾਨ ਹੋਵੇਗਾ, ਕਿਉਂਕਿ ਪੰਜਾਬ ਮੁੱਖ ਤੌਰ ’ਤੇ ਖੇਤੀ ਅਧਾਰਿਤ ਸੂਬਾ ਹੈ। ਕੇਂਦਰ ਸਰਕਾਰ ਦਾ ਇਹ ਕਿਸਾਨ ਮਾਰੂ ਫੈਸਲਾ ਕਿਸੇ ਤਰ੍ਹਾਂ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਸ ਸੰਕਟਮਈ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸਾਨ ਸੰਘਰਸ਼ ਵਿਚ ਹਰ ਤਰ੍ਹਾਂ ਨਾਲ ਹੈ ਅਤੇ ਕਿਸਾਨਾਂ ਦਾ ਹਰ ਪੱਧਰ ’ਤੇ ਸਾਥ ਦਿੱਤਾ ਜਾਵੇਗਾ।